ਕੋਟਕਪੂਰਾ, 11 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਹਾਈਕਮਾਂਡ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਸਮੇਤ ਕਈ ਚੀਜ਼ਾਂ ਦੀਆਂ ਕੀਮਤਾਂ ‘ਚ ਕੀਤੇ ਵਾਧੇ ਦਾ ਆਗੂਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸਲਾਹਕਾਰ ਬੋਰਡ ਦੇ ਮੈਂਬਰ ਕੁਲਬੀਰ ਸਿੰਘ ਮੱਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੀ ਕੈਬਨਿਟ ਮੀਟਿੰਗ ਦੌਰਾਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ, ਬਿਜਲੀ ਦੀਆਂ ਕੀਮਤਾਂ, ਰਜਿਸਟਰੀ ਫ਼ੀਸ, ਵਾਹਨਾਂ ਦੇ ਟੈਕਸ, ਬੱਸਾਂ ਦੇ ਕਿਰਾਏ ਆਦਿ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੇ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਜੱਥੇਬੰਦੀ ਦੇ ਆਗੂਆਂ ਵਲੋਂ ਮੁੱਖ ਮੰਤਰੀ ਦੇ ਨਾਂਅ ਜ਼ਿਲੇ ਦੇ ਡਿਪਟੀ ਕਮਿਸ਼ਨਰ ਨੂੰ 13 ਸਤੰਬਰ ਦਿਨ ਸ਼ੁਕਰਵਾਰ ਨੂੰ ਸਵੇਰੇ 9:30 ਵਜੇ ਮੰਗ ਪੱਤਰ ਸੌਂਪਿਆ ਜਾਵੇਗਾ।