ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਦੌਰਾਨ ਸੈਂਕੜੇ ਮੁਲਾਜ਼ਮਾਂ ਲਿਆ ਹਿੱਸਾ ਸਰਕਾਰ ਵਿਰੁੱਧ ਕੀਤੀ ਨਾਅਰੇਬਾਜੀ
4 ਜੁਲਾਈ ਨੂੰ ਕੀਤੀ ਜਾਵੇਗੀ ਵਿਸ਼ਾਲ ਮੋਗਾ ਵਿਖੇ ਕਨਵੈਨਸ਼ਨ : ਖਹਿਰਾ/ਜੈਨ
ਕੋਟਕਪੂਰਾ, 2 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਪੂਰੇ ਪੰਜਾਬ ਦੇ 2004 ਤੋਂ ਬਾਅਦ ਭਰਤੀ ਐਨਪੀਐਸ ਕਰਮਚਾਰੀਆਂ ਨੇ ਸਮੇਂ ਦੀ ਮੰਗ ਨੂੰ ਮੁੱਖ ਰੱਖਦਿਆਂ ਲੰਬੇ ਸਮੇਂ ਤੋਂ ਇਸ ਮੁੱਦੇ ’ਤੇ ਸੰਘਰਸ਼ ਕਰ ਰਹੀਆਂ ਤਿੰਨ ਜਥੇਬੰਦੀਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀਪੀਐਫ ਕਰਮਚਾਰੀ ਯੂਨੀਅਨ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਆਗੂਆਂ ਗੁਰਤੇਜ ਖਹਿਰਾ ਅਤੇ ਕਰਨ ਜੈਨ ਨੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾਂ ਮੰਚ ਦੇ ਬੈਨਰ ਹੇਠ ਸਰਕਾਰ ਵਿਰੁੱਧ ਅੱਜ ਮੱਝ ਅੱਗੇ ਬੀਨ ਵਜਾ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦੇ ਆਪਣੇ ਚੋਣ ਵਾਅਦੇ ਤੋਂ ਭੱਜ ਗਈ ਹੈ ਤੇ ਚਾਰ ਸਾਲ ਬੀਤ ਜਾਣ ਬਾਅਦ ਵੀ ਆਪਣਾ ਹੀ ਪੁਰਾਣੀ ਪੈਨਸ਼ਨ ਬਹਾਲੀ ਦਾ 18 ਨਵੰਬਰ 2022 ਦਾ ਨੋਟੀਫਿਕੇਸ਼ਨ ਲਾਗੂ ਕਰਨ ਉਪਰੰਤ ਉਸਦਾ ਐਸ.ਓ.ਪੀ. ਲਾਗੂ ਕਰਨਾ ਭੁੱਲ ਗਈ ਹੈ। ਸਰਕਾਰ ਦੀ ਵਾਅਦਾ ਖਿਲਾਫੀ ਦੇ ਰੋਸ ਵੱਜੋਂ ਮੰਚ ਨੇ ਫੈਸਲੇ ਅਨੁਸਾਰ ਅੱਜ ਮਿਤੀ 01 ਜੂਨ ਨੂੰ ਮੁੱਖ ਮੰਤਰੀ ਦੇ ਪੋਸਟਰ ਅੱਗੇ ਬੀਨ ਵਜਾ ਕੇ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਫਰੀਦਕੋਟ ਦੇ ਆਗੂਆਂ ਨੇ ਦੱਸਿਆ ਕਿ ਸਰਕਾਰ ਹੁਣ ਮੁਲਾਜ਼ਮ ਮੰਗਾਂ ਨੂੰ ਅਣਗੋਲਿਆ ਤੇ ਲਗਾਤਾਰ ਅਣਡਿੱਠ ਕਰ ਰਹੀ ਹੈ, ਇਹ ਪਹਿਲੀ ਸਰਕਾਰ ਹੈ, ਜੋ ਮੁਲਾਜ਼ਮਾਂ ਦੇ ਹੱਕ ਵਿੱਚ ਖੜਨ ਦੀ ਬਜਾਏ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਖਿਲਾਫ ਕੋਰਟਾਂ ਵਿੱਚ ਜਾ ਜਾ ਕੇ ਲੰਬੇ ਸੰਘਰਸ਼ ਤੋਂ ਬਾਅਦ ਪ੍ਰਾਪਤ ਹੱਕ ਕੁਚਲ ਰਹੀ ਹੈ ਅਤੇ ਮੁਲਾਜ਼ਮਾਂ ਨਾਲ ਕੀਤੇ ਚੋਣ ਵਾਇਦੇ ਪੂਰੇ ਨਹੀਂ ਕੀਤੇ ਅਤੇ ਜੋ ਹੱਕ ਲੰਬੇ ਸਘੰਰਸ਼ਾਂ ਤੋਂ ਬਾਅਦ ਮੁਲਾਜ਼ਮਾਂ ਨੂੰ ਮਿਲੇ ਸਨ ਉਨ੍ਹਾਂ ਨੂੰ ਵੀ ਖੋਹਣ ਦੇ ਰਾਹ ਤੁਰ ਪਈ ਹੈ। ਜਨਰਲ ਸਕੱਤਰ ਧਰਮਿੰਦਰ ਸਿੰਘ ਅਤੇ ਗੁਰਪ੍ਰੀਤ ਔਲਖ ਨੇ ਦੱਸਿਆ ਕਿ 4 ਜੁਲਾਈ ਨੂੰ ਮੋਗਾ ਵਿਖੇ ਕਨਵੈਨਸ਼ਨ ਕੀਤੀ ਜਾਵੇਗੀ ਤੇ ਇਸ ਕਨਵੈਨਸ਼ਨ ਵਿੱਚ ਮੁੱਖ ਮੰਤਰੀ ਤੇ ਵਿੱਤ ਮੰਤਰੀ ਨੂੰ ਵਿਸ਼ੇਸ਼ ਸੱਦਾ ਦਿੱਤਾ ਜਾਵੇਗਾ ਤੇ ਉਹਨਾਂ ਦੀਆਂ ਕੁਰਸੀਆਂ ਵੀ ਲਗਾਈਆਂ ਜਾਣਗੀਆਂ ਤਾਂ ਕਿ ਉਹ ਮੁਲਾਜ਼ਮਾਂ ਦੇ ਭਖਦੇ ਮਸਲਿਆਂ ਤੇ ਆਪਣੇ ਵਿਚਾਰ ਸਾਂਝੇ ਕਰਨ ਜੇਕਰ ਮੁੱਖ ਮੰਤਰੀ ਇਸ ਕਨਵੈਨਸ਼ਨ ਵਿੱਚ ਨਾ ਆਏ ਤਾਂ 23 ਅਗਸਤ ਨੂੰ ਪਿੰਡ ਸਤੌਜ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵਲੋਂ ਮਹਾਰੈਲੀ ਕੀਤੀ ਜਾਵੇਗੀ ਜਿਸ ਸਬੰਧੀ ਕਰਮਚਾਰੀਆਂ ਨੇ ਆਪਣੀਆਂ ਬਲਾਕ ਪੱਧਰ ਤੋਂ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਤੋਂ ਗੁਰਵਿੰਦਰ ਸਿੰਘ ਵਿਰਕ, ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ, ਬਿਕਰਮ ਢਿੱਲੋਂ, ਜਤਿੰਦਰ ਕੁਮਾਰ, ਗਗਨ ਪਾਹਵਾ, ਮਨੀਸ਼ ਕੁਮਾਰ, ਦਿਲਬਾਗ ਢਿੱਲੋਂ, ਰਵੀ ਘਾਲੀ, ਤਰਸੇਮ ਬਜਾਜ, ਅਵਨੀਤ ਸਿੰਘ, ਕੁਲਦੀਪ ਸਿੰਘ, ਵੀਰ ਇੰਦਰਜੀਤ ਸਿੰਘ ਪੂਰੀ, ਜਸਵੰਤ ਕੌਰ, ਯਸ਼ ਪਾਲ, ਪ੍ਰੀਤ ਭਗਵਾਨ, ਹਰਪ੍ਰੀਤ ਸਿੰਘ, ਬਿੰਦਰ ਪਾਲ ਸਿੰਘ, ਧਰਮਿੰਦਰ ਸਿੰਘ, ਸੁੱਖਵਿੰਦਰ ਸਿੰਘ ਆਦਿ ਹਾਜ਼ਰ ਸਨ।

