ਕੋਟਕਪੂਰਾ, 22 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਸੁਧਾਰ ਕਰਨ ਅਤੇ ਨੁਹਾਰ ਬਦਲਣ ਦੇ ਮਕਸਦ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਨਵੇਂ ਕਮਰੇ ਅਤੇ ਕਈ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਇੱਥੋਂ ਥੋੜੀ ਦੂਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀਵਨ ਵਾਲਾ ਵਿਖੇ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵੱਲੋਂ ਸਕੂਲ ਵਿੱਚ ਬਣਾਏ ਗਏ ਨਵੇਂ ਅਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕਰਨ ਸਮੇਂ ਸਕੂਲ ਵਿੱਚ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਵਿਕਾਸ ਅਰੋੜਾ ਨੇ ਆਪਣੇ ਸੰਬੋਧਨ ਵਿੱਚ ਸਮਾਗਮ ਦੇ ਮੁੱਖ ਮਹਿਮਾਨ ਅਮੋਲਕ ਸਿੰਘ ਵਿਧਾਇਕ ਜੈਤੋ, ਸਮੁੱਚੀ ਗ੍ਰਾਮ ਪੰਚਾਇਤ, ਸਕੂਲ ਪ੍ਰਬੰਧਕ ਕਮੇਟੀ ਅਤੇ ਸਮਾਗਮ ਵਿੱਚ ਹਾਜ਼ਰ ਹੋਰ ਪਤਵੰਤਿਆਂ ਨੂੰ ਜੀ ਆਇਆਂ ਕਿਹਾ ਅਤੇ ਆਪਣੇ ਸਕੂਲ ਦੀਆਂ ਵਿਦਿਅਕ ਅਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਕੀਤੀਆਂ ਗਈਆਂ ਪ੍ਰਾਪਤੀਆਂ ਹਾਜ਼ਰੀਨ ਨਾਲ ਸਾਂਝੀਆਂ ਕੀਤੀਆਂ। ਉਹਨਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦੇ ਮੁੱਖ ਮਹਿਮਾਨ ਅਮੋਲਕ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਕਾਰੀ ਸਕੂਲਾਂ ਦੀ ਭੌਤਿਕ ਸਹੂਲਤਾਂ ਵਿੱਚ ਸੁਧਾਰ ਹੋਣ ਨਾਲ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮੁਹੱਈਆ ਕਰਨ ਦਾ ਮਾਹੌਲ ਪ੍ਰਦਾਨ ਹੋਵੇਗਾ, ਨਵੇਂ ਕਲਾਸ ਰੂਮ ਨਾਲ ਵਿਦਿਆਰਥੀਆਂ ਨੂੰ ਕਾਫ਼ੀ ਸੁਵਿਧਾ ਮਿਲੇਗੀ ਅਤੇ ਪੜ੍ਹਾਈ ਦੇ ਮਿਆਰ ਵਿਚ ਹੋਰ ਸੁਧਾਰ ਆਵੇਗਾ। ਸਮਾਗਮ ਦੌਰਾਨ ਸਕੂਲ ਦੇ ਲੈਕਚਰਾਰ ਆਤਮਾ ਸਿੰਘ ਨੇ ਸਕੂਲ ਦੀਆਂ ਜ਼ਰੂਰਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਉਪਰੰਤ ਸਮਾਗਮ ਦੇ ਮੁੱਖ ਮਹਿਮਾਨ ਵਿਧਾਇਕ ਅਮੋਲਕ ਸਿੰਘ ਨੇ ਮੌਕੇ ’ਤੇ ਹੀ ਸਕੂਲ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵਾਅਦਾ ਕੀਤਾ। ਇਸ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਪੰਨਾ ਲਾਲ, ਦੀਪਕ ਸਿੰਘ ਪ੍ਰਿੰਸੀਪਲ, ਕਪਿਲ ਗੋਇਲ ਮੁੱਖ ਅਧਿਆਪਕ, ਵਿਨੈ ਗੋਇਲ, ਬਲਦੇਵ ਸਿੰਘ ਸਰਪੰਚ ਜੀਵਨਵਾਲਾ ਅਤੇ ਸਮੂਹ ਪੰਚਾਇਤ ਮੈਂਬਰ, ਕਰਮਜੀਤ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਪਰਸਨ ਜਸਵਿੰਦਰ ਕੌਰ ਅਤੇ ਸਮੂਹ ਮੈਂਬਰ, ਵਿਦਿਆਰਥੀਆਂ ਦੇ ਮਾਪੇ ਅਤੇ ਸਕੂਲ ਦੇ ਸਮੂਹ ਸਟਾਫ ਮੈਂਬਰਜ਼ ਹਾਜ਼ਰ ਸਨ।

