ਕੋਟਕਪੂਰਾ, 1 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਦੀ ਫੇਰੀ ਦੌਰਾਨ ਜਿੱਥੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਅਤੇ ਪਹਿਲਾਂ ਜਾਰੀ ਕੀਤੇ ਹੁਕਮਾਂ ਦੀ ਸਮੀਖਿਆ ਕੀਤੀ, ਉੱਥੇ ਨਾਲ ਹੀ ਨਗਰ ਕੌਂਸਲ ਕੋਟਕਪੂਰਾ ਦੇ ਅਧਿਕਾਰੀਆਂ, ਕਰਮਚਾਰੀਆਂ ਸਮੇਤ ਐੱਸ.ਡੀ.ਐੱਮ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਪੂਰਾ ਜ਼ੋਰ ਬੱਚਿਆਂ ਨੂੰ ਮੁਹੱਈਆ ਕੀਤੀ ਜਾ ਰਹੀ ਸਿੱਖਿਆ, ਖੇਡਾਂ, ਸਿਹਤ ਤੋਂ ਇਲਾਵਾ ਸਾਫ-ਸਫਾਈ ਵਲੋਂ ਵੀ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਸ਼ਹਿਰ ਦੇ ਹਰ ਵਾਰਡ ਨੂੰ ਸਾਫ-ਸੁਥਰਾ ਰੱਖਣ ਲਈ ਫੰਡਾਂ ਦੀ ਜਾਂ ਸਫਾਈ ਕਰਮੀਆਂ ਦੀ ਕਮੀ ਨਾ ਆਉਣ ਦਿੱਤੀ ਜਾਵੇ। ਬੈਠਕ ਦੌਰਾਨ ਸਪੀਕਰ ਸੰਧਵਾਂ ਨੇ ਵਾਰਡਾਂ ’ਚ ਤਾਇਨਾਤ ਸਫਾਈ ਕਰਮੀਆਂ ਦੀ ਗਿਣਤੀ ਦੇ ਨਾਲ-ਨਾਲ ਕੂੜਾ ਚੁੱਕਣ ਵਾਲੀਆਂ ਗੱਡੀਆਂ ਅਤੇ ਹੋਰ ਬੁਨਿਆਦੀ ਢਾਂਚੇ ਸਬੰਧੀ ਜਾਣਕਾਰੀ ਇਕੱਤਰ ਕੀਤੀ। ਇਸ ਮੌਕੇ ਉਨ੍ਹਾਂ ਮੁੜ ਦੁਹਰਾਇਆ ਕਿ ਦੀਵਾਲੀ ਦੇ ਤਿਉਹਾਰ ਮੌਕੇ ਜਿਸ ਵਾਰਡ ’ਚ ਸਭ ਤੋਂ ਵੱਧ ਸਫਾਈ ਹੋਵੇਗੀ, ਉਸ ਵਾਰਡ ਦੇ ਸਫਾਈ ਕਰਮਚਾਰੀਆਂ ਨੂੰ 50 ਹਜ਼ਾਰ ਰੁਪਏ ਨਗਦ ਇਨਾਮ ਸ਼ੁਕਰਾਨੇ ਵਜੋਂ ਤਕਸੀਮ ਕੀਤੇ ਜਾਣਗੇ। ਉਨ੍ਹਾਂ ਕਮੇਟੀ ਦੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਹਰ ਰੋਜ਼ ਸਫਾਈ ਕਰਮੀਆਂ ਨੂੰ ਨਿੱਜੀ ਤੌਰ ’ਤੇ ਹੱਲਾਸ਼ੇਰੀ ਦੇ ਕੇ ਚੜ੍ਹਦੀਕਲ੍ਹਾ ’ਚ ਰੱਖਣ ਤਾਂ ਜੋ ਉਹ ਸ਼ਹਿਰ ਦੀ ਦਿੱਖ ਸੁਧਾਰਨ ’ਚ ਕੋਈ ਕਸਰ ਨਾ ਛੱਡਣ। ਇਸ ਮੌਕੇ ਉਪਰੋਕਤ ਤੋਂ ਇਲਾਵਾ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ, ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਅਮਨਦੀਪ ਸਿੰਘ ਸੰਧੂ ਪੀ.ਏ., ਗੁਰਮੀਤ ਸਿੰਘ ਧੂੜਕੋਟ ਆਦਿ ਵੀ ਹਾਜ਼ਰ ਸਨ।