ਵੱਖ ਵੱਖ ਟੀਮਾਂ ਵੱਲੋਂ ਸਿੱਖਿਆ ਸੰਸਥਾਵਾਂ ਅਤੇ ਜਨਤਕ ਥਾਵਾਂ ‘ਤੇ ਲੋਕਾਂ ਨੂੰ ਸਵੈ ਜਨਗਣਨਾ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ
ਕੋਟਕਪੂਰਾ, 20 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹਾ ਵਾਸੀਆਂ ਨੂੰ ਆਉਣ ਵਾਲੀ ਜਨਗਣਨਾ ਪ੍ਰਕਿਰਿਆ ਵਿੱਚ ਸਵੈ-ਜਨਗਣਨਾ ਦੀ ਸਹੂਲਤ ਬਾਰੇ ਵੱਧ ਤੋਂ ਵੱਧ ਜਾਣਕਾਰੀ ਅਤੇ ਜਾਗਰੂਕਤਾ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਸਵੈ-ਜਨਗਣਨਾ ਰਾਹੀਂ ਨਾਗਰਿਕ ਘਰ ਬੈਠੇ ਹੀ ਆਸਾਨੀ ਨਾਲ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਦਰਜ ਕਰ ਸਕਦੇ ਹਨ, ਜਿਸ ਨਾਲ ਜਨਗਣਨਾ ਦੀ ਪ੍ਰਕਿਰਿਆ ਹੋਰ ਵੀ ਸੁਚਾਰੂ, ਤੇਜ਼ ਅਤੇ ਪਾਰਦਰਸ਼ੀ ਬਣਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਅਤੇ ਜਾਗਰੂਕਤਾ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਲਗਾਤਾਰ ਸਿੱਖਿਆ ਸੰਸਥਾਵਾਂ) ਦੇ ਨਾਲ-ਨਾਲ ਜਨਤਕ ਥਾਵਾਂ ਤੇ ਜਾ ਕੇ ਲੋਕਾਂ ਨੂੰ ਸਵੈ-ਜਨਗਣਨਾ ਕਰਨ ਲਈ ਪ੍ਰੇਰਿਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਰਾਹੀਂ ਮਾਪਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿਉਂਕਿ ਨੌਜਵਾਨ ਪੀੜੀ ਤਕਨੀਕੀ ਤੌਰ ‘ਤੇ ਵਧੇਰੇ ਸਮਰੱਥ ਹੈ ਅਤੇ ਉਹ ਆਪਣੇ ਪਰਿਵਾਰਾਂ ਦੀ ਸਵੈ ਜਨਗਣਨਾ ਆਸਾਨੀ ਨਾਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਟੀਮਾਂ ਵੱਲੋਂ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ, ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ, ਦਸ਼ਮੇਸ਼ ਪਬਲਿਕ ਸਕੂਲ ਸਾਦਿਕ, ਸਰਕਾਰੀ ਹਾਈ ਸਕੂਲ ਬਹਿਲਬਲ ਕਲਾ, ਸਰਕਾਰੀ ਹਾਈ ਸਕੂਲ ਵਾੜਾਦਰਾਕਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਖਾਰਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਜੰਡ ਸਾਹਿਬ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕੋਟਸੁਖੀਆ ਸਮੇਤ ਵੱਖ-ਵੱਖ ਸਿੱਖਿਆ ਸੰਸਥਾਵਾਂ, ਜਨਤਕ ਥਾਵਾਂ, ਹਸਪਤਾਲਾਂ, ਬੱਸ ਸਟੈਂਡਾਂ ਆਦਿ ਤੇ ਵੀ ਲੋਕਾਂ ਨੂੰ ਸਵੈ ਜਨਗਣਨਾ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੈ-ਜਨਗਣਨਾ ਪ੍ਰਕਿਰਿਆ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਸਹੀ ਤੇ ਪੂਰੀ ਜਾਣਕਾਰੀ ਸਾਂਝੀ ਕਰਨ, ਕਿਉਂਕਿ ਜਨਗਣਨਾ ਦੇ ਸਹੀ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਅਤੇ ਸਰਕਾਰੀ ਸਹੂਲਤਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਲਈ ਬੁਨਿਆਦੀ ਆਧਾਰ ਬਣਦੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਅੰਜਨਾ ਕੌਂਸਲ, ਡਾ. ਪੂਜਾ ਭੱਲਾ ਪ੍ਰਿੰਸੀਪਲ ਸਰਕਾਰੀ ਬਰਜਿੰਦਰ ਕਾਲਜ, ਗੁਰਿੰਦਰ ਸਿੰਘ ਡਿਪਟੀ ਈ.ਐਸ.ਏ, ਗੁਰਦੀਪ ਸਿੰਘ ਤਕਨੀਕੀ ਸਹਾਇਕ, ਜਸਬੀਰ ਜੱਸੀ ਜਿਲ੍ਹਾ ਮੀਡੀਆ ਕੋਆਰਡੀਨੇਟਰ ਜਨਗਣਨਾ, ਰੰਗ ਹਰਜਿੰਦਰ ਜਿਲ੍ਹਾ ਮਾਸਟਰ ਟ੍ਰੇਨਰ, ਮੈਡਮ ਮਨਪ੍ਰੀਤ ਕੌਰ ਵੀ ਹਾਜ਼ਰ ਸਨ।/

