ਸੱਤਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਜਾਣਕਾਰੀ ਦਿੱਤੀ
ਐਂਟਰੀ ਫ਼ਾਰਮ ਪ੍ਰਾਪਤ ਕਰਨ ਦੀ ਅੰਤਿਮ ਮਿਤੀ 31 ਜੁਲਾਈ

ਸੰਗਰੂਰ 19 ਜੁਲਾਈ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼)
ਲੋਕਾਂ ਦਾ ਸੋਚਣਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਸੁਰਿੰਦਰ ਪਾਲ ਉਪਲੀ, ਗੁਰਦੀਪ ਸਿੰਘ ਲਹਿਰਾ,ਮਾਸਟਰ ਗੁਰਜੰਟ ਸਿੰਘ ਤੇ ਮਨਧੀਰ ਸਿੰਘ ਆਧਾਰਿਤ ਤਰਕਸ਼ੀਲ ਟੀਮ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਭਾਵਾਲ ਵਿਖੇ ਇਕ ਸਿਖਿਆਦਾਇਕ , ਭਾਵਪੂਰਤ ਤਰਕਸ਼ੀਲ ਪਰੋਗਰਾਮ ਦਿੱਤਾ । ਲੈਕਚਰਾਰ ਸੁਪਿੰਦਰਜੀਤ ਕੌਰ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ, ਤਰਕਸ਼ੀਲਤਾ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਗੁਰਜੰਟ ਸਿੰਘ ਤੇ ਮਨਧੀਰ ਸਿੰਘ ਨੇ ਹਾਜ਼ਰੀਨ ਨੂੰ ਅੰਧਵਿਸ਼ਵਾਸ਼ਾਂ,ਵਹਿਮਾਂ ਭਰਮਾਂ, ਲਾਈਲਗਤਾ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ।ਉਨਾਂ ਕਿਹਾ ਕਿ ਵਿਗਿਆਨਕ ਚੇਤਨਾ ਤੇ ਨੈਤਿਕ ਕਦਰਾਂ ਕੀਮਤਾਂ ਅਪਣਾ ਕੇ ਆਪਣੀ ਸ਼ਖਸ਼ੀਅਤ ਨੂੰ ਵਿਕਸਤ ਕਰਨਾ ਚਾਹੀਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਹਿੰਮਤ ਲਗਨ ਲਗਾਤਾਰਤਾ ਦੇ ਨਾਲ ਕੀ,ਕਿਉਂ ਕਿਵੇਂ ਆਦਿ ਗੁਣ ਜਿਹੜੇ ਹਰ ਵਰਤਾਰੇ ਦੀ ਸਚਾਈ ਦੀ ਤਹਿ ਤੱਕ ਜਾਣ ਲਈ ਜਰੂਰੀ ਹੁੰਦੇ ਹਨ, ਅਪਨਾਉਣ ਦਾ ਸੱਦਾ ਦਿੱਤਾ। ਇਸ ਮੌਕੇ ਆਗੂਆਂ ਨੇ ਸੱਤਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਜਾਣਕਾਰੀ ਦਿੰਦਿਆਂ , ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ। ਆਗੂਆਂ ਦੱਸਿਆ ਕਿ ਇਸ ਪ੍ਰੀਖਿਆ ਵਿੱਚ 6ਵੀਂ ਤੋਂ 12ਵੀਂ ਤਕ ਦੇ ਵਿਦਿਆਰਥੀ ਪ੍ਰੀਖਿਆ ਵਿੱਚ ਸ਼ਾਮਲ ਹੋ ਸਕਦੇ ਹਨ। ਐਂਟਰੀ ਫ਼ਾਰਮ ਪ੍ਰਾਪਤ ਕਰਨ ਦੀ ਅੰਤਿਮ ਮਿਤੀ 31 ਜੁਲਾਈ ਹੈ ਤੇ ਪ੍ਰੀਖਿਆ 29 ਤੇ 31 ਅਗਸਤ ਨੂੰ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿੱਚ ਇਹ ਪ੍ਰੀਖਿਆ ਲਈ ਜਾਵੇਗੀ। ਸਕੂਲ ਆਪਣੀ ਮਰਜ਼ੀ ਮੁਤਾਬਿਕ ਕੋਈ ਇੱਕ ਮਿਤੀ ਚੁਣ ਸਕਦਾ ਹੈ।ਸਕੂਲ ਇੰਚਾਰਜ ਸ੍ਰੀ ਮਤੀ ਸੀਮਾ ਗੋਇਲ ਨੇ ਤਰਕਸ਼ੀਲ ਸੁਸਾਇਟੀ ਦੇ ਆਗੂਆਂ ਦਾ ਵਿਗਿਆਨਕ ਵਿਚਾਰਾਂ ਦਾ ਭਾਵਪੂਰਤ ਸੱਦਾ ਲੈ ਕੇ ਵਿਦਿਆਰਥੀਆਂ ਦੇ ਰੂ ਬ ਰੂ ਹੋਣ ਲਈ ਧੰਨਵਾਦ ਕਰਦਿਆਂ , ਵਿਗਿਆਨਕ ਸੋਚ ਅਪਨਾਉਣ ਵਾਲੀ ਇਸ ਪ੍ਰੀਖਿਆ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਆ। ਇਸ ਤਰਕਸ਼ੀਲ ਪ੍ਰੋਗਰਾਮ ਵਿੱਚ ਸਮੂਹ ਸਟਾਫ ਨੇ ਸ਼ਮੂਲੀਅਤ ਕੀਤੀ।