ਕੋਟਕਪੂਰਾ, 25 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਲਈ ਖੇਡਾਂ ਸ਼ੁਰੂ ਕਰਵਾ ਕੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਉੱਥੇ ਰਾਜ ਪੱਧਰ, ਪਿੰਡ ਪੱਧਰ ਅਤੇ ਜਿਲ੍ਹਾ ਪੱਧਰ ’ਤੇ ਕਰਵਾਏ ਜਾਂਦੇ ਅਜਿਹੇ ਖੇਡ ਟੂਰਨਾਮੈਂਟ ਬਹੁਤ ਹੀ ਪ੍ਰੰਸ਼ਸ਼ਾਯੋਗ ਕਦਮ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਨੌਂ ਵਿਖੇ ਰਗਬੀ ਖੇਡ ਦੇ ਅੰਡਰ 17-19 ਲੜਕੇ-ਲੜਕੀਆਂ ਵੱਲੋ ਸਕੂਲ ਪੱਧਰ ’ਤੇ ਸਟੇਟ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ। ਉਨ੍ਹਾਂ ਨੇ ਜੇਤੂ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪਿਆਰ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਵੀ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ ਤਾਂ ਜੋ ਉਹ ਖੇਡਾਂ ਵਿੱਚ ਮੱਲਾਂ ਮਾਰ ਕੇ ਆਪਣੇ ਮਾਤਾ ਪਿਤਾ ਅਤੇ ਇਲਾਕੇ ਦਾ ਨਾਮ ਰੋਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਖੇਡਾਂ ਖੇਡਣ ਨਾਲ ਸਾਡੇ ਨੌਜਵਾਨ ਸਰੀਰਕ ਪੱਖੋਂ ਵੀ ਰਿਸ਼ਟ ਪੁਸ਼ਟ ਰਹਿੰਦੇ ਹਨ ਅਤੇ ਨਸ਼ੇ ਵਰਗੀ ਭਿਆਨਕ ਬੁਰਾਈਂ ਤੋਂ ਵੀ ਬਚ ਸਕਦੇ ਹਨ।

