ਨਸ਼ਿਆਂ ਵਿਰੁੱਧ ਜੰਗ ਵਿੱਚ ਪੰਚਾਇਤਾਂ ਅਤੇ ਆਮ ਲੋਕਾਂ ਦਾ ਮੰਗਿਆ ਸਹਿਯੋਗ
ਕੋਟਕਪੂਰਾ, 25 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਅਤੇ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਨੇੜਲੇ ਪਿੰਡ ਧੂੜਕੋਟ ਵਿਖੇ ਪਿੰਡ ਦੀ ਫਿਰਨੀ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਅੱਜ ਪਿੰਡ ਧੂੜਕੋਟ ਵਿਖੇ 58 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗੀ। ਇਸ ਨਾਲ ਪਿੰਡ ਦੇ ਲੋਕਾਂ ਦੇ ਨਾਲ ਨਾਲ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਵੀ ਬਹੁਤ ਲਾਭ ਪਹੁੰਚੇਗਾ। ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਵਲੋਂ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਗੱਲ ਕਰਦਿਆਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀ ਨਸ਼ਿਆਂ ਵਿਰੁੱਧ ਇਸ ਜੰਗ ਵਿਚ ਵੱਧ-ਚੜ੍ਹ ਕੇ ਸਹਿਯੋਗ ਕਰਨ ਅਤੇ ਜੋ ਵੀ ਨਸ਼ਾ ਤਸਕਰ ਪਿੰਡ ਵਿੱਚ ਨਸ਼ਾ ਵੇਚਦਾ ਪਾਇਆ ਜਾਂਦਾ ਹੈ, ਉਸ ਵਿਰੁੱਧ ਪੰਚਾਇਤੀ ਮਤਾ ਪਾ ਕੇ ਪਿੰਡ ਵਾਸੀ ਉਸ ਦਾ ਬਾਈਕਾਟ ਕਰਨ। ਉਨ੍ਹਾਂ ਕਿਹਾ ਕਿ ਨਸ਼ੇ ਦੀ ਕਰੋਪੀ ਦੇ ਖਾਤਮੇ ਅਤੇ ਭਿ੍ਰਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਸਭ ਦੇ ਸਹਿਯੋਗ ਨਾਲ ਹੀ ਇਸ ਜੰਗ ਨੂੰ ਜਿੱਤਿਆ ਜਾ ਸਕਦਾ ਹੈ। ਇਸ ਮੌਕੇ ਰਾਜਵਿੰਦਰ ਸਿੰਘ ਖੋਸਾ ਸੂਬਾ ਵਾਇਸ ਪ੍ਰਧਾਨ ਬੀਸੀ ਵਿੰਗ ਪੰਜਾਬ, ਗੁਰਮੀਤ ਸਿੰਘ ਬਲਾਕ ਪ੍ਰਧਾਨ, ਜਗਰੂਪ ਸਿੰਘ ਸਰਪੰਚ, ਸੁਖਜੀਤ ਸਿੰਘ ਸਰਪੰਚ,ਸੇਵਕ ਸਿੰਘ ਜਿਲਾ ਮੀਤ ਪ੍ਰਧਾਨ, ਗੁਰਮੀਤ ਸਿੰਘ ਬਲਾਕ ਪ੍ਰਧਾਨ, ਰਾਜਦੀਪ ਸਿੰਘ, ਸੁਖਜੀਤ ਸਿੰਘ, ਸਾਮਰ ਬਰਾੜ, ਗੁਰਭੇਜ ਸਿੰਘ,ਚਰਨਜੀਤ ਸਿੰਘ, ਹਰਚੰਦ ਸਿੰਘ, ਗੁਰਮੀਤ ਬਰਾੜ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜਰ ਸਨ।

