ਕੋਟਕਪੂਰਾ, 20 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਸ਼ਹਿਰ ਦੇ ਜੀਵਨ ਸਿੰਘ ਨਗਰ ਵਾਰਡ ਨੰਬਰ 6 ਅਤੇ 7 ਵਿੱਚ 96.24 ਲੱਖ ਰੁਪਏ ਅਤੇ ਰਾਮਵਣ ਸਟਰੀਟ ਵਾਰਡ ਨੰਬਰ 5 ਵਿੱਚ 14.42 ਲੱਖ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ ਅਤੇ ਗਲੀਆਂ-ਰਸਤਿਆਂ ਦੀ ਹਾਲਤ ਵਿੱਚ ਸੁਧਾਰ ਆਵੇਗਾ। ਸਪੀਕਰ ਸੰਧਵਾਂ ਨੇ ਕਿਹਾ ਕਿ ਪਿਛਲੇ 20-25 ਸਾਲਾਂ ਤੋਂ ਜਿਹੜੇ ਵਿਕਾਸ ਕਾਰਜ ਅਟਕੇ ਹੋਏ ਸਨ, ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਤਰਜੀਹੀ ਅਧਾਰ ’ਤੇ ਪੂਰੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਸਿੱਖਾਂਵਾਲਾ ਵਿੱਚ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਚੱਲ ਰਹੇ ਹਨ ਅਤੇ ਇਸ ਤੋਂ ਇਲਾਵਾ ਕਰੀਬ 2.50 ਕਰੋੜ ਰੁਪਏ ਦੇ ਹੋਰ ਵਿਕਾਸ ਪ੍ਰੋਜੈਕਟ ਵੀ ਅਮਲ ਵਿੱਚ ਲਿਆਂਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਟਕਪੂਰਾ ਸ਼ਹਿਰ ਵਿੱਚ ਹੁਣ ਤੱਕ ਕਰੋੜਾਂ ਰੁਪਏ ਦੀ ਲਾਗਤ ਨਾਲ ਕਈ ਅਹਿਮ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਭਲਕੇ ਲਗਭਗ 9.50 ਕਰੋੜ ਰੁਪਏ ਦੀ ਲਾਗਤ ਵਾਲੇ ਹੋਰ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਕੰਮ ਨਿਰਧਾਰਤ ਮਿਆਰਾਂ ਅਨੁਸਾਰ ਉੱਚ ਗੁਣਵੱਤਾ ਨਾਲ ਅਤੇ ਮਿੱਥੇ ਸਮੇਂ ਅੰਦਰ ਪੂਰੇ ਕਰਵਾਏ ਜਾਣਗੇ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ, ਆਮ ਆਦਮੀ ਪਾਰਟੀ ਦੇ ਆਗੂ, ਇਲਾਕੇ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਹਾਜ਼ਰ ਸਨ।
