ਬਾਬਾ ਫਰੀਦ ਗੁਰੂਕੁਲ ਕਾਲਜਿਜ ਵਿਖੇ ਸਪੀਕਰ ਸੰਧਵਾਂ ਜੇਤੂ ਖਿਡਾਰਨਾਂ ਨੂੰ ਕਰਨਗੇ ਇਨਾਮਾਂ ਦੀ ਵੰਡ

ਕੋਟਕਪੂਰਾ, 2 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 2026 (ਲੜਕੀਆਂ) ਦੀ ਸ਼ੁਰੂਆਤ ਅੱਜ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਵਿਖੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ਼ ਵਿੱਚ ਸ਼ੁਰੂ ਹੋਈ। ਵਿਸ਼ਵ ਗਤਕਾ ਫੈਡਰੇਸ਼ਨ ਅਤੇ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਸਮੇਤ ਗਿਆਨੀ ਸ਼ਮਸ਼ੇਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ (ਚੱਕਰਵਰਤੀ), ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ. ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਸਾਂਝੇ ਤੌਰ ’ਤੇ ਲੜਕੀਆਂ ਦੇ ਮੁਕਾਬਲੇ ਸ਼ੁਰੂ ਕਰਵਾਏ। ਇਸ ਮੌਕੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਸਮੇਤ ਰੈਫਰੀ ਕੌਂਸਲ ਨੂੰ ਅਨੁਸ਼ਾਸਨ ਅਤੇ ਨਿਰਪੱਖ ਜੱਜਮੈਂਟ ਸਬੰਧੀ ਸਹੁੰ ਚੁਕਾਈ ਗਈ। ਜ਼ਿਲ੍ਹਾ ਗਤਕਾ ਐਸੋਸੀਏਸ਼ਨ ਫਰੀਦਕੋਟ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਕੁਲਤਾਰ ਸਿੰਘ ਬਰਾੜ, ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ, ਜਨਰਲ ਸਕੱਤਰ ਤਲਵਿੰਦਰ ਸਿੰਘ, ਨੈਸ਼ਨਲ ਕੋਚ ਨਰਿੰਦਰਪਾਲ ਸਿੰਘ ਪਾਰਸ ਅਤੇ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਦੀ ਦੇਖ ਰੇਖ ਹੇਠ ਹੋ ਰਹੀ ਚੈਂਪੀਅਨਸ਼ਿਪ ਦੀ ਸਮਾਪਤੀ 3 ਮਈ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਗੁਰੂਕੁਲ ਕਾਲਜ ਵਿੱਚ ਹੋਵੇਗੀ, ਜਿੱਥੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਬਤੌਰ ਮੁੱਖ ਮਹਿਮਾਨ ਜੇਤੂ ਟੀਮਾਂ ਨੂੰ ਸਨਮਾਨਿਤ ਕਰਨਗੇ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਨੇ ਸਾਰਿਆਂ ਨੂੰ ਜੀ ਆਇਆਂ ਆਖਿਆ। ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਅਤੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਦਾ ਉਤਸ਼ਾਹ ਵਧਾਉਂਦਿਆਂ ਇਸ ਚੈਂਪੀਅਨਸ਼ਿਪ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਹਨਾ ਆਖਿਆ ਕਿ ਦੋਵੇਂ ਦਿਨ ਲੰਗਰ ਦੀ ਅਤੁੱਟ ਸੇਵਾ ਵੀ ਸ਼੍ਰੋਮਣੀ ਕਮੇਟੀ ਵਲੋਂ ਨਿਭਾਈ ਜਾਵੇਗੀ। ਸ੍ਰ ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ ਨੇ ਦੱਸਿਆ ਕਿ ਵਰਤਮਾਨ ਸਮੇਂ ਵਿੱਚ ਲੜਕੀਆਂ ਨੂੰ ਸਵੈ-ਰੱਖਿਆ ਅਤੇ ਜੰਗਜੂ ਕਲਾ ਵਿੱਚ ਨਿਪੁੰਨ ਕਰਨ ਦਾ ਕਾਰਜ ਸ਼ਲਾਘਾਯੋਗ ਹੈ। ਉਹਨਾ ਡਾ. ਮਨਜੀਤ ਸਿੰਘ ਢਿੱਲੋਂ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਅਤੇ ਵਿਦਿਅਕ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਬਹੁਮੁੱਲੀਆਂ ਸੇਵਾਵਾਂ ਦੀ ਵੀ ਭਰਪੂਰ ਪ੍ਰਸੰਸਾ ਕੀਤੀ। ਆਪਣੇ ਸੰਬੋਧਨ ਦੌਰਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਲੜਕੇ-ਲੜਕੀਆਂ ਨੂੰ ਗਤਕਾ ਕਲਾ ਦੇ ਨਾਲ-ਨਾਲ ਹੋਰ ਸਿੱਖ ਖੇਡਾਂ ਲਈ ਵੀ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਹਨਾ ਦੱਸਿਆ ਕਿ ਉਕਤ ਚੈਂਪੀਅਨਸ਼ਿਪ ਸੂਬੇ ਭਰ ਦੀਆਂ ਉਨ੍ਹਾਂ ਹੋਣਹਾਰ ਖਿਡਾਰਨਾਂ ਨੂੰ ਇੱਕ ਢੁਕਵਾਂ ਮੰਚ ਪ੍ਰਦਾਨ ਕਰੇਗੀ ਜੋ ਇਸ ਪ੍ਰਾਚੀਨ ਸਿੱਖ ਜੰਗਜੂ ਕਲਾ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ। ਇਹ ਪ੍ਰਤੀਯੋਗਤਾ ਯੁੱਧ ਕਲਾ, ਸਵੈ-ਜ਼ਾਬਤਾ, ਮਰਿਆਦਾ ਅਤੇ ਪ੍ਰੰਪਰਾ ਦਾ ਇੱਕ ਅਨੋਖਾ ਸੁਮੇਲ ਪੇਸ਼ ਕਰੇਗੀ। ਉਹਨਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 11 ਜ਼ਿਲਿ੍ਹਆਂ ਦੀਆਂ 250 ਤੋਂ ਵੱਧ ਲੜਕੀਆਂ ਵੱਖ-ਵੱਖ ਉਮਰ ਵਰਗਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ ਜਿਸ ਨਾਲ ਹਰ ਉਮਰ ਦੀਆਂ ਖਿਡਾਰਨਾਂ ਨੂੰ ਆਪਣੀ ਸਮਰੱਥਾ ਪਰਖਣ ਦਾ ਸੁਨਹਿਰੀ ਮੌਕਾ ਮਿਲੇਗਾ

Leave a Reply