ਸਿਹਤ ਵਿਭਾਗ ਦੇ ਸਮੂਹ ਸਟਾਫ ਨੂੰ ਸਮੇਂ ਦਾ ਪਾਬੰਦ ਹੋਣ ਦੀਆਂ ਹਦਾਇਤਾਂ
ਡਿਊਟੀ ਵਿੱਚ ਕਿਸੇ ਵੀ ਤਰਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ : ਸਿਵਲ ਸਰਜਨ
16 ਅਪ੍ਰੈਲ ਤੋਂ ਸਰਕਾਰੀ ਹਸਪਤਾਲਾਂ ਦਾ ਸਮਾਂ ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ
ਕੋਟਕਪੂਰਾ, 17 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੀਤੇ ਦਿਨ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਦਾ ਅਚਨਚੇਤ ਦੌਰਾ ਕੀਤਾ ਅਤੇ ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ। ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕਰਨ ਸਮੇਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿਹਤ ਸੇਵਾਵਾਂ ਦੀ ਸਥਿਤੀ ਦਾ ਮੁਲਾਂਕਣ ਕੀਤਾ। ਡਾ. ਕੱਕੜ ਨੇ ਸਾਫ ਸਫਾਈ ਅਤੇ ਮਰੀਜਾਂ ਲਈ ਸਿਹਤ ਸੇਵਾਵਾਂ ਵਿੱਚ ਸੁਧਾਰ ਦੀ ਲੋੜ ’ਤੇ ਜ਼ੋਰ ਦਿੱਤਾ। ਉਹਨਾਂ ਨੇ ਕਿਹਾ ਕਿ ਸਿਹਤ ਸੇਵਾਵਾਂ ਦੀ ਕੁਵਾਲਟੀ ਨੂੰ ਬਿਹਤਰ ਬਣਾਉਣ ਲਈ ਸਾਫ ਸਫਾਈ ਅਤੇ ਜਨਤਕ ਸਹੂਲਤਾਂ ਉਚ ਦਰਜੇ ਦੀਆਂ ਹੋਣੀਆਂ ਚਾਹੀਦੀਆਂ ਹਨ। ਉਹਨਾਂ ਸਿਵਲ ਹਸਪਤਾਲ ਕੋਟਕਪੂਰਾ ਦੇ ਸਮੂਹ ਸਟਾਫ ਨੂੰ ਸਮੇਂ ਸਿਰ ਡਿਊਟੀ, ਮਰੀਜਾਂ ਪ੍ਰਤਿ ਨਰਮ ਰਵਈਆ ਰੱਖਣ ਅਤੇ ਭ੍ਰਿਸ਼ਟਾਚਾਰ ਰਹਿਤ ਡਿਊਟੀ ਕਰਨ ਦੀ ਸਖਤ ਹਦਾਇਤ ਕੀਤੀ। ਇਸ ਮੋਕੇ ਉਹਨਾ ਦੇ ਨਾਲ ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ ਮੌਜੂਦ ਸਨ। ਡਾ. ਚੰਦਰ ਸੇਖਰ ਕੱਕੜ ਨੇ ਹਸਪਤਾਲ ਦੇ ਵੱਖ ਵੱਖ ਵਾਰਡਾਂ, ਐਂਮਰਜੈਂਸੀ, ਲੇਬਰ ਰੂਮ, ਨਵੇਂ ਜਨਮੇ ਬੱਚਿਆਂ ਦੀ ਦੇਖਭਾਲ ਵਿੰਗ, ਲੈਬੋਰਟਰੀ, ਓਪਡੀ ਖੇਤਰ, ਦਫਤਰ ਆਦਿ ਦਾ ਦੌਰਾ ਕੀਤਾ। ਉਹਨਾਂ ਹਸਪਤਾਲ ਵਿੱਚ ਦਾਖਲ ਮਰੀਜਾਂ ਦਾ ਹਾਲ ਚਾਲ ਪੁਛਿਆ ਅਤੇ ਉਹਨਾਂ ਤੋਂ ਮਿਲ ਰਹੀਆਂ ਸਿਹਤ ਸਹੂਲਤਾਂ ਸਬੰਧੀ ਵੀ ਗੱਲਬਾਤ ਕੀਤੀ। ਸਿਵਲ ਸਰਜਨ ਨੇ ਸਿਹਤ ਸੇਵਾਵਾਂ ਅਤੇ ਸਥਾਨਕ ਹਸਪਤਾਲ ਦੀ ਸਫਾਈ ਅਤੇ ਜਨਤਕ ਸਹੂਲਤਾਂ ਦੇ ਮਾਮਲੇ ਵਿੱਚ ਧਿਆਨ ਦਿੱਤਾ। ਉਹਨਾਂ ਸਟਾਫ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਡਿਊਟੀ ਵਿੱਚ ਕਿਸੇ ਵੀ ਤਰਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।