ਕੋਟਕਪੂਰਾ, 4 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਕਾਂਗਰਸ ਭਵਨ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਯੂਥ ਵਿਧਾਨ ਸਭਾ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ ਧਾਲੀਵਾਲ (ਹੈਪੀ ਰੋਮਾਣਾ) ਨੇ ਦਾਅਵਾ ਕੀਤਾ ਹੈ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਦਰਜ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀਂ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਸੂਬੇ ਵਿੱਚ ਸਿਆਸੀ ਬਦਲਾਅ ਚਾਹੁੰਦੇ ਹਨ। ਕੈਪਟਨ ਸੰਦੀਪ ਸਿੰਘ ਸੰਧੂ ਅਤੇ ਹੈਪੀ ਰੋਮਾਣਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣਾ ਮਨ ਬਣਾ ਲਿਆ ਹੈ ਤੇ ਉਹ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਸੂਬੇ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਸਾਰ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਖੁੱਲ੍ਹੇਆਮ ਚੱਲ ਰਿਹਾ ਹੈ ਤੇ ਨਸ਼ਿਆਂ ਦੀ ਲਪੇਟ ਵਿੱਚ ਆ ਕੇ ਰੋਜ਼ਾਨਾ ਨੌਜਵਾਨ ਆਪਣੀਆਂ ਜਾਨਾਂ ਗੁਆ ਰਹੇ ਹਨ। ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਸਬੰਧੀ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦੀ ਸਪਲਾਈ ਅਤੇ ਵਿਕਰੀ ਨੂੰ ਰੋਕਣ ਲਈ ਕੋਈ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਨਹੀਂ ਆ ਰਹੇ। ਨੌਜਵਾਨ ਕਿਸੇ ਵੀ ਸੂਬੇ ਦੀ ਤਾਕਤ ਅਤੇ ਭਵਿੱਖ ਹੁੰਦੇ ਹਨ ਪਰ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਤੇ ਬੇਰੁਜ਼ਗਾਰੀ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੀ ਹੈ। ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਆਵਾਜ਼ ਬੁਲੰਦ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਕੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ 2027 ਦੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਸੇਵਾ ਦਾ ਮੌਕਾ ਦੇਣਗੇ ਅਤੇ ਸੂਬੇ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਲਿਜਾਣਗੇ।

