ਕੋਟਕਪੂਰਾ,12 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਲੋਕਾਂ ਨੂੰ ਐਮਰਜੈਂਸੀ ਸਮੇਂ ਤੁਰੰਤ ਅਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਵਿਖੇ 108 ਐਂਬੂਲੈਂਸ ਦੀਆਂ ਸੇਵਾਵਾਂ 24 ਘੰਟੇ ਉਪਲੱਬਧ ਹਨ। ਇਸ ਤੋਂ ਇਲਾਵਾ ਹਸਪਤਾਲ ਵਿਖੇ ਹਰ ਸਮੇਂ ਐਮਰਜੈਂਸੀ ਸਿਹਤ ਸੇਵਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਦੌਰਾਨ ਮਰੀਜ਼ਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਮਿਲ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਕੋਟਕਪੂਰਾ ਡਾ. ਹਰਿੰਦਰ ਗਾਂਧੀ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਖੇ 108 ਐਂਬੂਲੈਂਸ ਦੀ ਸਹੂਲਤ ਹਰ ਸਮੇਂ ਮੌਜੂਦ ਹੈ। ਕਿਸੇ ਵੀ ਮੈਡੀਕਲ ਐਮਰਜੈਂਸੀ, ਸੜਕ ਹਾਦਸੇ ਜਾਂ ਹੋਰ ਗੰਭੀਰ ਸਿਹਤ ਸਮੱਸਿਆ ਸਮੇਂ ਲੋਕ ਇਸ ਸੇਵਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੜਕ ਸੁਰੱਖਿਆ ਫੋਰਸ ਵੱਲੋਂ ਕੋਟਕਪੂਰਾ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਵੀ ਤਿੰਨ ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ ਹਨ। ਇਹ ਐਂਬੂਲੈਂਸਾਂ ਪਿੰਡ ਟਹਿਣਾ, ਕੋਠੇ ਰਾਮਸਰ ਅਤੇ ਮੋਗਾ ਰੋਡ ਵਿਖੇ ਉਪਲੱਬਧ ਹਨ। ਇਨ੍ਹਾਂ ਐਂਬੂਲੈਂਸਾਂ ਰਾਹੀਂ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਣ ਵਾਲੇ ਵਿਅਕਤੀਆਂ ਨੂੰ ਤੁਰੰਤ ਮੁੱਢਲੀ ਸਹਾਇਤਾ ਦੇਣ ਅਤੇ ਹਸਪਤਾਲ ਪਹੁੰਚਾਉਣ ਦੀ ਸਹੂਲਤ ਦਿੱਤੀ ਜਾਂਦੀ ਹੈ। ਇਨ੍ਹਾਂ ਸੇਵਾਵਾਂ ਲਈ ਲੋਕ ਹੈਲਪਲਾਈਨ ਨੰਬਰ 112 ‘ਤੇ ਸੰਪਰਕ ਕਰ ਸਕਦੇ ਹਨ। ਸਹਾਇਕ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਐਮਰਜੈਂਸੀ ਜਾਂ ਸੜਕ ਹਾਦਸੇ ਦੀ ਸਥਿਤੀ ਵਿੱਚ ਘਬਰਾਉਣ ਦੀ ਬਜਾਏ ਤੁਰੰਤ 108 ਜਾਂ 112 ਹੈਲਪਲਾਈਨ ਨੰਬਰਾਂ ‘ਤੇ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸਮੇਂ ਮਰੀਜ਼ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣਾ ਬਹੁਤ ਮਹੱਤਵਪੂਰਨ ਹੁੰਦਾ ਹੈ ਅਤੇ ਐਂਬੂਲੈਂਸ ਸੇਵਾਵਾਂ ਇਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ, ਵਾਹਨ ਚਲਾਉਂਦੇ ਸਮੇਂ ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ ਅਤੇ ਐਂਬੂਲੈਂਸ ਨੂੰ ਰਸਤਾ ਦੇਣ ਦੀ ਵੀ ਅਪੀਲ ਕੀਤੀ।

