ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ : ਸਪੀਕਰ ਸੰਧਵਾਂ
ਕੋਟਕਪੂਰਾ, 6 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਫਿੱਡੇ ਕਲਾਂ ਵਿਖੇ ਪੰਜਾਬ ਦੇ ਖੇਤਾਂ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਦੇ ਮਕਸਦ ਤਹਿਤ 31 ਲੱਖ 57 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਏ ਜ਼ਮੀਨਦੋਜ਼ ਪਾਇਪਾਂ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਦੇ ਨਾਲ ਕਿਸਾਨਾਂ ਦੇ ਖੇਤਾਂ ਵਿੱਚ ਸਿੱਧਾ ਨਹਿਰੀ ਪਾਣੀ ਪੁੱਜੇਗਾ। ਇਸ ਦੇ ਨਾਲ ਉਨ੍ਹਾਂ ਨੂੰ ਸਿੰਚਾਈ ਸਬੰਧੀ ਕੋਈ ਸਮੱਸਿਆ ਨਹੀਂ ਆਵੇਗੀ ਅਤੇ ਉਨ੍ਹਾਂ ਨੂੰ ਖੇਤੀ ਲਈ ਵਾਧੂ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਦੇ ਲਈ ਕੰਮ ਕਰਦੀ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ 81.70 ਹੈਕਟੇਅਰ ਰਕਬੇ ਹੇਠ ਬਣਾਇਆ ਗਿਆ ਹੈ। ਜਿਸ ਦੀ ਲੰਬਾਈ 3280 ਮੀਟਰ ਹੈ। ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਤੇ 31 ਲੱਖ 57 ਹਜ਼ਾਰ ਰੁਪਏ ਖਰਚ ਆਇਆ ਹੈ। ਉਨ੍ਹਾਂ ਕਿਹਾ ਕਿ ਜਮੀਨਦੋਜ਼ ਪਾਈਪ ਦੇ ਪ੍ਰੋਜੈਕਟ ਨਾਲ 87 ਕਿਸਾਨਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚੇਗਾ। ਸਪੀਕਰ ਸੰਧਵਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਸੁਚੱਜੀ ਵਰਤੋਂ ਕਰਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੀ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਰਾਜ ਦੇ ਲੋਕਾਂ ਦੀ ਬਿਹਤਰੀ, ਰਾਜ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਜਾਵੇਗੀ। ਇਸ ਮੌਕੇ ਸ੍ਰੀਮਤੀ ਰਾਜਵਿੰਦਰ ਕੌਰ ਉਪ ਮੰਡਲ ਭੂਮੀ ਰੱਖਿਆ ਅਫਸਰ, ਜਸਪ੍ਰੀਤ ਸਿੰਘ ਧਾਲੀਵਾਲ ਭੂਮੀ ਰੱਖਿਆ ਅਫਸਰ, ਐਕਸੀਅਨ ਜਗਮੋਹਨ ਸਿੰਘ, ਕੰਵਰਪਾਲ ਜੇ.ਈ. ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਜਿਲ੍ਹਾ ਯੂਥ ਪ੍ਰਧਾਨ ਸੁਖਵੰਤ ਸਿੰਘ ਪੱਕਾ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ.-ਟੂ-ਸਪੀਕਰ ਸੰਧਵਾਂ, ਗੁਰਮੀਤ ਸਿੰਘ ਗਿੱਲ ਧੂੜਕੋਟ ਬਲਾਕ ਪ੍ਰਧਾਨ ਸਮੇਤ ਪਾਰਟੀ ਵਰਕਰ ਵੀ ਹਾਜ਼ਰ ਸਨ।

