ਕੋਟਕਪੂਰਾ, 30 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨਸ਼ਿਆਂ ਦੇ ਫੈਲਾਅ, ਗੈਂਗਸਟਰਵਾਦ, ਰੋਜ਼ ਚਲਦੀਆਂ ਗੋਲੀਆਂ, ਹੋ ਰਹੇ ਸ਼ਰ੍ਹੇਆਮ ਕਤਲਾਂ ਅਤੇ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਦੇ ਮਾਮਲੇ ‘ਚ ਹਰ ਮੋਰਚੇ ‘ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਪੰਜਾਬ ਸਰਕਾਰ ਨੂੰ ਪੰਜਾਬ ਦੀ ਜਨਤਾ ਨੂੰ ਜਵਾਬ ਦੇਣਾ ਹੀ ਪਵੇਗਾ, ਪਰ ਪੰਜਾਬ ਸਰਕਾਰ ਆਪਣੀ ਜਵਾਬਦੇਹੀ ਤੋਂ ਭੱਜ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਕਾਂਗਰਸ ਭਵਨ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਯੂਥ ਵਿਧਾਨ ਸਭਾ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ ਧਾਲੀਵਾਲ (ਹੈਪੀ ਰੋਮਾਣਾ) ਨੇ ਕਰਦਿਆਂ ਆਖਿਆ। ਉਹਨਾਂ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਵਿਧਾਨ ਸਭਾ ਦਾ ਸੈਸ਼ਨ ਸਿਰਫ਼ 8-10 ਮਿੰਟ ਹੀ ਚੱਲਿਆ, ਜਿਸ ‘ਚ ਨਾ ਤਾਂ ਪੰਜਾਬ ਦੀ ਗੱਲ ਹੋਈ ਅਤੇ ਨਾ ਹੀ ਸੂਬੇ ਦੇ ਮੁੱਦਿਆਂ ‘ਤੇ ਕੋਈ ਚਰਚਾ ਹੋਈ, ਇਸ ਨਾਲ ਜਨਤਾ ਦੇ ਲੱਖਾਂ-ਕਰੋੜਾਂ ਰੁਪਏ ਬਰਬਾਦ ਕੀਤੇ ਗਏ। ਨਸ਼ਾ ਪੰਜਾਬ ਦੀ ਜਵਾਨੀ ਨੂੰ ਨਿਗਲ ਰਿਹਾ ਹੈ, ਨਸ਼ਿਆਂ ਖ਼ਿਲਾਫ਼ ਉੱਠਣ ਵਾਲੀਆਂ ਆਵਾਜ਼ਾਂ ਨੂੰ ਦਬਾਇਆ ਜਾ ਰਿਹਾ ਹੈ ਅਤੇ ਹਰ ਰੋਜ਼ ਗੋਲੀਆਂ ਚੱਲ ਰਹੀਆਂ ਹਨ ਤੇ ਕਤਲ ਹੋ ਰਹੇ ਹਨ। ਸੰਦੀਪ ਸਿੰਘ ਸੰਧੂ ਅਤੇ ਮਨਜਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਨਸ਼ਾ, ਗੈਂਗਸਟਰਵਾਦ, ਫਿਰੌਤੀ ਅਤੇ ਵਿਗੜਦੀ ਕਾਨੂੰਨ ਵਿਵਸਥਾ ਦੇ ਮੁੱਦਿਆਂ ‘ਤੇ ਸਰਕਾਰ ਨੂੰ ਜਵਾਬ ਦੇਣਾ ਹੀ ਪਵੇਗਾ।

