ਖੇਤਰੀ ਯੁਵਕ ਮੇਲੇ, ਜ਼ਿਲ੍ਹਾ ਪੱਧਰੀ ਸਾਹਿਤ ਪ੍ਰਸ਼ਨੋਤਰੀ ਮੁਕਾਬਲਿਆਂ ਅਤੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ
ਫ਼ਰੀਦਕੋਟ, 17 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਦੀਆਂ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਨੂੰ ਸਮਰਪਿਤ ਸਫ਼ਲਤਾ ਉਤਸਵ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਤਰੀ ਯੁਵਕ ਮੇਲੇ, ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਾਹਿਤ ਪ੍ਰਸ਼ਨੋਤਰੀ ਮੁਕਾਬਲਿਆਂ, ਖੇਡਾਂ ਵਤਨ ਪੰਜਾਬ ਦੀਆਂ ਅਤੇ ਟੀਚਿੰਗ ਏਡ ਮੁਕਾਬਲਿਆਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ।
ਸਮਾਗਮ ਵਿੱਚ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ, ਫ਼ਰੀਦਕੋਟ ਦੇ ਪ੍ਰਿੰਸੀਪਲ ਸ੍ਰੀ ਕੁਮਾਰ ਜਗਦੇਵ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਚਰਨਜੀਤ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਕੀਤੀ।
ਇਸ ਮੌਕੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਇਹ ਪ੍ਰਾਪਤੀਆਂ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ, ਸਾਹਿਤਕ ਅਤੇ ਖੇਡ ਗਤੀਵਿਧੀਆਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅਜਿਹੇ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨਾਲ ਵੀ ਜੋੜਦੇ ਹਨ। ਉਨ੍ਹਾਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਕਾਲਜ ਦੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਕਾਲਜ ਦੇ ਯੂਥ ਕੋਆਰਡੀਨੇਟਰ ਪ੍ਰੋ. ਮਨਵਿੰਦਰ ਕੌਰ, ਸਹਾਇਕ ਯੂਥ ਕੋਆਰਡੀਨੇਟਰ ਪ੍ਰੋ. ਬੀਰਇੰਦਰਜੀਤ ਸਿੰਘ ਅਤੇ ਪ੍ਰੋ. ਜਸਬੀਰ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ, ਬਠਿੰਡਾ ਵਿਖੇ ਕਰਵਾਏ ਗਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਤਰੀ ਯੁਵਕ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰਵਾਇਤੀ ਪਹਿਰਾਵਾ ਪ੍ਰਦਰਸ਼ਨੀ ਵਿੱਚ ਦਵਿੰਦਰ ਸਿੰਘ, ਵਾਦ-ਵਿਵਾਦ ਮੁਕਾਬਲੇ ਵਿੱਚ ਪ੍ਰਿਯੰਕਾ ਅਤੇ ਮਿੱਟੀ ਦੇ ਖਿਡੌਣੇ ਬਣਾਉਣ ਦੇ ਮੁਕਾਬਲੇ ਵਿੱਚ ਜਸਵੀਰ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਕਵੀਸ਼ਰੀ ਮੁਕਾਬਲੇ ਵਿੱਚ ਜਸਪਿੰਦਰ ਕੌਰ, ਜਸਵੀਰ ਕੌਰ ਅਤੇ ਗੁਰਕੀਰਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਸੱਭਿਆਚਾਰਕ ਕੁਇਜ਼ ਵਿੱਚ ਮਨਜਿੰਦਰ ਕੌਰ, ਅਮਨਜੋਤ ਕੌਰ ਅਤੇ ਮੋਹਿਨੀ ਰਾਣੀ ਨੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਰੀਦਕੋਟ ਵੱਲੋਂ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਫ਼ਰੀਦਕੋਟ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਾਹਿਤ ਪ੍ਰਸ਼ਨੋਤਰੀ ਮੁਕਾਬਲਿਆਂ ਵਿੱਚ ਕਾਲਜ ਭਾਸ਼ਾ ਮੰਚ ਦੇ ਸਰਪ੍ਰਸਤ ਪ੍ਰੋ. ਬੀਰਇੰਦਰਜੀਤ ਸਿੰਘ ਦੀ ਅਗਵਾਈ ਹੇਠ ਵਿਦਿਆਰਥਣ ਰਮਨਦੀਪ ਕੌਰ ਨੇ ਦੂਜਾ ਅਤੇ ਜਸਵਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਖੇਡਾਂ ਦੇ ਖੇਤਰ ਵਿੱਚ ਵੀ ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖੇਡ ਇੰਚਾਰਜ ਪ੍ਰੋ. ਰਣਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ 21 ਤੋਂ 30 ਸਾਲ ਉਮਰ ਵਰਗ ਵਿੱਚ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਉੱਚੀ ਛਾਲ ਵਿੱਚ ਪਹਿਲਾ ਅਤੇ ਲੰਬੀ ਛਾਲ ਵਿੱਚ ਤੀਜਾ ਸਥਾਨ ਹਾਸਲ ਕੀਤਾ। ਉਸ ਦੀ ਚੋਣ ਰਾਜ ਪੱਧਰੀ ਖੇਡਾਂ ਲਈ ਵੀ ਹੋਈ ਹੈ। ਇਸੇ ਤਰ੍ਹਾਂ ਵਿਦਿਆਰਥਣ ਕੋਮਲ ਦੀ ਹੈਂਡਬਾਲ ਲਈ ਰਾਜ ਪੱਧਰੀ ਖੇਡਾਂ ਵਾਸਤੇ ਚੋਣ ਹੋਈ, ਜਦਕਿ ਵਿਦਿਆਰਥੀ ਰਾਜਦੀਪ ਸਿੰਘ ਨੇ ਨੈਸ਼ਨਲ ਸਟਾਈਲ ਕਬੱਡੀ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।
ਇੰਟਰਨਸ਼ਿਪ ਇੰਚਾਰਜ ਡਾ. ਰੁਪਿੰਦਰਜੀਤ ਕੌਰ ਦੀ ਅਗਵਾਈ ਹੇਠ ਬੀ.ਐੱਡ. ਭਾਗ ਦੂਜਾ ਦੇ ਵਿਦਿਆਰਥੀਆਂ ਲਈ ਕਰਵਾਏ ਗਏ ਟੀਚਿੰਗ ਏਡ ਮੁਕਾਬਲੇ ਵੀ ਸਮਾਗਮ ਦਾ ਅਹਿਮ ਹਿੱਸਾ ਰਹੇ। ਇਨ੍ਹਾਂ ਮੁਕਾਬਲਿਆਂ ਵਿੱਚ ਸਮਾਜਿਕ ਸਿੱਖਿਆ, ਗਣਿਤ, ਭੌਤਿਕ ਵਿਗਿਆਨ, ਜੀਵਨ ਵਿਗਿਆਨ, ਅਰਥ ਸ਼ਾਸਤਰ, ਇਤਿਹਾਸ, ਸਰੀਰਕ ਸਿੱਖਿਆ, ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸਮੇਤ ਵੱਖ-ਵੱਖ ਵਿਸ਼ਿਆਂ ਵਿੱਚ ਵਿਦਿਆਰਥੀਆਂ ਨੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਲ ਕੀਤੇ। ਇਨ੍ਹਾਂ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੇ ਅਧਿਆਪਨ ਸਮੱਗਰੀ ਤਿਆਰ ਕਰਨ ਅਤੇ ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਆਪਣੀ ਸਿਰਜਣਾਤਮਕ ਯੋਗਤਾ ਦਾ ਪ੍ਰਦਰਸ਼ਨ ਕੀਤਾ।
ਸਮਾਗਮ ਦੇ ਅੰਤ ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ, ਕਾਲਜ ਦੇ ਪ੍ਰਿੰਸੀਪਲ ਅਤੇ ਪ੍ਰੋਫ਼ੈਸਰ ਸਾਹਿਬਾਨ ਵੱਲੋਂ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋ. ਸੰਦੀਪ ਸਿੰਘ, ਪ੍ਰੋ. ਸੁਖਪਾਲ ਕੌਰ, ਪ੍ਰੋ. ਰਾਜੇਸ਼ਵਰੀ ਦੇਵੀ, ਪ੍ਰੋ. ਫੈਨੀ ਚਾਵਲਾ, ਪ੍ਰੋ. ਸੁਖਵਿੰਦਰ ਕੌਰ, ਡਾ. ਰਤਨ ਲਾਲ, ਪ੍ਰੋ. ਕਰਮਜੀਤ ਸਿੰਘ, ਪ੍ਰੋ. ਰਿਮੀ ਅਤੇ ਕਾਲਜ ਦੇ ਸਮੂਹ ਵਿਦਿਆਰਥੀ ਹਾਜ਼ਰ ਸਨ।

