ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਲੱਗੇਗਾ ਕੈਂਪ, ਲੋੜਵੰਦ ਬਜ਼ੁਰਗ ਵੱਧ ਤੋਂ ਵੱਧ ਲਾਭ ਉਠਾਉਣ – ਅਰਸ਼ ਸੱਚਰ
ਫ਼ਰੀਦਕੋਟ, 19 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਪੰਜਾਬ ਦੇ ਟਰੇਡ ਵਿੰਗ ਦੇ ਸਟੇਟ ਵਾਈਸ ਪ੍ਰੈਜ਼ੀਡੈਂਟ ਅਤੇ ਸਮਾਜ ਸੇਵੀ ਅਰਸ਼ ਸੱਚਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਲਿਮਕੋ ਦੇ ਸਹਿਯੋਗ ਨਾਲ 27 ਨਵੰਬਰ 2026, ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਰੈੱਡ ਕਰਾਸ ਭਵਨ, ਸਾਦਿਕ ਚੌਂਕ, ਫ਼ਰੀਦਕੋਟ ਵਿਖੇ ਸੀਨੀਅਰ ਸਿਟੀਜ਼ਨਾਂ ਲਈ ਬਿਲਕੁਲ ਮੁਫ਼ਤ ਸੁਣਨ ਵਾਲੀਆਂ ਮਸ਼ੀਨਾਂ ਦਾ ਵਿਸ਼ੇਸ਼ ਸੇਵਾ ਕੈਂਪ ਲਗਾਇਆ ਜਾ ਰਿਹਾ ਹੈ। ਅਰਸ਼ ਸੱਚਰ ਨੇ ਸਪੱਸ਼ਟ ਕੀਤਾ ਕਿ ਇਹ ਕੈਂਪ ਪੂਰੀ ਤਰ੍ਹਾਂ ਮੁਫ਼ਤ ਹੈ ਅਤੇ ਲੋੜਵੰਦ ਬਜ਼ੁਰਗਾਂ ਤੋਂ ਕਿਸੇ ਵੀ ਤਰ੍ਹਾਂ ਦੀ ਕੋਈ ਫੀਸ ਜਾਂ ਪੈਸਾ ਨਹੀਂ ਲਿਆ ਜਾਵੇਗਾ। ਇਸ ਉਪਰਾਲੇ ਦਾ ਮੁੱਖ ਉਦੇਸ਼ ਸੁਣਨ ਦੀ ਸਮੱਸਿਆ ਨਾਲ ਜੂਝ ਰਹੇ ਬਜ਼ੁਰਗਾਂ ਨੂੰ ਸਹਾਇਤਾ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਹੈ। ਉਨ੍ਹਾਂ ਸਮੂਹ ਪਿੰਡਾਂ ਦੇ ਸਰਪੰਚ ਸਾਹਿਬਾਨ, ਪੰਚਾਇਤ ਮੈਂਬਰਾਂ, ਸਮਾਜ ਸੇਵੀ ਸੰਸਥਾਵਾਂ ਅਤੇ ਜਾਗਰੂਕ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਦੇ ਲੋੜਵੰਦ ਬਜ਼ੁਰਗਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਫਾਰਮ ਸਬੰਧਤ ਸਰਪੰਚ ਤੋਂ ਤਸਦੀਕ ਕਰਵਾ ਕੇ ਭੇਜਣ। ਇਸ ਦੇ ਨਾਲ ਹੀ ਕੈਂਪ ਵਿੱਚ ਆਉਣ ਵਾਲੇ ਵਿਅਕਤੀਆਂ ਦੀ ਗਿਣਤੀ ਪਹਿਲਾਂ ਹੀ ਸਾਂਝੀ ਕੀਤੀ ਜਾਵੇ, ਤਾਂ ਜੋ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾ ਸਕਣ। ਅਰਸ਼ ਸੱਚਰ ਨੇ ਕਿਹਾ ਕਿ “ਸਾਡਾ ਮਕਸਦ ਹੈ ਕਿ ਆਰਥਿਕ ਤੰਗੀ ਕਾਰਨ ਕੋਈ ਵੀ ਲੋੜਵੰਦ ਬਜ਼ੁਰਗ ਸੁਣਨ ਦੀ ਸਹੂਲਤ ਤੋਂ ਵਾਂਝਾ ਨਾ ਰਹੇ। ਬਜ਼ੁਰਗਾਂ ਦੀ ਸੇਵਾ ਕਰਨਾ ਸਾਡੀ ਸਮਾਜਿਕ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣਾ ਹੀ ਸਾਡੀ ਸਭ ਤੋਂ ਵੱਡੀ ਪ੍ਰਾਪਤੀ ਹੈ। ਉਨ੍ਹਾਂ ਐਲਿਮਕੋ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਲੋਕ ਭਲਾਈ ਦੇ ਉਪਰਾਲੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੁੰਦੇ ਹਨ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੁਫ਼ਤ ਕੈਂਪ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਈ ਜਾਵੇ, ਤਾਂ ਜੋ ਹਰ ਯੋਗ ਅਤੇ ਲੋੜਵੰਦ ਬਜ਼ੁਰਗ ਤੱਕ ਇਸ ਸੇਵਾ ਦਾ ਲਾਭ ਪਹੁੰਚ ਸਕੇ। ਕੈਂਪ ਸਬੰਧੀ ਜਾਣਕਾਰੀ, ਫਾਰਮ ਅਤੇ ਤਾਲਮੇਲ ਲਈ ਮੋਬਾਈਲ ਨੰਬਰ 7780007878 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

