25 ਮਾਰਚ ਦੇ ਸਪੀਕਰ ਨਿਵਾਸ ਦੇ ਘਿਰਾਓ ਦੀਆਂ ਤਿਆਰੀਆਂ ਨੂੰ ਲੈ ਕੇ ਬ੍ਰਿਜਿੰਦਰਾ ਕਾਲਜ ’ਚ ਨਾਟਕ ਰਾਹੀਂ ਹੋਕਾ

ਕੋਟਕਪੂਰਾ, 20 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੂਬਿਆਂ ਦੇ ਵੱਧ ਅਧਿਕਾਰਾਂ, ਸਿੱਖਿਆ ਨੂੰ ਰਾਜ ਸੂਚੀ ’ਚ ਸ਼ਾਮਲ ਕਰਵਾਉਣ ਅਤੇ ਪੰਜਾਬ ਦੇ ਨੌਜਵਾਨਾਂ ਲਈ 90 ਫੀਸਦੀ ਨੌਕਰੀਆਂ ਰਾਖਵੀਆਂ ਕਰਵਾਉਣ ਵਰਗੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ 25 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਪੂਰੇ ਜ਼ੋਰਾਂ ’ਤੇ ਹਨ। ਇਸੇ ਲੜੀ ਤਹਿਤ ਅੱਜ ਸਥਾਨਕ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਵਿਦਿਆਰਥੀਆਂ ਦੇ ਵੱਡੇ ਇਕੱਠ ਵਿੱਚ ਇਨਕਲਾਬੀ ਨਾਟਕ ਖੇਡਿਆ ਗਿਆ ਅਤੇ 25 ਮਾਰਚ ਦੇ ਘਿਰਾਓ ਦਾ ਹੋਕਾ ਦਿੱਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੀ ਐਸ ਯੂ ਦੇ ਸੂਬਾ ਆਗੂ ਹਰਵੀਰ ਗੰਧੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ’ਨਵੀਂ ਸਿੱਖਿਆ ਨੀਤੀ’ ਰਾਹੀਂ ਸਿੱਖਿਆ ਦਾ ਭਗਵਾਂਕਰਨ ਅਤੇ ਵਪਾਰੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਮੁੜ ਰਾਜ ਸੂਚੀ ਵਿੱਚ ਲਿਆਉਣਾ ਲਾਜ਼ਮੀ ਹੈ ਤਾਂ ਜੋ ਪੰਜਾਬ ਆਪਣੇ ਸੱਭਿਆਚਾਰ ਅਤੇ ਲੋੜਾਂ ਅਨੁਸਾਰ ਆਪਣੀ ਸਿੱਖਿਆ ਨੀਤੀ ਖੁਦ ਤਿਆਰ ਕਰ ਸਕੇ। ਓਹਨਾ ਅੱਗੇ ਬੋਲਦਿਆਂ ਕਿਹਾ ਕਿ ਅੱਜ ਪੰਜਾਬ ਦਾ ਪੜ੍ਹਿਆ-ਲਿਖਿਆ ਨੌਜਵਾਨ ਡਿਗਰੀਆਂ ਹੱਥਾਂ ਵਿੱਚ ਫੜ ਕੇ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੈ, ਜਦਕਿ ਸੂਬੇ ਦੇ ਵਸੀਲਿਆਂ ਅਤੇ ਨੌਕਰੀਆਂ ’ਤੇ ਬਾਹਰਲੇ ਰਾਜਾਂ ਦੇ ਲੋਕ ਕਾਬਜ਼ ਹੋ ਰਹੇ ਹਨ। ਜਥੇਬੰਦੀ ਨੇ ਪੁਰਜ਼ੋਰ ਮੰਗ ਕੀਤੀ ਕਿ ਪੰਜਾਬ ਦੇ ਵਸਨੀਕਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸੂਬੇ ਦੀਆਂ ਸਮੁੱਚੀਆਂ ਸਰਕਾਰੀ ਅਤੇ ਗੈਰ-ਸਰਕਾਰੀ ਨੌਕਰੀਆਂ ਵਿੱਚ 90 ਫੀਸਦੀ ਰਾਖਵਾਂਕਰਨ ਦਾ ਕਾਨੂੰਨ ਤੁਰੰਤ ਪਾਸ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਹੋਰ ਸੂਬਿਆਂ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਸਥਾਨਕ ਨੌਜਵਾਨਾਂ ਨੂੰ ਪਹਿਲ ਦੇਣੀ ਲਾਜ਼ਮੀ ਹੈ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਹਿਜਰਤ ਕਰਨ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸਣ ਤੋਂ ਬਚਾਇਆ ਜਾ ਸਕੇ। ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲਾ ਆਗੂ ਸੁਖਬੀਰ ਕੋਠੇ ਹਜ਼ੂਰਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਉਤਸ਼ਾਹ ਦਿੱਤਾ ਜਾ ਰਿਹਾ ਹੈ। ਗਾਣੇ ਫ਼ਿਲਮਾਂ ਵੀ ਨੌਜਵਾਨਾਂ ਨੂੰ ਨਸ਼ਿਆਂ ਅਤੇ ਹਥਿਆਰਾਂ ਵਾਲੇ ਪਾਸੇ ਪ੍ਰੇਰਿਤ ਕਰ ਰਹੇ ਹਨ। ਜਿਸ ਕਰਕੇ ਨੌਜਵਾਨ ਕੁਰਾਹੇ ਪਏ ਹੋਏ ਹਨ। ਨੌਜਵਾਨਾ ਨੂੰ ਸਹੀ ਪਾਸੇ ਲਾਉਣ ਦੀ ਥਾਂ ਸਰਕਾਰ ਉਹਨਾਂ ਭਟਕੇ ਹੋਏ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਕਤਲ ਕਰ ਰਹੀ ਹੈ। ਓਹਨਾ ਮੰਗ ਕੀਤੀ ਕਿ ਪੰਜਾਬ ਵਿੱਚ ਕੀਤਾ ਜਾ ਰਿਹਾ ਨੌਜਵਾਨੀ ਦਾ ਇਹ ਘਾਣ ਤੁਰੰਤ ਬੰਦ ਹੋਣਾ ਚਾਹੀਦਾ ਹੈ ਅਤੇ ਪੰਜਾਬ ਵਿੱਚ ਹੋਏ ਝੂਠੇ ਪੁਲਿਸ ਮੁਕਾਬਲਿਆਂ ਦੀ ਅਦਾਲਤੀ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਜਥੇਬੰਦ ਹੋ ਕੇ 25 ਮਾਰਚ, ਦਿਨ ਬੁੱਧਵਾਰ ਨੂੰ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

