ਕੋਟਕਪੂਰਾ, 20 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੀਵਾਲੀ ਦੇ ਤਿਉਹਾਰ ਦੇ ਮੌਕੇ ‘ਤੇ ਪੰਚਾਇਤਾਂ ਦੇ ਸਰਪੰਚਾਂ, ਪੰਚਾਂ ਅਤੇ ਪੱਤਰਕਾਰ ਨੁਮਾਇੰਦਿਆਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਚਾਹ-ਪਾਣੀ ਦੀ ਪਾਰਟੀ ਆਯੋਜਿਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਬਦੌਲਤ ਉਹ ਅੱਜ ਇਸ ਮੁਕਾਮ ‘ਤੇ ਪਹੁੰਚੇ ਹਨ, ਉਨ੍ਹਾਂ ਨਾਲ ਮਿਲ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨਾ ਉਨ੍ਹਾਂ ਲਈ ਇੱਕ ਸੁਭਾਗਾ ਪਲ ਹੈ। ਉਨ੍ਹਾਂ ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਖੇਤਰ ਵਿੱਚ ਕੀਤੇ ਸੁਧਾਰਾਂ, ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਿੱਖਿਆ ਦੀ ਗੁਣਵੱਤਾ ਨੂੰ ਉੱਚਾ ਚੁੱਕਣ ਲਈ ਕੀਤੀਆਂ ਪਹਿਲਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਸੁਧਾਰਾਂ ਅਤੇ ਨਵੇਂ ਡਾਕਟਰਾਂ ਦੀ ਭਰਤੀ ਬਾਰੇ ਵੀ ਵਿਸਥਾਰ ਨਾਲ ਦੱਸਿਆ। ਸਪੀਕਰ ਸੰਧਵਾਂ ਨੇ ਸਮੂਹ ਲੋਕਾਂ ਨੂੰ ਦੀਵਾਲੀ ਦੀਆਂ ਮੁਬਾਰਕਬਾਦਾਂ ਦਿੰਦਿਆਂ ਅਪੀਲ ਕੀਤੀ ਕਿ ਉਹ ਗਰੀਨ ਦੀਵਾਲੀ ਮਨਾਉਣ ਅਤੇ ਘੱਟ ਤੋਂ ਘੱਟ ਪਟਾਕੇ ਚਲਾਕੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਵਿੱਚ ਯੋਗਦਾਨ ਪਾਉਣ।