ਕੋਟਕਪੂਰਾ/ਜੈਤੋ, 5 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਆਦਿ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ‘ਲਾਈਟ ਐਂਡ ਸਾਊਂਡ’ ਸਮਾਗਮ 8 ਨਵੰਬਰ 2025 (ਸ਼ਨੀਵਾਰ) ਨੂੰ ਸ਼ਾਮ 6 ਤੋਂ 8 ਵਜੇ ਤੱਕ ਨਹਿਰੂ ਸਟੇਡੀਅਮ, ਫ਼ਰੀਦਕੋਟ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਅਮੋਲਕ ਸਿੰਘ ਵਿਧਾਇਕ ਜੈਤੋ ਨੇ ਦਿੱਤੀ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰ ਸਮੇਤ ਸ਼ਿਰਕਤ ਕਰਨ। ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਇਹ ਵਿਲੱਖਣ ਸਮਾਗਮ ਸਾਡੇ ਮਹਾਨ ਗੁਰੂ ਸਾਹਿਬਾਨ ਤੇ ਸ਼ਹੀਦਾਂ ਦੀਆਂ ਅਮਰ ਕੁਰਬਾਨੀਆਂ ਨੂੰ ਯਾਦ ਕਰਨ ਅਤੇ ਨਵੀਂ ਪੀੜ੍ਹੀ ਨੂੰ 111 ਆਪਣੇ ਧਾਰਮਿਕ ਤੇ ਇਤਿਹਾਸਕ ਵਿਰਸੇ ਨਾਲ ਜੋੜਨ ਦਾ ਅਹਿਮ ਮੌਕਾ ਹੈ। ਸਮਾਗਮ ਵਿੱਚ ਰੌਸ਼ਨੀ ਅਤੇ ਆਵਾਜ਼ ਰਾਹੀਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਲਿਦਾਨਮਈ ਜੀਵਨ ਅਤੇ ਉਨ੍ਹਾਂ ਦੀ ਅਡਿੱਗ ਸ਼ਰਧਾ ਦੀ ਝਲਕ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੇ ਸਮਾਗਮਾਂ ਰਾਹੀਂ ਲੋਕਾਂ ਵਿੱਚ ਧਰਮ, ਸੱਭਿਆਚਾਰ ਅਤੇ ਕੌਮੀ ਏਕਤਾ ਦੀ ਭਾਵਨਾ ਮਜ਼ਬੂਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨਾਂ ਦੀ ਕੁਰਬਾਨੀ ਮਨੁੱਖਤਾ, ਸਹਿਨਸ਼ੀਲਤਾ ਅਤੇ ਸੱਚ ਦੀ ਰਾਹ ਤੇ ਤੁਰਨ ਦਾ ਪ੍ਰੇਰਣਾਸਰੋਤ ਹੈ। ਅੰਤ ਵਿੱਚ ਉਨ੍ਹਾਂ ਸਾਰੇ ਜਿਲ੍ਹਾ ਵਾਸੀਆਂ, ਵਿਦਿਆਰਥੀਆਂ, ਨੌਜਵਾਨਾਂ, ਅਧਿਆਪਕਾਂ ਅਤੇ ਸਮਾਜ ਸੇਵਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਸਮੇਤ 8 ਨਵੰਬਰ ਦੀ ਸ਼ਾਮ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਪਹੁੰਚ ਕੇ ਇਸ ਪਵਿੱਤਰ ਅਤੇ ਪ੍ਰੇਰਣਾਦਾਇਕ ਸਮਾਗਮ ਨੂੰ ਸਫਲ ਬਣਾਉਣ।

