ਕੋਟਕਪੂਰਾ, 7 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਠਿੰਡਾ ਰੋਡ ਕੋਟਕਪੂਰਾ ਤੋਂ ਬਾਬਾ ਜੋਧ ਸਿੰਘ ਸ਼ਹੀਦ ਵਾਲੀ ਲਗਭਗ 70 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਮਹੱਤਵਪੂਰਨ ਸੜਕ ਦਾ ਨੀਂਹ ਪੱਥਰ 9 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ 11:00 ਵਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰੱਖਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀਆਰਓ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਅਤੇ ਆੜ੍ਹਤੀ ਐਸੋਸੀਏਸ਼ਨ ਕੋਟਕਪੂਰਾ ਦੇ ਪ੍ਰਧਾਨ ਉਮੇਸ਼ ਕੁਮਾਰ ਗਰਗ ਨੇ ਦੱਸਿਆ ਕਿ ਇਸ ਸੜਕ ਦੀ ਮੰਗ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਸੀ, ਜੋ ਹੁਣ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੜਕ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਜਲਦ ਹੀ ਇਸ ਨੂੰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਤਿਆਰ ਹੋਣ ਨਾਲ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਠਿੰਡਾ ਰੋਡ ਅਤੇ ਮੋਗਾ ਰੋਡ ਵਿਚਕਾਰ ਬਿਹਤਰ ਕੁਨੈਕਟੀਵਿਟੀ ਸਥਾਪਿਤ ਹੋਵੇਗੀ, ਜਿਸ ਨਾਲ ਆਵਾਜਾਈ ਹੋਰ ਵੀ ਸੁਗਮ ਬਣੇਗੀ। ਆੜ੍ਹਤੀ ਐਸੋਸੀਏਸ਼ਨ ਅਤੇ ਸਥਾਨਕ ਵਾਸੀਆਂ ਨੇ ਇਸ ਉਪਰਾਲੇ ਲਈ ਸਪੀਕਰ ਸੰਧਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਵਿਕਾਸ ਕਾਰਜ ਇਲਾਕੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਵਪਾਰ, ਖੇਤੀਬਾੜੀ ਅਤੇ ਆਰਥਿਕ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਇਹ ਉਪਰਾਲੇ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਦੇ ਨਾਲ-ਨਾਲ ਇਲਾਕੇ ਦੀ ਆਰਥਿਕ ਮਜ਼ਬੂਤੀ ਵਿੱਚ ਵੀ ਯੋਗਦਾਨ ਪਾ ਰਹੇ ਹਨ।
