ਪਟਿਆਲਾ, 8 ਜੁਲਾਈ:(ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਦੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਸੈਂਟਰਲ ਬਲਾਕ ਪਾਰਕ, ਪੀ.ਐਨ.ਬੀ. ਬਲਾਕ ਵਿਖੇ ਚੱਲ ਰਹੀਆਂ ਮੁਫ਼ਤ ਯੋਗ ਕਲਾਸਾਂ ਨੂੰ ਇਲਾਕਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸੀ.ਐਮ. ਦੀ ਯੋਗਸ਼ਾਲਾ ਦੀ ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਇਸ ਦਾ ਨਿਰੀਖਣ ਕਰਦਿਆ ਦੱਸਿਆ ਕਿ ਇਨ੍ਹਾਂ ਕਲਾਸਾਂ ਵਿੱਚ ਸ਼ਾਮਲ ਹੋਣ ਵਾਲੇ ਲੋਕ ਨਿਯਮਿਤ ਯੋਗ ਅਭਿਆਸ ਨਾਲ ਸਰੀਰਕ ਅਤੇ ਮਾਨਸਿਕ ਸਿਹਤ ਵਿੱਚ ਆ ਰਹੇ ਸਕਾਰਾਤਮਕ ਬਦਲਾਅ ਨੂੰ ਮਹਿਸੂਸ ਕਰ ਰਹੇ ਹਨ।
ਯੋਗ ਟ੍ਰੇਨਰ ਕਾਜਲ ਰਾਣੀ ਨੇ ਦੱਸਿਆ ਕਿ ਅਜੋਕੇ ਰੁਝੇਵੇਂ ਭਰੇ ਜੀਵਨ, ਗਲਤ ਖਾਣ-ਪੀਣ ਦੀਆਂ ਆਦਤਾਂ ਅਤੇ ਤਣਾਅ ਕਾਰਨ ਕਈ ਸਰੀਰਕ ਅਤੇ ਮਾਨਸਿਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਿਯਮਿਤ ਯੋਗ ਕਰਨ ਨਾਲ ਇਕਾਗਰਤਾ ਵਧਦੀ ਹੈ, ਮਨ ਨੂੰ ਸ਼ਾਂਤੀ ਮਿਲਦੀ ਹੈ, ਤਣਾਅ ਘਟਦਾ ਹੈ ਅਤੇ ਸਰੀਰ ਵਿੱਚ ਨਵੀਂ ਊਰਜਾ ਦਾ ਸੰਚਾਰ ਹੁੰਦਾ ਹੈ। ਉਨ੍ਹਾਂ ਅਨੁਸਾਰ ਯੋਗ ਵਿਅਕਤੀ ਦੀ ਸਮੁੱਚੀ ਸ਼ਖ਼ਸੀਅਤ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ।
ਯੋਗ ਕਲਾਸਾਂ ਵਿੱਚ ਸ਼ਾਮਲ ਹੋਣ ਵਾਲੀ ਦਰਸ਼ਨਾਂ ਨੇ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਦੱਸਿਆ ਕਿ ਉਹ ਪਹਿਲਾਂ ਸ਼ੂਗਰ ਅਤੇ ਵਧੇ ਹੋਏ ਵਜ਼ਨ ਕਾਰਨ ਕਾਫ਼ੀ ਪ੍ਰੇਸ਼ਾਨ ਰਹਿੰਦੇ ਸਨ। ਹਰ ਸਮੇਂ ਥਕਾਵਟ ਰਹਿੰਦੀ ਸੀ ਅਤੇ ਰੋਜ਼ਾਨਾ ਦੇ ਕੰਮ ਕਰਨ ਵਿੱਚ ਵੀ ਮੁਸ਼ਕਲ ਆਉਂਦੀ ਸੀ। ਪਰ ਨਿਯਮਿਤ ਯੋਗ ਕਰਨ ਨਾਲ ਉਨ੍ਹਾਂ ਦੀ ਸ਼ੂਗਰ ਕਾਫ਼ੀ ਹੱਦ ਤੱਕ ਕਾਬੂ ਵਿੱਚ ਆ ਗਈ ਹੈ, ਵਜ਼ਨ ਵੀ ਘਟਿਆ ਹੈ ਅਤੇ ਹੁਣ ਉਹ ਆਪਣੇ ਆਪ ਨੂੰ ਪਹਿਲਾਂ ਨਾਲੋਂ ਵੱਧ ਤੰਦਰੁਸਤ, ਫੁਰਤੀਲਾ ਅਤੇ ਊਰਜਾਵਾਨ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਯੋਗ ਨੇ ਨਾ ਸਿਰਫ਼ ਉਨ੍ਹਾਂ ਦੀ ਸਰੀਰਕ ਸਿਹਤ ਵਿੱਚ ਸੁਧਾਰ ਕੀਤਾ ਹੈ, ਸਗੋਂ ਮਾਨਸਿਕ ਤੌਰ ‘ਤੇ ਵੀ ਮਜ਼ਬੂਤ ਬਣਾਇਆ ਹੈ। ਉਨ੍ਹਾਂ ਹਰ ਕਿਸੇ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਯੋਗ ਨੂੰ ਸ਼ਾਮਲ ਕਰਨ ਦੀ ਅਪੀਲ ਕਰਦਿਆਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਸੀ.ਐਮ. ਦੀ ਯੋਗਸ਼ਾਲਾ ਦੀ ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਜਿਹੜੇ ਨਾਗਰਿਕ ਆਪਣੇ ਮੁਹੱਲੇ ਵਿੱਚ ਯੋਗਸ਼ਾਲਾ ਸ਼ੁਰੂ ਕਰਵਾਉਣਾ ਚਾਹੁੰਦੇ ਹਨ, ਉਹ 25 ਵਿਅਕਤੀਆਂ ਦਾ ਸਮੂਹ ਬਣਾਕੇ ਟੋਲ-ਫ੍ਰੀ ਨੰਬਰ 76694-00500 ‘ਤੇ ਮਿਸ ਕਾਲ ਦੇ ਸਕਦੇ ਹਨ ਜਾਂ https://cmdiyogshala.punjab.gov.in ‘ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

