ਕੋਟਕਪੂਰਾ, 31 ਜੁਲਾਈ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਆਯੋਜਿਤ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ। ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ, ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਅਤੇ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਵਧੀਆ ਸਿੱਖਿਆ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ ਕਿ ਸਕੂਲ ਬੈਗਾਂ ਦੀ ਵੰਡ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨਾ ਹੈ।
ਸਪੀਕਰ ਸ. ਸੰਧਵਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮਨ ਲਾ ਕੇ ਪੜ੍ਹਾਈ ਕਰਨ, ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਸਮਾਜ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਅਧਿਆਪਕਾਂ ਦੀ ਭੂਮਿਕਾ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਬੱਚਿਆਂ ਦੀ ਸ਼ਖ਼ਸੀਅਤ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਐਮ.ਸੀ. ਰੋਮਾ ਬਰਾੜ, ਐਮ.ਸੀ. ਅਰੁਣ ਜੋਸ਼ੀ, ਐਮ.ਸੀ. ਸੇਵਕ ਸੰਧੂ, ਪੱਪੂ ਨੰਬਰਦਾਰ, ਪ੍ਰੀਤਮ ਸਿੰਘ ਸਰਪੰਚ, ਮੁਖਤਿਆਰ ਸਿੰਘ ਸਰਪੰਚ, ਲਖਵਿੰਦਰ ਸਿੰਘ, ਸੁਖਵੰਤ ਸਿੰਘ, ਜਗਦੀਸ਼ ਸਿੰਘ, ਜਸਵਿੰਦਰ ਸਿੰਘ, ਅਮਿਤ ਸ਼ਰਮਾ , ਹਰਵਿੰਦਰ ਸਿੰਘ ਮਰਵਾਹ ਤੋਂ ਇਲਾਵਾ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ, ਸਕੂਲ ਦੇ ਪ੍ਰਿੰਸੀਪਲ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

