55 ਤੋਂ 75 ਡੈਸੀਬਲ ਤੋਂ ਵੱਧ ਸ਼ੋਰ ਕਰਨ ਵਾਲਿਆਂ ’ਤੇ ਸਖਤਾਈ ਦੇ ਆਦੇਸ਼ ਜਾਰੀ
ਕੋਟਕਪੂਰਾ, 23 ਜਨਵਰੀ ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਾਰਜਕਾਰੀ ਇੰਜੀਨੀਅਰ (ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ) ਨੂੰ ਅੱਜ ਲਿਖਤੀ ਹੁਕਮ ਜਾਰੀ ਕਰਦਿਆਂ ਤੁਰਤ ਪ੍ਰਭਾਵ ਨਾਲ ਡੈਸੀਬਲ ਮੀਟਰ ਖ੍ਰੀਦਣ ਸਬੰਧੀ ਹਦਾਇਤ ਕਰਦਿਆਂ ਕਿਹਾ ਕਿ 55 ਤੋਂ 75 ਡੈਸੀਬਲ ਤੋਂ ਵੱਧ ਸ਼ੋਰ ਕਰਨ ਵਾਲਿਆਂ ਖਿਲਾਫ ਪੂਰੀ ਸਖਤੀ ਵਰਤੀ ਜਾਵੇ। ਮੀਡੀਆ ਦੇ ਮਾਧਿਅਮ ਰਾਹੀਂ ਸਮੂਹ ਇਲਾਕਾ ਨਿਵਾਸੀਆਂ ਨੂੰ ਮੁਖਾਤਿਬ ਹੁੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਕਈ ਅਜਿਹੀਆਂ ਥਾਵਾਂ ਹਨ, ਜਿੱਥੇ ਸ਼ੋਰ ਪ੍ਰਦੂਸ਼ਣ ਨਾ ਸਹਿਣਯੋਗ ਹੋ ਜਾਂਦਾ ਹੈ। ਇਨ੍ਹਾਂ ਥਾਵਾਂ ’ਚ ਖਾਸ ਤੌਰ ’ਤੇ ਹਸਪਤਾਲਾਂ ਅਤੇ ਸਕੂਲਾਂ ਦੇ ਆਸ-ਪਾਸ, ਸੰਘਣੀ ਆਬਾਦੀ ਵਾਲੇ ਇਲਾਕਿਆਂ ’ਚ ਸੜਕਾਂ ਦੇ ਕਿਨਾਰੇ, ਧਾਰਮਿਕ ਸਥਾਨਾਂ ਅਤੇ ਸਨਅਤੀ ਖੇਤਰਾਂ ’ਚ ਇਸ ਪ੍ਰਦੂਸ਼ਣ ਨੂੰ ਘਟਾਉਣ ਦੀ ਲੋੜ ਹੈ। ਇਸ ਸਬੰਧੀ ਹੋਰ ਵਧੇਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਗਿਆਨ, ਤਕਨੀਕ ਅਤੇ ਵਾਤਾਵਰਨ ਵਿਭਾਗ ਚੰਡੀਗੜ੍ਹ ਤੋਂ ਪ੍ਰਾਪਤ ਲਿਖਤੀ ਹਦਾਇਤਾਂ ਅਨੁਸਾਰ ਸਨਅਤੀ ਖੇਤਰਾਂ ’ਚ ਦਿਨ ਵੇਲੇ ਵੱਧ ਤੋਂ ਵੱਧ 75 ਡੈਸੀਬਲ ਅਤੇ ਰਾਤ ਸਮੇਂ 70 ਡੈਸੀਬਲ, ਇਸੇ ਤਰ੍ਹਾਂ ਕਮਰਸ਼ੀਅਲ ਥਾਵਾਂ ਅਤੇ ਸੜਕਾਂ ਜਾਂ ਹਾਈਵੇਅ ਦੇ ਨਜ਼ਦੀਕ ਦਿਨ ਵੇਲੇ 65 ਡੈਸੀਬਲ ਅਤੇ ਰਾਤ ਵੇਲੇ 55 ਡੈਸੀਬਲ ਤੋਂ ਵੱਧ ਆਵਾਜ਼ ਕਿਸੇ ਵੀ ਹਾਲਤ ’ਚ ਨਹੀਂ ਹੋਣੀ ਚਾਹੀਦੀ। ਇਸ ਸਬੰਧੀ ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪਾਸ ਕੀਤੇ 6 ਅਪ੍ਰੈਲ 2023 ਦੇ ਸੰਦਰਭ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਗਵਰਨਰ ਨੇ ਸੂਬੇ ਦੇ ਸਾਰੇ ਜ਼ਿਲਿ੍ਹਆਂ ’ਚ ਸ਼ੋਰ ਪ੍ਰਦੂਸ਼ਣ ਨੂੰ ਨਿਰਧਾਰਿਤ ਕੀਤੇ ਗਏ ਮਾਪਦੰਡਾਂ ’ਚ ਹੀ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਮੀਟਿੰਗਾਂ ਦੇ ਸਿੱਟੇ ਵਜੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ ਆਪਣੇ ਜ਼ਿਲਿ੍ਹਆਂ ’ਚ ਵੱਧ ਰਹੇ ਸ਼ੋਰ ਪ੍ਰਦੂਸ਼ਣ ਨੂੰ ਹਰ ਹੀਲੇ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਲਿਆਉਣ ਲਈ ਢੁੱਕਵੇਂ ਉਪਰਾਲੇ ਕਰਨ।