ਸੂਫੀ ਫਕੀਰ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਉਹਨਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੱਦਾ।
ਜੈਤੋ, 23 ਸਤੰਬਰ ( ਸ਼ਿਵਨਾਥ /ਵਰਲਡ ਪੰਜਾਬੀ ਟਾਈਮਜ਼)
ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ( ਰਜਿ 🙂 ਕੋਟਕਪੂਰਾ ਵੱਲੋਂ ਅੱਜ ਇੱਥੋਂ ਥੋੜ੍ਹੀ ਦੂਰ ਸਰਕਾਰੀ ਹਾਈ ਸਕੂਲ ਦਲ ਸਿੰਘ ਵਾਲਾ ਦੇ ਵਿਦਿਅਕ ਸੈਸ਼ਨ 2025-26 ਦੌਰਾਨ ਛੇਵੀਂ ਤੋਂ ਦਸਵੀਂ ਜਮਾਤ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਮੈਡਲ, ਸਰਟੀਫਿਕੇਟ ਅਤੇ ਸਟੇਸ਼ਨਰੀ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੋਸਾਇਟੀ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਮੀਤ ਪ੍ਰਧਾਨ ਪ੍ਰੇਮ ਚਾਵਲਾ, ਵਿੱਤ ਸਕੱਤਰ ਸੋਮ ਨਾਥ ਅਰੋੜਾ ਅਤੇ ਕਮੇਟੀ ਮੈਂਬਰ ਹਰਨੇਕ ਸਿੰਘ ਸਾਹੋਕੇ ਨੇ ਕਿਹਾ ਕਿ ਸੋਸਾਇਟੀ ਵੱਲੋਂ ਆਪਣੇ ਲਗਭਗ 10 ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੇ ਨਾਲ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਵੱਖ ਵੱਖ ਕਿਸਮ ਦੇ ਮੁਕਾਬਲੇ ਵੀ ਕਰਵਾਏ ਗਏ ਹਨ। ਇਸ ਤੋਂ ਇਲਾਵਾ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਉਹਨਾਂ ਦੇ ਜਨਮ ਦਿਨ ਅਤੇ ਸ਼ਹੀਦੀ ਦਿਹਾੜੇ ਮਨਾਕੇ ਉਹਨਾਂ ਦੀਆਂ ਕੁਰਬਾਨੀਆਂ ਦੀ ਯਾਦ ਨੂੰ ਤਾਜ਼ਾ ਕਰਦੇ ਹੋਏ ਇਸ ਸਮੇਂ ਦੇਸ਼ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਕੂਲ ਦੇ ਮੁੱਖ ਅਧਿਆਪਕਾ ਮੈਡਮ ਸੁਮਨਦੀਪ ਕੌਰ ਨੇ ਸਮੂਹ ਹਾਜ਼ਰੀਨ ਨੂੰ ਜੀ ਆਇਆਂ ਆਖਿਆ ਅਤੇ ਸੋਸਾਇਟੀ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦੌਰਾਨ ਪੈਨਸ਼ਨਰ ਆਗੂ ਪ੍ਰੇਮ ਚਾਵਲਾ ਨੇ ਮਹਾਨ ਸੂਫ਼ੀ ਫ਼ਕੀਰ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੇ ਮੌਕੇ ਉਹਨਾਂ ਦੇ ਵੱਖ ਵੱਖ ਸ਼ਲੋਕ ਵਿਦਿਆਰਥੀਆਂ ਨਾਲ ਸਾਂਝੇ ਕਰਕੇ ਬਾਬਾ ਸ਼ੇਖ ਫਰੀਦ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਸਮਾਗਮ ਦਾ ਮੰਚ ਸੰਚਾਲਨ ਸਕੂਲ ਦੇ ਅਧਿਆਪਕ ਬਲਵਿੰਦਰ ਸਿੰਘ ਵੱਲੋਂ ਬਾਖੂਬੀ ਨਿਭਾਇਆ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਕੂਲ ਦੇ ਸਟਾਫ ਮੈਂਬਰਜ਼ ਵਿਸ਼ਵਦੀਪ ਕੌਰ, ਪੰਕਜ ਮਿੱਤਲ ,ਜਸਪ੍ਰੀਤ ਕੌਰ, ਵਰਿੰਦਰ ਸਿੰਘ, ਰੇਣੂ ਬਾਲਾ, ਪ੍ਰੀਆ ਅਤੇ ਦਵਿੰਦਰ ਪਾਲ ਆਦਿ ਹਾਜ਼ਰ ਸਨ ।

