ਫਰੀਦਕੋਟ 25 ਸਤੰਬਰ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)
ਅੱਜ ਸੂਬਾ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਸੂਬਾ ਕਮੇਟੀ ਮੈਂਬਰ ਸਹਿਬਾਨਾਂ ਨੇ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਹੈ ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜਮ ਯੂਨੀਅਨ ਪੰਜਾਬ ਦੇ ਬੈਨਰ ਹੇਠ ਆਮ ਆਦਮੀ ਪਾਰਟੀ ਪ੍ਰਧਾਨ, ਕੱਚਿਆਂ ਨੂੰ ਪੱਕਾ ਕਰਨ ਲਈ ਬਣਾਈ ਸਬ ਕਮੇਟੀ ਦੇ ਮੈਂਬਰ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਖੇ ਮਿਤੀ 05-10-25 ਨੂੰ ਧਰਨਾ ਦਿੱਤਾ ਜਾਵੇਗਾ।ਜਿਸ ਵਿੱਚ ਉਹਨਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਸੂਬਾ ਕਮੇਟੀ/ ਮੈਂਬਰ ਸ਼੍ਰੀ ਰਾਜਨ ਕਪੂਰ ਫਰੀਦਕੋਟ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅਸੀਂ ਪਿਛਲੇ 15-16 ਸਾਲਾ ਤੋਂ ਪੰਜਾਬ ਦੀਆਂ ਸਰਕਾਰੀ ਆਈ ਟੀ ਆਈਆਂ ਵਿੱਚ ਗਰੁੱਪ ਬੀ ਕਰਾਫਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ। ਸਾਡੀ ਭਰਤੀ ਵਿਭਾਗ ਵੱਲੋਂ ਸਮੇਂ ਸਮੇਂ ਉੱਪਰ ਜਾਰੀ ਹਦਾਇਤਾਂ ਰਾਹੀਂ ਪਾਰਦਰਸ਼ੀ ਢੰਗ ਨਾਲ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇ ਕੇ, ਰੋਜ਼ਗਾਰ ਦਫ਼ਤਰਾਂ ਰਾਹੀਂ ਕੀਤੀ ਗਈ ਹੈ। ਅਸੀਂ ਡੀ ਜੀ ਟੀ ਭਾਰਤ ਸਰਕਾਰ ਵੱਲੋਂ ਮੰਗੀਆਂ ਜਾਂਦੀਆਂ ਸਾਰੀਆਂ ਵਿੱਦਿਅਕ ਯੋਗਤਾਵਾਂ ਪੂਰੀਆਂ ਕਰਦੇ ਹਾਂ। ਪ੍ਰੰਤੂ ਫਿਰ ਵੀ ਸਾਡੇ ਨਾਲ ਪੰਜਾਬ ਸਰਕਾਰ ਸ਼ਰੈਆਮ ਧੱਕਾ ਕਰ ਰਹੀ ਹੈ। ਅਸੀਂ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਲਈ ਬਹੁਤ ਮਿਹਨਤ ਕੀਤੀ ਸੀ ਕਿ ਸ਼ਾਇਦ ਇਹ ਪਾਰਟੀ ਸਾਡੀਆਂ ਮੰਗਾਂ ਪੂਰੀਆਂ ਕਰੇਗੀ ਪ੍ਰੰਤੂ ਇਹ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਹੀ ਨਿਕਲੀ। ਅਸੀਂ ਇਸ ਸਰਕਾਰ ਵਿੱਚ ਪਿਛਲੇ 3 ਸਾਲਾਂ ਤੋਂ ਕੋਸ਼ਿਸ਼ ਕਰ ਰਹੇ ਹਾਂ ਕਿ ਗੱਲਬਾਤ ਰਾਹੀਂ ਕੋਈ ਹੱਲ ਨਿਕਲੇ ਇਸੇ ਦੇ ਚੱਲਦਿਆਂ ਬਹੁਤ ਵਾਰ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ,ਵਿੱਤ ਮੰਤਰੀ ਹਰਪਾਲ ਚੀਮਾਂ, ਕੈਬਨਿਟ ਮੰਤਰੀ ਅਮਨ ਅਰੋੜਾ ਜੀ ਅਤੇ ਹੋਰ ਕੈਬਨਿਟ ਮੰਤਰੀਆਂ ਨੂੰ ਮਿਲ ਚੁੱਕੇ ਹਾਂ ਪ੍ਰੰਤੂ ਇਹਨਾਂ ਵਿੱਚੋਂ ਕਿਸੇ ਨੇ ਵੀ ਸਾਡੀ ਗੱਲ ਉੱਪਰ ਗੌਰ ਨਹੀਂ ਕੀਤੀ। ਇਸਤੋਂ ਇਲਾਵਾ ਆਮ ਲੋਕਾਂ ਦੇ ਮੁੱਖ ਮੰਤਰੀ ਕਹਾਉਣ ਵਾਲੇ ਭਗਵੰਤ ਮਾਨ ਦੀ ਸਰਕਾਰੀ ਕੋਠੀ ਦੇ 50-60 ਚੱਕਰ ਲਗਾ ਚੁੱਕੇ ਹਾਂ ਪ੍ਰੰਤੂ ਉਹਨਾਂ ਵੱਲੋਂ ਅੱਜ ਤੱਕ ਇੱਕ ਮਿੰਟ ਦਾ ਵੀ ਸਮਾਂ ਨਹੀਂ ਦਿੱਤਾ ਗਿਆ। ਹੁਣ ਜੱਥੇਬੰਦੀ ਨੇ ਮਜਬੂਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਖੁੱਲ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਇਸੇ ਦੇ ਚੱਲਦਿਆਂ ਸੰਘਰਸ਼ ਦੀ ਸ਼ੁਰੂਆਤ ਪਾਰਟੀ ਪ੍ਰਧਾਨ ਅਮਨ ਅਰੋੜਾ ਦੇ ਹਲਕੇ ਸੁਨਾਮ ਤੋਂ ਮਿਤੀ 05-10-25 ਨੂੰ ਧਰਨਾ ਦੇ ਕੇ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਸਰਕਾਰ ਉਹਨਾਂ ਦੀਆਂ ਮੰਗਾਂ ਉੱਪਰ ਧਿਆਨ ਨਹੀਂ ਦੇਵੇਗੀ ਤਾਂ ਆਉਣ ਵਾਲੇ ਦਿਨਾਂ ਵਿੱਚ ਬਾਕੀ ਕੈਬਨਿਟ ਮੰਤਰੀਆਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ। ਜੇਕਰ ਜ਼ਰੂਰਤ ਪੈਂਦੀ ਹੈ ਤਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਦਿੱਲ੍ਹੀ ਜਾਣਾ ਪਿਆ ਤਾਂ ਜਰੂਰ ਜਾਵਾਂਗੇ। *ਮੁੱਖ ਮੰਗ* 1. ਪੰਜਾਬ ਸਰਕਾਰ ਸਰਕਾਰੀ ਆਈ ਟੀ ਆਈਆਂ ਵਿੱਚ ਕੰਮ ਕਰ ਰਹੇ ਸਾਰੇ ਕਰਾਫਟ ਇੰਸਟਰਕਟਰਾਂ ਨੂੰ ਵਿਭਾਗ ਅਧੀਨ ਲੈ ਕੇ ਬੇਸਿਕ ਤਨਖ਼ਾਹ 35400 ਦੇ ਨਾਲ 3 ਪ੍ਰਤੀਸ਼ਤ ਸਲਾਨਾ ਇੰਕਰੀਮੈਂਟ ਨਾਲ 58 ਸਾਲ ਦੀ ਉਮਰ ਤੱਕ ਸੇਵਾ ਸੁਰੱਖਿਆ ਦੇਣੀ ਯਕੀਨੀ ਬਣਾਈ ਜਾਵੇ।