-ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਚੁੱਕੇ ਗਏ ਇਤਿਹਾਸਕ ਕਦਮਾਂ ਸਬੰਧੀ ਕੀਤੀ ਵਿਸ਼ੇਸ਼ ਚਰਚਾ
ਕੋਟਕਪੂਰਾ 17 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕਾ ਕੋਟਕਪੂਰਾ ਅਧੀਨ ਪੈਂਦੇ ਪਿੰਡ ਭਾਣਾ ਅਤੇ ਪਿੰਡ ਢੁੱਡੀ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਚੁੱਕੇ ਗਏ ਇਤਿਹਾਸਕ ਕਦਮਾਂ ਨਾਲ ਆਮ ਲੋਕਾਂ ਨੂੰ ਮਿਲੀ ਵੱਡੀ ਰਾਹਤ ਸਬੰਧੀ ਵਿਸ਼ੇਸ਼ ਚਰਚਾ ਕੀਤੀ।
ਸਪੀਕਰ ਸ. ਸੰਧਵਾਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਸਫਲ 4 ਸਾਲ ਪੂਰੇ ਕਰਦਿਆਂ ਸੂਬੇ ਵਿੱਚ ਸਿੱਖਿਆ, ਸਿਹਤ, ਰੁਜ਼ਗਾਰ, ਖੇਤੀਬਾੜੀ, ਬਿਜਲੀ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਇਤਿਹਾਸਕ ਬਦਲਾਅ ਲਿਆਂਦੇ ਹਨ। ਔਰਤਾਂ ਨੂੰ ਸਨਮਾਨ ਦੇਣ ਲਈ ਮਾਵਾਂ ਧੀਆਂ ਸਤਿਕਾਰ ਯੋਜਨਾ ਚਲਾਈ ਗਈ। ਬਜ਼ੁਰਗਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਗਈ। ਸੂਬਾ ਸਰਕਾਰ ਨੇ “ਰੰਗਲਾ ਪੰਜਾਬ” ਸਿਰਜਣ ਦੇ ਸੰਕਲਪ ਤਹਿਤ ਆਮ ਲੋਕਾਂ ਨੂੰ ਦਿੱਤੀਆਂ ਗਈਆਂ ਮੁੱਖ ਗਾਰੰਟੀਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਕੇ ਨਵੀਂ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਹੈ। ਪਾਰਟੀ ਨੂੰ ਆਮ ਲੋਕਾਂ ਨੇ ਇਸ ਮੁਕਾਮ ਤੇ ਪਹੁੰਚਾਇਆ ਸੀ ਅਤੇ ਪਾਰਟੀ ਦਾ ਵੀ ਫਰਜ ਹੈ ਕਿ ਉਹ ਆਮ ਲੋਕਾਂ ਦੀ ਜ਼ਿੰਦਗੀ ਨੂੰ ਆਸਾਨ ਕਰੇ। ਉਨ੍ਹਾਂ ਮੋਗਾ ਦੇ ਕਿੱਲੀ ਚਹਿਲਾਂ ਵਿਖੇ 26 ਨਵੰਬਰ ਨੂੰ ਹੋਣ ਵਾਲੀ ਰੈਲੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਸ ਤੋਂ ਇਲਾਵਾ ਸਪੀਕਰ ਸੰਧਵਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਨਿਰੰਤਰ ਰਾਬਤਾ ਬਣਾਈ ਰੱਖਣ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਵਿਕਾਸ ਕਾਰਜਾਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਲੋਕਾਂ ਦੀ ਸੇਵਾ ਕਰਨਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ।
ਇਸ ਮੌਕੇ ਸਰਪੰਚ ਬਲਦੇਵ ਸਿੰਘ ਤੋਂ ਇਲਾਵਾ ਪਾਰਟੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।

