ਕੋਟਕਪੂਰਾ, 23 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਪੰਜਾਬ ਦੇ ਕਿਸਾਨਾਂ ਨਾਲ ਜੁੜੇ ਇੱਕ ਮਹੱਤਵਪੂਰਨ ਜਨਹਿੱਤ ਮੁੱਦੇ ਨੂੰ ਉਠਾਉਂਦਿਆਂ ਮਾਣਯੋਗ ਮੁੱਖ ਮੰਤਰੀ ਪੰਜਾਬ ਜੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਵਿਸਤ੍ਰਿਤ ਪ੍ਰਤੀਨਿਧਿਤਾ ਭੇਜ ਕੇ ਬੇਨਤੀ ਕੀਤੀ ਹੈ ਕਿ ਸਬਸਿਡੀ ਵਾਲੀ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਵਿਕਰੀ ਦੌਰਾਨ ਕਥਿਤ ‘ਟੈਗਿੰਗ’ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਅਰਸ਼ ਸੱਚਰ ਨੇ ਕਿਹਾ ਕਿ ਜੇਕਰ ਕਿਸੇ ਵੀ ਥਾਂ ਕਿਸਾਨਾਂ ਨੂੰ ਸਬਸਿਡੀ ਵਾਲੀ ਖਾਦ ਲੈਣ ਸਮੇਂ ਨੈਨੋ ਯੂਰੀਆ, ਨੈਨੋ ਡੀ.ਏ.ਪੀ. ਜਾਂ ਹੋਰ ਉਤਪਾਦ ਖਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਤਾਂ ਅਜਿਹੀਆਂ ਸ਼ਿਕਾਇਤਾਂ ਦੀ ਤੱਥਾਂ ਦੇ ਆਧਾਰ ’ਤੇ ਤੁਰੰਤ ਜਾਂਚ ਹੋਣੀ ਚਾਹੀਦੀ ਹੈ। ਜੇਕਰ ਜਾਂਚ ਦੌਰਾਨ ਕੋਈ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਕਿਸਾਨਾਂ ਨੂੰ ਸਰਕਾਰੀ ਸਬਸਿਡੀ ਵਾਲੀ ਖਾਦ ਬਿਨਾਂ ਕਿਸੇ ਬੇਲੋੜੀ ਸ਼ਰਤ ਦੇ ਮਿਲਣੀ ਚਾਹੀਦੀ ਹੈ। ਪਾਰਦਰਸ਼ੀ ਅਤੇ ਨਿਰਪੱਖ ਖਾਦ ਵੰਡ ਪ੍ਰਣਾਲੀ ਕਿਸਾਨਾਂ ਦਾ ਭਰੋਸਾ ਮਜ਼ਬੂਤ ਕਰਨ ਲਈ ਬਹੁਤ ਜ਼ਰੂਰੀ ਹੈ। ਆਪਣੀ ਪ੍ਰਤੀਨਿਧਿਤਾ ਵਿੱਚ ਅਰਸ਼ ਸੱਚਰ ਨੇ ਰਾਜ ਪੱਧਰੀ ਵਿਸ਼ੇਸ਼ ਜਾਂਚ ਮੁਹਿੰਮ, ਫਲਾਇੰਗ ਸਕੁਆਡ ਰਾਹੀਂ ਅਚਨਚੇਤ ਨਿਰੀਖਣ, ਟੋਲ-ਫਰੀ ਹੈਲਪਲਾਈਨ, ਜ਼ਿਲ੍ਹਾ ਪੱਧਰ ’ਤੇ ਨੋਡਲ ਅਧਿਕਾਰੀਆਂ ਦੀ ਨਿਯੁਕਤੀ, ਡਿਜ਼ਿਟਲ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਇਹ ਪ੍ਰਤੀਨਿਧਿਤਾ ਕਿਸੇ ਵਿਅਕਤੀ, ਡੀਲਰ ਜਾਂ ਸੰਸਥਾ ਵਿਸ਼ੇਸ਼ ਵਿਰੁੱਧ ਨਹੀਂ, ਸਗੋਂ ਪੂਰੀ ਤਰ੍ਹਾਂ ਲੋਕ ਹਿੱਤ ਅਤੇ ਕਿਸਾਨ ਹਿੱਤ ਵਿੱਚ ਪੇਸ਼ ਕੀਤੀ ਗਈ ਹੈ, ਤਾਂ ਜੋ ਜੇਕਰ ਕਿਤੇ ਵੀ ਕੋਈ ਗਲਤ ਪ੍ਰਥਾ ਹੋ ਰਹੀ ਹੋਵੇ ਤਾਂ ਉਸ ਨੂੰ ਰੋਕਿਆ ਜਾ ਸਕੇ ਅਤੇ ਕਿਸਾਨਾਂ ਦੇ ਹੱਕਾਂ ਦੀ ਪੂਰੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਅਰਸ਼ ਸੱਚਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਹੱਤਵਪੂਰਨ ਜਨਹਿੱਤ ਮਾਮਲੇ ਨੂੰ ਤਰਜੀਹ ਦੇ ਆਧਾਰ ’ਤੇ ਵਿਚਾਰ ਕੇ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ, ਤਾਂ ਜੋ ਪੰਜਾਬ ਦੇ ਅੰਨਦਾਤਾ ਨੂੰ ਪਾਰਦਰਸ਼ੀ, ਨਿਰਪੱਖ ਅਤੇ ਬਿਨਾਂ ਕਿਸੇ ਦਬਾਅ ਵਾਲੀ ਖਾਦ ਵੰਡ ਪ੍ਰਣਾਲੀ ਦਾ ਲਾਭ ਮਿਲ ਸਕੇ।

