ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ 51 ਹਜ਼ਾਰ ਦਾ ਯੋਗਦਾਨ
ਕੋਟਕਪੂਰਾ, 16 ਸਤੰਬਰ (ਵਰਲਡ ਪੰਜਾਬੀ ਟਾਈਮਜ਼ )
ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਜ਼ਿਲ੍ਹਾ ਫਰੀਦਕੋਟ ਦੀ ਮਹੀਨਾਵਾਰ ਮੀਟਿੰਗ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਕੁਲਵੰਤ ਸਿੰਘ ਚਾਨੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ, ਪੈਨਸ਼ਨਰ ਆਗੂ ਅਸ਼ੋਕ ਕੌਸ਼ਲ, ਇਕਬਾਲ ਸਿੰਘ ਮੰਘੇੜਾ, ਸੋਮਨਾਥ ਅਰੋੜਾ, ਤਰਸੇਮ ਨਰੂਲਾ, ਗੁਰਚਰਨ ਸਿੰਘ ਮਾਨ ਅਤੇ ਸੁਖਚੈਨ ਸਿੰਘ ਥਾਂਦੇਵਾਲਾ ਨੇ ਪਿਛਲੇ ਦਿਨੀ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਸਦੀਵੀ ਵਿਛੋੜਾ ਦੇ ਗਏ ਵਿਅਕਤੀਆਂ, ਸੁਖਮੰਦਰ ਕੌਰ ਬਰਾੜ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫਸਰ ਫਰੀਦਕੋਟ, ਗੁਰਨਾਮ ਕੌਰ ਢਿੱਲੋਂ ਸੇਵਾਮੁਕਤ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਫਰੀਦਕੋਟ ਅਤੇ ਹੋਰ ਵੱਖ ਵੱਖ ਸ਼ਖਸੀਅਤਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ਕਿਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੀ ਅਪੀਲ ਤੇ ਲਗਭਗ 51000 ਰੁਪਏ ਦੀ ਰਾਸ਼ੀ ਇਕੱਤਰ ਹੋ ਗਈ ਹੈ। ਉਹਨਾਂ ਇਸ ਕਾਰਜ ਵਿੱਚ ਯੋਗਦਾਨ ਪਾਉਣ ਵਾਲੇ ਸਮੂਹ ਪੈਨਸ਼ਨਰਾਂ ਦਾ ਦਿਲੋਂ ਧੰਨਵਾਦ ਕੀਤਾ। ਉਹਨਾਂ ਅੱਗੇ ਦਸਿਆ ਕਿ ਇਹ ਰਾਸ਼ੀ 18 ਸਤੰਬਰ ਨੂੰ ਜਲੰਧਰ ਵਿਖੇ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਦੌਰਾਨ ਜਮਾਂ ਕਰਵਾ ਦਿੱਤੀ ਜਾਵੇਗੀ ਅਤੇ ਇਸ ਤੋਂ ਜਥੇਬੰਦੀ ਦੇ ਫੈਸਲੇ ਮੁਤਾਬਕ ਹੜ ਪੀੜਤਾਂ ਨੂੰ ਰਾਹਤ ਸਮੱਗਰੀ ਮੁਹਈਆ ਕਰ ਦਿੱਤੀ ਜਾਵੇਗੀ। ਆਗੂਆਂ ਨੇ ਅੱਗੇ ਦੱਸਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਕੱਲ੍ਹ ਮਿਤੀ 17 ਸਤੰਬਰ ਨੂੰ ਸਵੇਰੇ ਠੀਕ 10-30 ਵਜੇ ਹੜ੍ਹ ਪੀੜਤਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਉਣ ਲਈ ਮੁੱਖ ਮੰਤਰੀ ਪੰਜਾਬ ਦੇ ਨਾਂ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਕਿਰਤੀਆਂ ਦੇ ਹੱਕਾਂ ਲਈ ਲਗਾਤਾਰ ਸੰਘਰਸ਼ਸ਼ੀਲ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਕੌਮੀ ਕਾਨਫਰੰਸ ਦੇ ਮੌਕੇ 21 ਸਤੰਬਰ ਨੂੰ ਮੋਹਾਲੀ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਆਗੂਆਂ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਬਣੀ ਕੈਬਨਿਟ ਸਬ ਕਮੇਟੀ ਵੱਲੋਂ ਵਾਰ ਵਾਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਲੀਡਰਸ਼ਿਪ ਨੂੰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਮੁਲਤਵੀ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਅਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਲੋਕਾਂ ਨਾਲ ਕੀਤੇ ਗਏ ਬਹੁਤ ਸਾਰੇ ਵਾਅਦਿਆਂ ਤੋਂ ਸ਼ਰੇਆਮ ਮੁੱਕਰਨ ਦਾ ਦੋਸ਼ ਲਾਇਆਜਿਵੇਂ ਕਿ ਪੈਨਸ਼ਨਰਾਂ ਲਈ 2.59 ਦਾ ਗੁਣਾਕ ਲਾਗੂ ਕਰਨਾ, ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਸੋਧੇ ਤਨਖਾਹ ਸਕੇਲਾਂ ਦਾ ਬਣਦਾ ਬਕਾਇਆ ਯਕਮੁਸ਼ਤ ਨਾ ਦੇਣਾ, ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ ਚਾਰ ਕਿਸ਼ਤਾਂ ਨਾ ਦੇਣਾ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨਾ, ਮਾਨਯੋਗ ਅਦਾਲਤਾਂ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਕੀਤੇ ਗਏ ਫੈਸਲਿਆਂ ਨੂੰ ਜਨਰਲਾਈਜ਼ ਕਰਨ ਦੀ ਬਜਾਏ ਹੋਰ ਲਮਕਾਉਣਾ ਆਦਿ ਮੁੱਖ ਤੌਰ ਤੇ ਸ਼ਾਮਿਲ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਅਸ਼ੋਕ ਚਾਵਲਾ ਸੁਪਰਡੈਂਟ, ਜਸਵਿੰਦਰ ਸਿੰਘ ਬਰਾੜ, ਹਰਦੇਵ ਸਿੰਘ ਗਿੱਲ, ਜਸਪਾਲ ਸਿੰਘ, ਹਾਕਮ ਸਿੰਘ ਡੀਪੀਈ, ਮੇਜਰ ਸਿੰਘ ਡੀਪੀ ਈ, ਲੈਕਚਰਾਰ ਮੰਦਰ ਸਿੰਘ, ਮਦਨ ਲਾਲ ਸ਼ਰਮਾ ਸੰਧਵਾਂ, ਕੇਵਲ ਸਿੰਘ ਲੰਭਵਾਲੀ, ਬਿੱਕਰ ਸਿੰਘ ਗੋਂਦਾਰਾ, ਸੁਖਮੰਦਰ ਸਿੰਘ ਰਾਮਸਰ, ਗੁਰਦੀਪ ਭੋਲਾ ਪੀ.ਆਰ.ਟੀ.ਸੀ., ਜਗਸੀਰ ਸਿੰਘ, ਅੰਗਰੇਜ਼ ਸਿੰਘ ਪੰਜਾਬ ਪੁਲਿਸ, ਤੇ ਗੇਜ ਰਾਮ ਭੌਰਾ ਆਦਿ ਹਾਜ਼ਰ ਸਨ।