ਪੰਜਾਬ ਸਰਕਾਰ ਬਜ਼ੁਰਗਾਂ ਅਤੇ ਲੋੜਵੰਦਾਂ ਦੀ ਧਾਰਮਿਕ ਯਾਤਰਾ ਦੀ ਇੱਛਾ ਪੂਰੀ ਕਰ ਰਹੀ ਹੈ: ਸੰਧਵਾਂ
ਕੋਟਕਪੂਰਾ 19 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਵੱਖ-ਵੱਖ ਪਿੰਡਾਂ ਢਾਬ ਗੁਰੂ ਕੀ, ਨਾਨਕਸਰ, ਕੁਹਾਰਵਾਲਾ, ਮੋਰਾਂਵਾਲੀ, ਮੰਡਵਾਲਾ, ਚੰਦਬਾਜਾ, ਧੂੜਕੋਟ ਦਾ ਦੌਰਾ ਕਰਕੇ ’ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਯਾਤਰਾ ਦੌਰਾਨ ਮਿਲੀਆਂ ਸਹੂਲਤਾਂ ਬਾਰੇ ਉਨ੍ਹਾਂ ਦੇ ਤਜਰਬੇ ਸਾਂਝੇ ਕੀਤੇ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਦਾ ਮੁੱਖ ਉਦੇਸ਼ ਉਨ੍ਹਾਂ ਬਜ਼ੁਰਗਾਂ ਅਤੇ ਲੋੜਵੰਦ ਸ਼ਰਧਾਲੂਆਂ ਦੀ ਇੱਛਾ ਪੂਰੀ ਕਰਨਾ ਸੀ, ਜੋ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਮੁਲਾਕਾਤ ਦੌਰਾਨ ਯਾਤਰਾ ਦਾ ਲਾਭ ਲੈਣ ਵਾਲੇ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਸਪੀਕਰ ਸੰਧਵਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧ ਬਹੁਤ ਹੀ ਸ਼ਲਾਘਾਯੋਗ ਸਨ ਅਤੇ ਉਨ੍ਹਾਂ ਨੂੰ ਯਾਤਰਾ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਹੀਂ ਆਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ, ਮੈਡੀਕਲ ਸਹੂਲਤਾਂ, ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਅਤੇ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅਹਿਮ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਮੌਕੇ ਪਿੰਡ ਦੇ ਸਰਪੰਚ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

