ਪਿੰਡ ਹਰੀ ਨੌ ਦੇ ਪਟਵਾਰਖਾਨੇ ਦੀ ਸਾਫ਼-ਸਫ਼ਾਈ ਅਤੇ ਰਿਕਾਰਡ ਪ੍ਰਬੰਧਨ ਦੀ ਕੀਤੀ ਸ਼ਲਾਘਾ
ਕੋਟਕਪੂਰਾ, 7 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਹਲਕੇ ਦੇ ਮਾਣਮੱਤੇ ਪਿੰਡ ਹਰੀ ਨੌ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਨ ਉਪਰੰਤ ਅਚਨਚੇਤ ਤੌਰ ’ਤੇ ਪਿੰਡ ਦੇ ਆਮ ਆਦਮੀ ਕਲੀਨਿਕ, ਡਾਕਘਰ ਅਤੇ ਪਟਵਾਰਖਾਨੇ ਦਾ ਨਿਰੀਖਣ ਕੀਤਾ ਅਤੇ ਉੱਥੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਪਟਵਾਰਖਾਨੇ ਦੇ ਦੌਰੇ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਟਵਾਰੀ ਨਿਰਮਲਜੀਤ ਸਿੰਘ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤਿਆਰ ਕੀਤੇ ਗਏ ਸੁਚੱਜੇ ਅਤੇ ਸਾਫ਼-ਸੁਥਰੇ ਪਟਵਾਰਖਾਨੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦਫ਼ਤਰ ਵਿੱਚ ਰਿਕਾਰਡ ਨੂੰ ਬਹੁਤ ਹੀ ਵਧੀਆ ਢੰਗ ਨਾਲ ਸੰਭਾਲ ਕੇ ਰੱਖਿਆ ਗਿਆ ਹੈ ਅਤੇ ਨਕਸ਼ਿਆਂ ਤੇ ਹੋਰ ਦਸਤਾਵੇਜ਼ਾਂ ਲਈ ਵੀ ਵੱਖਰਾ ਅਤੇ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਉਹ ਅਚਨਚੇਤ ਪਟਵਾਰਖਾਨੇ ਵਿੱਚ ਪਹੁੰਚੇ ਸਨ ਅਤੇ ਉਨ੍ਹਾਂ ਨੂੰ ਇੱਥੇ ਦਾ ਪ੍ਰਬੰਧ ਦੇਖ ਕੇ ਬਹੁਤ ਖੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਇਸ ਤਰ੍ਹਾਂ ਦੀ ਸਾਫ਼-ਸਫ਼ਾਈ, ਸੁਚੱਜਾ ਪ੍ਰਬੰਧ ਅਤੇ ਲੋਕਾਂ ਪ੍ਰਤੀ ਸੇਵਾ ਦੀ ਭਾਵਨਾ ਹੋਣੀ ਚਾਹੀਦੀ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਦਫ਼ਤਰ ਵਿੱਚ ਕੰਮਕਾਜ ਸਬੰਧੀ ਕੋਈ ਪੈਂਡੈਂਸੀ ਨਹੀਂ ਹੈ ਅਤੇ ਲੋਕਾਂ ਦੇ ਕੰਮ ਸਮੇਂ ਸਿਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਟਵਾਰੀ ਪਿੰਡ ਪੱਧਰ ’ਤੇ ਸਰਕਾਰ ਅਤੇ ਲੋਕਾਂ ਵਿਚਕਾਰ ਇੱਕ ਅਹਿਮ ਕੜੀ ਹੁੰਦਾ ਹੈ। ਜਦੋਂ ਪਟਵਾਰੀ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਸੁਚੱਜੇ ਢੰਗ ਨਾਲ ਨਿਭਾਉਂਦਾ ਹੈ ਤਾਂ ਪਿੰਡ ਦੇ ਅਨੇਕਾਂ ਜ਼ਮੀਨੀ ਅਤੇ ਆਪਸੀ ਵਿਵਾਦ ਸ਼ੁਰੂਆਤੀ ਪੱਧਰ ’ਤੇ ਹੀ ਹੱਲ ਹੋ ਸਕਦੇ ਹਨ। ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲਦੀ ਹੈ ਅਤੇ ਸਰਕਾਰੀ ਸੇਵਾਵਾਂ ਪ੍ਰਤੀ ਉਨ੍ਹਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੁੰਦਾ ਹੈ। ਆਮ ਆਦਮੀ ਕਲੀਨਿਕ ਦੇ ਦੌਰੇ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਥੇ ਮੌਜੂਦ ਸਿਹਤ ਸਹੂਲਤਾਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ, ਜਿੱਥੇ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ, ਡਾਕਟਰੀ ਸਲਾਹ ਅਤੇ ਲੋੜੀਂਦੀਆਂ ਦਵਾਈਆਂ ਮਿਲ ਰਹੀਆਂ ਹਨ। ਉਨ੍ਹਾਂ ਸਿਹਤ ਵਿਭਾਗ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ ਕਲੀਨਿਕ ਵਿੱਚ ਆਉਣ ਵਾਲੇ ਹਰ ਮਰੀਜ਼ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ।

