ਕੋਟਕਪੂਰਾ, 2 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਦਿਆਂ ਡੀ.ਸੀ.ਐੱਮ. ਇੰਟਰਨੈਸਨਲ ਸਕੂਲ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਸਕੂਲ ਮਾਪਿਆਂ ਅਤੇ ਇਲਾਕੇ ਦਾ ਮਾਣ ਵਧਾਇਆ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਗੁਡ ਮੋਰਨਿੰਗ ਵੈਲਫੇਅਰ ਕਲੱਬ ਵੱਲੋ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਵਿਦਿਆਰਥੀਆਂ ਨੂੰ ਸਮਾਗਮ ਦੌਰਾਨ ਵੱਖ-ਵੱਖ ਜਿਲਿਆਂ ਵਿੱਚੋਂ ਆਏ ਸਾਰੇ ਵਿਦਿਆਰਥੀਆਂ ਨੂੰ ਕੁਲਤਾਰ ਸਿੰਘ ਸੰਧਵਾ ਨੇ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ ਲਗਨ ਅਤੇ ਅਨੁਸ਼ਾਸਨ ਹੀ ਸਫਲਤਾ ਦੀ ਕੁੰਜੀ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਹੋਣਹਾਰ ਵਿਦਿਆਰਥੀ ਹੀ ਭਵਿੱਖ ਵਿੱਚ ਦੇਸ਼ ਅਤੇ ਸਮਾਜ ਦੀ ਅਗਵਾਈ ਕਰਨਗੇ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਚੰਗੇ ਸੰਸਕਾਰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ।
ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੀ ਇਸ ਪ੍ਰਾਪਤੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ। ਇਸ ਮੌਕੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਯਾਦਗਾਰੀ ਤੋਹਫ਼ੇ ਭੇਟ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ ਗਿਆ। ਸਮਾਗਮ ਦੇ ਅੰਤ ਵਿੱਚ ਸਕੂਲ ਪਰਿਵਾਰ ਨੇ ਕੁਲਤਾਰ ਸਿੰਘ ਸੰਧਵਾ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਉਤਸ਼ਾਹਿਤ ਕਰਨ ਦੀ ਆਸ ਪ੍ਰਗਟ ਕੀਤੀ।

