ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਸੰਧਵਾਂ
ਰਵਾਇਤੀ ਪਾਰਟੀਆਂ ਛੱਡ ਕੇ ਦੋ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ
ਕੋਟਕਪੂਰਾ, 13 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਭਾਣਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ, ਵਿਕਾਸ ਕਾਰਜਾਂ ਅਤੇ ਸੂਬੇ ਵਿੱਚ ਲਿਆਂਦੀਆਂ ਜਾ ਰਹੀਆਂ ਤਬਦੀਲੀਆਂ ਬਾਰੇ ਵਰਕਰਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ, ਜਿਨ੍ਹਾਂ ਦੀ ਕਿਰਪਾ ਸਦਕਾ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਮਾਣ ਅਤੇ ਭਰੋਸਾ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖ਼ਜ਼ਾਨਾ ਲੋਕਾਂ ਦਾ ਹੈ ਅਤੇ ਇਸ ਦੀ ਵਰਤੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਹੀ ਹੋਣੀ ਚਾਹੀਦੀ ਹੈ। ਮੌਜੂਦਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਮੁਫ਼ਤ ਬਿਜਲੀ ਸਮੇਤ ਵੱਖ-ਵੱਖ ਲੋਕ ਭਲਾਈ ਸਹੂਲਤਾਂ ਮੁਹੱਈਆ ਕਰਵਾ ਕੇ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਅਜਿਹੇ ਘਿਨਾਉਣੇ ਅਪਰਾਧਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਾਨੂੰਨ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਵਿਸ਼ਵਾਸ ਦੀ ਰੱਖਿਆ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਨਿਰੰਤਰ ਰਾਬਤਾ ਬਣਾਈ ਰੱਖਣ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਵਿਕਾਸ ਕਾਰਜਾਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਲੋਕਾਂ ਦੀ ਸੇਵਾ ਕਰਨਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਭਾਣਾ ਦੇ ਦੋ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਸਪੀਕਰ ਸੰਧਵਾਂ ਨੇ ਦੋਵਾਂ ਪਰਿਵਾਰਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਲੋਕਾਂ ਦੀ ਸ਼ਮੂਲੀਅਤ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ। ਇਸ ਮੌਕੇ ਬਲਦੇਵ ਸਿੰਘ ਸਰਪੰਚ, ਗੁਰਮੇਲ ਸਿੰਘ ਬਰਾੜ, ਗੁਰਦੇਵ ਸਿੰਘ ਮੈਂਬਰ, ਟਹਿਲ ਸਿੰਘ ਬਰਾੜ, ਬੋਗਾ ਸਿੰਘ ਅਕਾਲੀ, ਕੁਲਵੰਤ ਸਿੰਘ ਬਰਾੜ, ਬਲੌਰ ਸਿੰਘ ਗਿੱਲ, ਜੋਗਿੰਦਰ ਸਿੰਘ ਮੈਂਬਰ, ਕਾਰਜ ਸਿੰਘ ਮੈਂਬਰ, ਪੱਪੂ ਸਿੰਘ ਧਾਲੀਵਾਲ, ਇਕਬਾਲ ਸਿੰਘ ਬਰਾੜ, ਜਗਜੀਤ ਸਿੰਘ ਜੱਗਾ ਧਾਲੀਵਾਲ, ਚਰਨਜੀਤ ਸਿੰਘ, ਸੁੱਖਵਿੰਦਰ ਸਿੰਘ, ਗੁਰਤੇਜ ਸਿੰਘ, ਜੋਗਿੰਦਰ ਸਿੰਘ, ਸੋਹਣ ਸਿੰਘ ਧਾਲੀਵਾਲ, ਜਾਗੀਰ ਸਿੰਘ ਖਾਲਸਾ, ਬੱਬੂ ਸਿੰਘ ਗਿੱਲ ਤੋਂ ਇਲਾਵਾ ਹੋਰ ਹਾਜ਼ਰ ਸਨ।

