ਕੋਟਕਪੂਰਾ, 2 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਹੋਰ ਹਿੱਸਿਆਂ ਵਾਂਗ ਫਰੀਦਕੋਟ ਜ਼ਿਲ੍ਹਾ ਲਗਾਤਾਰ ਵੱਧਦੀ ਠੰਢ ਦੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ। ਇਜ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਨੇ ਆਮ ਲੋਕਾਂ ਲਈ ਇੱਕ ਸਲਾਹ ਜਾਰੀ ਕੀਤੀ ਹੈ। ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਨੇ ਲੋਕਾਂ ਨੂੰ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਦਾ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕੀਤੀ। ਵਧਦੀ ਠੰਢ ਬਾਰੇ ਚਰਚਾ ਦੌਰਾਨ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਕਿਹਾ ਕਿ ਇਸ ਮੌਸਮ ਦੌਰਾਨ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ 65 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਵਾਧੂ ਸਾਵਧਾਨੀ ਵਰਤਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਲੋੜ ਦੇ ਘਰੋਂ ਬਾਹਰ ਨਿਕਲਣ ਤੋਂ ਬਚਣ ਦੀ ਸਲਾਹ ਦਿੱਤੀ। ਡਾ. ਕੱਕੜ ਨੇ ਸਲਾਹ ਦਿੱਤੀ ਕਿ ਸਵੇਰ ਅਤੇ ਸ਼ਾਮ ਦੀ ਸੈਰ ਫਿਲਹਾਲ ਬੰਦ ਕਰ ਦੇਣੀ ਚਾਹੀਦੀ ਹੈ ਅਤੇ ਠੰਢ ਤੋਂ ਆਪਣੇ-ਆਪ ਨੂੰ ਬਚਾਉਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨ੍ਹਾਂ ਸਰੀਰ ਦੀ ਪ੍ਰਤੀਰੋਧਕ ਸ਼ਕਤੀ ਬਣਾਈ ਰੱਖਣ ਲਈ ਇਸ ਮੌਸਮ ਦੌਰਾਨ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਲੈਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਸਿਵਲ ਸਰਜਨ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਵਿੱਚ ਦਮੇ ਅਤੇ ਐਲਰਜੀ ਦੇ ਮਰੀਜ਼ਾਂ ਦੀ ਗਿਣਤੀ ਵੀ ਵੱਧ ਜਾਂਦੀ ਹੈ, ਇਸ ਲਈ ਅਜਿਹੇ ਮਰੀਜ਼ਾਂ ਨੂੰ ਵਿਸ਼ੇਸ਼ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਅਤੇ ਕਿਸੇ ਵੀ ਸਮੱਸਿਆ ਦੀ ਸੂਰਤ ਵਿੱਚ ਤੁਰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

