ਕੋਟਕਪੂਰਾ 19 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਪ੍ਰਮੁੱਖ ਚੌਕਾਂ ਅਤੇ ਜਨਤਕ ਥਾਵਾਂ ’ਤੇ 40 ਦੇ ਕਰੀਬ ਸੀ.ਸੀ.ਟੀ.ਵੀ. ਕੈਮਰੇ ਲਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਬਿਹਤਰ ਬਣਾਉਣਾ, ਟਰੈਫਿਕ ਵਿਵਸਥਾ ਨੂੰ ਸੁਚਾਰੂ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਆਧੁਨਿਕ ਤਕਨੀਕ ਵਾਲੇ ਇਹ ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਜਿੱਥੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਵੇਗੀ, ਉੱਥੇ ਹੀ ਔਰਤਾਂ, ਬਜ਼ੁਰਗਾਂ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ। ਸ. ਸੰਧਵਾਂ ਨੇ ਅੱਗੇ ਕਿਹਾ ਕਿ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ ਸਿੱਧੀ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਜਾਵੇਗੀ, ਜਿਸ ਨਾਲ ਕਿਸੇ ਵੀ ਅਣਸੁਖਾਵੀਂ ਘਟਨਾ ਵਾਪਰਨ ਦੀ ਸੂਰਤ ਵਿੱਚ ਤੁਰਤ ਕਾਰਵਾਈ ਕਰਨੀ ਸੰਭਵ ਹੋ ਸਕੇਗੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸੁਰੱਖਿਅਤ ਅਤੇ ਸਾਫ਼-ਸੁਥਰਾ ਰੱਖਣ ਵਿੱਚ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹਲਕੇ ਦੇ ਵਿਕਾਸ ਲਈ ਸੜਕਾਂ ਦੇ ਨਿਰਮਾਣ ਕਾਰਜ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ ਅਤੇ ਰਹਿੰਦੇ ਕੰਮ ਨੂੰ ਜਲਦ ਪੂਰਾ ਕਰ ਲਿਆ ਜਾਵੇਗਾ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਗੁਰਮੀਤ ਸਿੰਘ ਆਰੇਵਾਲਾ, ਚੇਅਰਮੈਨ ਵਪਾਰ ਮੰਡਲ ਨਰੇਸ਼ ਸਿੰਗਲਾ, ਸੁਖਜਿੰਦਰ ਸਿੰਘ ਤੱਖੀ ਵਾਈਸ ਪ੍ਰਧਾਨ ਨਗਰ ਕੌਂਸਲ ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
