ਕੋਟਕਪੂਰਾ, 6 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਗਰਵਾਲ ਧਰਮਸ਼ਾਲਾ ਕੋਟਕਪੂਰਾ ਵਿਖੇ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਪ੍ਰੋਗਰਾਮ ਤਹਿਤ 100 ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਿਲਾ ਉਦਮੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਮਹਿਲਾਵਾਂ ਅੱਜ ਹਰ ਖੇਤਰ ਵਿੱਚ ਅਗਵਾਈ ਕਰ ਰਹੀਆਂ ਹਨ ਅਤੇ ਆਪਣੀ ਮਿਹਨਤ ਅਤੇ ਲਗਨ ਨਾਲ ਸਮਾਜ ਵਿੱਚ ਨਵਾਂ ਮਾਪਦੰਡ ਸਥਾਪਿਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਲਈ ਵਚਨਬੱਧ ਹੈ ਅਤੇ ਵੱਖ-ਵੱਖ ਯੋਜਨਾਵਾਂ ਰਾਹੀਂ ਉਨ੍ਹਾਂ ਨੂੰ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਮੁਹਿੰਮ ਦਾ ਉਦੇਸ਼ ਮਹਿਲਾਵਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਅਤੇ ਉਸਨੂੰ ਸਫਲਤਾਪੂਰਵਕ ਅੱਗੇ ਵਧਾਉਣ ਲਈ ਪ੍ਰੋਤਸਾਹਿਤ ਕਰਨਾ ਹੈ, ਤਾਂ ਜੋ ਉਹ ਆਰਥਿਕ ਤੌਰ ’ਤੇ ਮਜ਼ਬੂਤ ਬਣ ਸਕਣ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਦਮੀ ਮਹਿਲਾਵਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਫਲਤਾ ਹੋਰ ਮਹਿਲਾਵਾਂ ਲਈ ਪ੍ਰੇਰਣਾ ਸਰੋਤ ਬਣੇਗੀ। ਇਸ ਮੌਕੇ ਸੁਖਮੰਦਰ ਸਿੰਘ ਰੇਖੀ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ, ਦਮਨਪ੍ਰੀਤ ਸਿੰਘ ਸੋਢੀ, ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ., ਬੀ.ਡੀ.ਪੀ.ਓ. ਕੋਟਕਪੂਰਾ ਵਕਾਸ ਸ਼ਰਮਾ, ਮਹਿਲਾ ਕੁਆਰਡੀਨੇਟਰ ਰਣਜੀਤ ਕੌਰ ਮੰਡਵਾਲਾ, ਪੂਨਮ ਰਾਣੀ, ਰਾਜਦੀਪ ਕੌਰ ਬਲਾਕ ਕੁਆਰਡੀਨੇਟਰ, ਜਸਪ੍ਰੀਤ ਕੌਰ ਕਲਿਆਣ, ਪ੍ਰਦੀਪ ਕੌਰ ਢਿੱਲੋ ਤੋਂ ਇਲਾਵਾ ਹੋਰ ਹਾਜ਼ਰ ਸਨ।
