ਖੇਡਾਂ ਰਾਹੀਂ ਬੱਚਿਆਂ ਵਿੱਚ ਸਹਿਯੋਗ, ਅਨੁਸ਼ਾਸਨ ਅਤੇ ਟੀਮ ਵਰਕ ਦੀ ਭਾਵਨਾ ਨੂੰ ਮਿਲਿਆ ਹੁਲਾਰਾ
ਕੋਟਕਪੂਰਾ, 5 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਵਿਖੇ ਬੈਗਲੈਸ ਡੇਅ ਦੇ ਮੌਕੇ ਸਕੂਲ ਖੇਡ ਦਿਵਸ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਨ ਵਿਦਿਆਰਥੀਆਂ ਨੇ ਪੜ੍ਹਾਈ ਦੇ ਰੁਟੀਨ ਤੋਂ ਹਟ ਕੇ ਪੂਰਾ ਦਿਨ ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਵਿੱਚ ਬਿਤਾਇਆ। ਇਸ ਮੌਕੇ ਵਿਦਿਆਰਥੀਆਂ ਨੇ ਬੋਰੀ ਦੌੜ, ਤਿੰਨ-ਪੈਰ ਦੌੜ, ਬੈਡਮਿੰਟਨ, ਕਬੱਡੀ ਅਤੇ ਹੋਰ ਰਵਾਇਤੀ ਦੇਸੀ ਖੇਡਾਂ ਵਿੱਚ ਵੱਡੀ ਗਿਣਤੀ ਵਿੱਚ ਭਾਗ ਲਿਆ। ਖੇਡ ਮੈਦਾਨ ਵਿੱਚ ਵਿਦਿਆਰਥੀਆਂ ਦਾ ਜੋਸ਼ ਅਤੇ ਉਤਸ਼ਾਹ ਦੇਖਣਯੋਗ ਸੀ। ਹਰ ਟੀਮ ਨੇ ਜਿੱਤ ਪ੍ਰਾਪਤ ਕਰਨ ਲਈ ਪੂਰੀ ਮਿਹਨਤ, ਲਗਨ ਅਤੇ ਖੇਡ ਭਾਵਨਾ ਨਾਲ ਆਪਣਾ ਪ੍ਰਦਰਸ਼ਨ ਕੀਤਾ। ਖੇਡਾਂ ਦੌਰਾਨ ਵਿਦਿਆਰਥੀਆਂ ਵਿੱਚ ਆਪਸੀ ਸਹਿਯੋਗ, ਅਨੁਸ਼ਾਸਨ, ਟੀਮ ਵਰਕ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਸਪੱਸ਼ਟ ਤੌਰ ‘ਤੇ ਦੇਖਣ ਨੂੰ ਮਿਲੀ। ਸਮਾਗਮ ਦੇ ਅੰਤ ਵਿੱਚ ਸਕੂਲ ਮੁਖੀ ਸ੍ਰੀ ਮਨੀਸ਼ ਛਾਬੜਾ ਜੀ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੈਗਲੈਸ ਡੇਅ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪੜ੍ਹਾਈ ਦੇ ਬੋਝ ਤੋਂ ਮੁਕਤ ਕਰਕੇ ਉਨ੍ਹਾਂ ਦੇ ਸਰਵਪੱਖੀ ਵਿਕਾਸ, ਸਰੀਰਕ ਤੰਦਰੁਸਤੀ ਅਤੇ ਖੇਡਾਂ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਖੇਡ ਦਿਵਸ ਨੇ ਵਿਦਿਆਰਥੀਆਂ ਵਿੱਚ ਨਵਾਂ ਜੋਸ਼ ਭਰਿਆ ਅਤੇ ਸਕੂਲ ਦਾ ਮਾਹੌਲ ਖੁਸ਼ੀਆਂ ਤੇ ਉਤਸ਼ਾਹ ਨਾਲ ਭਰਪੂਰ ਬਣਾਇਆ।

