ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ, ਹੈਲਮੇਟ ਤੇ ਸੀਟ ਬੈਲਟ ਦੇ ਲਾਭਾਂ ਅਤੇ ਟਰੈਫਿਕ ਸੰਕੇਤਾਂ ਬਾਰੇ ਜਾਗਰੂਕ ਕੀਤਾ

ਕੋਟਕਪੂਰਾ, 27 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)

ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਮੁਹੱਲਿਆਂ ਵਿੱਚ ਬੱਚਿਆਂ ਨੂੰ ਸੁਰੱਖਿਅਤ, ਜਾਗਰੂਕ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਦੇ ਉਦੇਸ਼ ਨਾਲ ਇੱਕ ਪ੍ਰੇਰਨਾਦਾਇਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਮਨਵਿੰਦਰ ਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਰੀਦਕੋਟ ਪੁਲਿਸ ਵੱਲੋਂ ਵੱਖ-ਵੱਖ ਵਿਦਿਆਕ ਸੰਸਥਾਵਾਂ ਵਿੱਚ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸਾਂਝ ਸਟਾਫ ਜੈਤੋ ਅਤੇ ਜ਼ਿਲ੍ਹਾ ਟਰੈਫਿਕ ਵਿੰਗ ਫਰੀਦਕੋਟ ਵੱਲੋਂ ਸਾਂਝੇ ਤੌਰ ਤੇ ਸ਼ਿਵਾਲਿਕ ਪਬਲਿਕ ਸਕੂਲ, ਜੈਤੋ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਰੁਚੀ ਨਾਲ ਭਾਗ ਲਿਆ। ਸੈਮੀਨਾਰ ਦੌਰਾਨ ਬੱਚਿਆਂ ਨੂੰ ਬਾਲ ਸ਼ੋਸ਼ਣ, ਗੁੱਡ ਟੱਚ ਅਤੇ ਬੈਡ ਟੱਚ, ਸਾਈਬਰ ਕ੍ਰਾਈਮ, ਐਮਰਜੈਂਸੀ ਹੈਲਪਲਾਈਨ ਨੰਬਰਾਂ ਅਤੇ ਟਰੈਫਿਕ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਆਵਾਜਾਈ ਸੰਕੇਤਾਂ, ਸੜਕ ਸੁਰੱਖਿਆ ਨਿਯਮਾਂ ਅਤੇ ਜ਼ਿੰਮੇਵਾਰ ਡਰਾਈਵਿੰਗ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਦੋ-ਪਹੀਆ ਵਾਹਨਾਂ ’ਤੇ ਹੈਲਮੈਟ ਪਹਿਨਣ, ਸੀਟ ਬੈਲਟ ਲਾਉਣ, ਨਾਬਾਲਗਾਂ ਵੱਲੋਂ ਵਾਹਨ ਨਾ ਚਲਾਉਣ, ਤੇਜ਼ ਰਫ਼ਤਾਰ ਤੋਂ ਬਚਣ ਅਤੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਵਰਗੇ ਅਹਿਮ ਵਿਸ਼ਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਖ਼ਾਸ ਤੌਰ ’ਤੇ ਸਕੂਲ ਬੱਸ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਅਤੇ ਟਰੈਫਿਕ ਨਿਯਮਾਂ ਸਬੰਧੀ ਬਾਰੀਕੀ ਨਾਲ ਜਾਣੂ ਕਰਵਾਇਆ ਗਿਆ, ਤਾਂ ਜੋ ਸਕੂਲੀ ਬੱਚਿਆਂ ਦੀ ਯਾਤਰਾ ਨੂੰ ਹੋਰ ਵੀ ਸੁਰੱਖਿਅਤ ਬਣਾਇਆ ਜਾ ਸਕੇ। ਨਾਲ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਹੈਲਪਲਾਈਨ ਨੰਬਰ 112 ਅਤੇ ਸੇਫ ਪੰਜਾਬ ਐਂਟੀ-ਡਰੱਗ ਹੈਲਪਲਾਈਨ ਨੰਬਰ 97791-00200 ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਇੰਸਪੈਕਟਰ ਵਕੀਲ ਸਿੰਘ ਇੰਚਾਰਜ ਜ਼ਿਲ੍ਹਾ ਟਰੈਫਿਕ ਫਰੀਦਕੋਟ, ਸਹਾਇਕ ਥਾਣੇਦਾਰ ਸਤਪਾਲ ਸਿੰਘ ਇੰਚਾਰਜ ਸਾਂਝ ਸਟਾਫ ਜੈਤੋ ਸਮੇਤ ਟਰੈਫਿਕ ਵਿੰਗ ਅਤੇ ਸਾਂਝ ਸਟਾਫ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ। ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵੱਲੋਂ ਫਰੀਦਕੋਟ ਪੁਲਿਸ ਦੁਆਰਾ ਚਲਾਈ ਜਾ ਰਹੀ ਇਸ ਜਾਗਰੂਕਤਾ ਮੁਹਿੰਮ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਗਿਆ ਕਿ ਅਜਿਹੇ ਉਪਰਾਲੇ ਨਾ ਸਿਰਫ਼ ਵਿਦਿਆਰਥੀਆਂ ਨੂੰ ਸੁਰੱਖਿਆ ਅਤੇ ਜਾਗਰੂਕਤਾ ਪ੍ਰਦਾਨ ਕਰਦੇ ਹਨ, ਸਗੋਂ ਉਨ੍ਹਾਂ ਨੂੰ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਸਮਝਣ ਅਤੇ ਚੰਗੇ ਨਾਗਰਿਕ ਬਣਨ ਲਈ ਵੀ ਪ੍ਰੇਰਿਤ ਕਰਦੇ ਹਨ।


Comments

Leave a Reply

Your email address will not be published. Required fields are marked *

This site uses Akismet to reduce spam. Learn how your comment data is processed.