ਜੈਤੋ/ਕੋਟਕਪੂਰਾ, 11 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਹਲਕੇ ਦੇ ਪਿੰਡ ਬਰਗਾੜੀ ਵਿਖੇ ਬੌਰੀਆ ਸਿੱਖ ਬਸਤੀ ਅਤੇ ਗੋਂਦਾਰਾ ਢਾਣੀ ’ਚ ਇੰਟਰਲਾਕ ਟਾਈਲਾਂ ਲਾਉਣ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਰਨ ਵਿਚ ਵਿਸ਼ੇਸ਼ ਤਵੱਜੋਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਨਿਵਾਸੀਆਂ ਦੀਆਂ ਮੰਗਾਂ ਅਨੁਸਾਰ ਹੀ ਸਾਰੇ ਵਿਕਾਸ ਪ੍ਰਾਜੈਕਟ ਤਿਆਰ ਕੀਤੇ ਜਾ ਰਹੇ ਹਨ। ਹਲਕੇ ਵਿਚ ਬਹੁਤ ਸਾਰੇ ਵਿਕਾਸ ਕਾਰਜ ਜਿੱਥੇ ਮੁਕੰਮਲ ਹੋ ਚੁੱਕੇ ਹਨ ਉੱਥੇ ਕਈ ਵੱਡੇ ਪ੍ਰਾਜੈਕਟਾਂ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸ਼ਹਿਰ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਲਈ ਨਿਰੰਤਰ ਯਤਨ ਕਰ ਰਹੀ ਹੈ। ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੇ ਹਲਕੇ ਦੇ ਵਿਕਾਸ ਲਈ ਯਤਨ ਕਰ ਰਹੇ ਹਨ, ਜੇਕਰ ਉਨ੍ਹਾਂ ਦੇ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਸ ਪਿੰਡ ਦਾ ਵਿਕਾਸ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਪੂਰਾ ਕਰਨ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ।
