ਕੋਟਕਪੂਰਾ, 19 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਲੋਕ ਸਭਾ ਚੋਣਾਂ ਨੇੜੇ ਆਉਣ ਨੂੰ ਲੈ ਕੇ ਮੁਲਾਜਮ ਜਥੇਬੰਦੀਆਂ ਖਾਸ ਤੌਰ ’ਤੇ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਮੁਲਾਜਮਾਂ ਨੇ 26 ਜਨਵਰੀ ਨੂੰ ਲੁਧਿਆਣੇ ਵੱਲ ਦਾ ਰੁਖ ਕਰ ਲਿਆ ਹੈ। ਐਨ.ਐਚ.ਐਮ. ਇੰਪਲਾਈਜ ਯੂਨੀਅਨ ਪੰਜਾਬ ਦੇ ਸੂਬਾ ਸਕੱਤਰ ਗੁਲਸ਼ਨ ਸ਼ਰਮਾਂ ਫਰੀਦਕੋਟ, ਸ਼੍ਰੀਮਤੀ ਤੇਜਿੰਦਰ ਕੌਰ ਅਤੇ ਸੰਦੀਪ ਸਿੰਘ ਆਦਿ ਨੇ ਦੱਸਿਆ ਕਿ ਸਿਹਤ ਵਿਭਾਗ ’ਚ ਯੋਗ ਪ੍ਰਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ 15-20 ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਲੀਡਰ ਸੱਤਾ ਦੇ ਨਸ਼ੇ ’ਚ ਆਪਣੇ ਵਾਅਦਿਆਂ ਤੋਂ ਨਜਰਾਂ ਫੇਰਦੇ ਨਜਰ ਆ ਰਹੇ ਹਨ। ਉਹਨਾਂ ਦੱਸਿਆ ਕਿ ਕਾਂਗਰਸ ਸਰਕਾਰ ਵੇਲੇ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਮੁਲਾਜਮਾ ਦੇ ਧਰਨਿਆਂ ’ਚ ਸ਼ਾਮਿਲ ਹੋ ਕੇ ਠੇਕਾ ਮੁਲਾਜਮਾਂ ਨੂੰ ਪੱਕੇ ਕਰਨ ਦੇ ਸਬਜਬਾਗ ਦਿਖਾਏ ਪਰ ਜਦ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਦੀ ਵਾਰੀ ਆਈ ਤਾਂ ਪਿਛਲੇ 2 ਸਾਲਾਂ ਦੌਰਾਨ ਕੀਤੀਆਂ ਲਗਭਗ 22-23 ਦੇ ਕਰੀਬ ਮੀਟਿੰਗਾਂ ਵਿੱਚ ਵੀ ਕੋਈ ਹੱਲ ਨਹੀਂ ਕੀਤਾ ਗਿਆ ਅਤੇ ਮੀਟਿੰਗਾਂ ਦੌਰਾਨ ਬੱਸ ਲਾਰਿਆਂ ਦੀ ਪੰਡ ਤੋਂ ਸਿਵਾ ਕੁਝ ਵੀ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਆਪਣੇ ਭਵਿੱਖ ਅਤੇ ਹੋਂਦ ਨੂੰ ਬਚਾਉਣ ਲਈ ਸਿਹਤ ਵਿਭਾਗ ਦੀ ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ ਯੂਨੀਅਨ ਗਣਤੰਤਰ ਦਿਵਸ ਦੇ ਮੌਕੇ ’ਤੇ 26 ਜਨਵਰੀ ਨੂੰ ਲੁਧਿਆਣੇ ਵਿਖੇ ਹੋ ਰਹੇ ਸੂਬਾ ਪੱਧਰੀ ਸਮਾਗਮ ਮੌਕੇ ਇਸ ਸਰਕਾਰ ਦੀ ਪੋਲ ਖੋਲ ਰੈਲੀ ਕਰੇਗੀ।