ਫਰੀਦਕੋਟ, 24 ਮਾਰਚ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਵੈੱਲਫੇਅਰ ਸੁਸਾਇਟੀ ਪਿੰਡ ਢੀਮਾਂਵਾਲੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਮਾਜਸੇਵਾ ਦੇ ਕੰਮ ਕੀਤੇ ਜਾ ਰਹੇ ਹਨ। ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ਹੁਣ ਇੱਕ ਨਵਾਂ ਉੁਪਰਾਲਾ ਕੀਤਾ ਗਿਆ ਹੈ ਕਿ ਪਿੰਡ ਦੇ ਕਿਸੇ ਵੀ ਵਿਅਕਤੀ ਦੀ ਵਿਆਹ ਦੀ ਵਰ੍ਹੇਗੰਢ ਜਾਂ ਜਨਮ ਦਿਨ ਜਾਂ ਕੋਈ ਹੋਰ ਪ੍ਰੋਗਰਾਮ ਹੋਣ ’ਤੇ ਸੁਸਾਇਟੀ ਵਲੋਂ ਉਸ ਨੂੰ 5 ਫਲਦਾਰ ਬੂਟੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਉਪਰਾਲਾ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਕੀਤਾ ਗਿਆ ਹੈ ਅਤੇ ਇਹ 5 ਫਲਦਾਰ ਬੂਟੇ ਲੈਣ ਲਈ ਕੋਈ ਵੀ ਵਿਅਕਤੀ ਸੁਸਾਇਟੀ ਨਾਲ ਸੰਪਰਕ ਕਰ ਸਕਦਾ ਹੈ। ਇਸ ਦੀ ਸ਼ੁਰੂਆਤ ਕਰਦਿਆਂ ਅੱਜ ਪਿੰਡ ਦੇ ਸਾਬਕਾ ਪੰਚ ਮਨਜੀਤ ਸਿੰਘ ਢਿੱਲੋਂ ਦੀ ਵਿਆਹ ਦੀ 50ਵੀ ਵਰ੍ਹੇਗੰਢ ਮੌਕੇ ਉਹਨਾਂ ਨੂੰ 5 ਫਲਦਾਰ ਬੂਟੇ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦੀ ਪਿੰਡ ਵਾਸੀਆਂ ਵਲੋਂ ਸ਼ਾਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੁਸਾਇਟੀ ਵਲੋਂ ਲਗਾਤਾਰ ਲੋੜਵੰਦਾਂ ਦੀ ਮੱਦਦ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਕੂਲੀ ਵਿਦਿਆਰਥੀ ਜੋ ਪੜ੍ਹਾਈ ਵਿੱਚ ਹੁਸ਼ਿਆਰ ਹਨ ਅਤੇ ਚੰਗੀਆਂ ਪੁਜੀਸ਼ਨਾਂ ਹਾਸਲ ਕਰਦੇ ਹਨ ਅਤੇ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਮੇਂ-ਸਮੇਂ ’ਤੇ ਸੁਸਾਇਟੀ ਵਲੋਂ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਇਹ ਕਾਰਜ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਹੋਰਨਾ ਤੋਂ ਇਲਾਵਾ ਪ੍ਰਧਾਨ ਜਸਵਿੰਦਰ ਸਿੰਘ, ਬਾਬਾ ਨਿਰਮਲ ਸਿੰਘ, ਸਾਬਕਾ ਸਰਪੰਚ ਹਰੀ ਸਿੰਘ, ਸਾਬਕਾ ਸਰਪੰਚ ਗੁਰਮੇਲ ਸਿੰਘ ਖਾਲਸਾ, ਸਾਬਕਾ ਸਰਪੰਚ ਗੁਰਪਿਆਰ ਸਿੰਘ, ਹਾਕਮ ਸਿੰਘ ਫੌਜੀ, ਬੇਅੰਤ ਸਿੰਘ, ਸਤਪਾਲ ਸਿੰਘ ਫੌਜੀ, ਪ੍ਰਧਾਨ ਅਵਤਾਰ ਸਿੰਘ, ਮਹਿੰਦਰ ਸਿੰਘ ਆਦਿ ਵੀ ਹਾਜਰ ਸਨ।
