ਵਪਾਰੀ ਵਰਗ ਪੰਜਾਬ ਦੀ ਆਰਥਿਕ ਤਰੱਕੀ ਦੀ ਰੀੜ੍ਹ ਦੀ ਹੱਡੀ : ਸੰਧਵਾਂ
ਕੋਟਕਪੂਰਾ, 10 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਸੂਬਾ ਚੇਅਰਪਰਸਨ, ਵਾਈਸ-ਚੇਅਰਪਰਸਨ, ਜ਼ਿਲ੍ਹਾ ਵਪਾਰੀ ਕਮਿਸ਼ਨਾਂ ਦੇ ਚੇਅਰਪਰਸਨਾਂ ਅਤੇ ਮੈਂਬਰਾਂ ਦੀ ਨਿਯੁਕਤੀ ਹੋਣ ’ਤੇ ਸਭ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸਪੀਕਰ ਸੰਧਵਾਂ ਨੇ ਕਿਹਾ ਕਿ ਵਪਾਰੀ ਵਰਗ ਪੰਜਾਬ ਦੀ ਆਰਥਿਕ ਤਰੱਕੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਸੂਬਾ ਸਰਕਾਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਸਮੇਂ-ਸਿਰ ਹੱਲ ਕਰਨ ਅਤੇ ਉਨ੍ਹਾਂ ਨੂੰ ਸੁਖਦਾਇਕ ਵਪਾਰਕ ਮਾਹੌਲ ਪ੍ਰਦਾਨ ਕਰਨ ਲਈ ਕਈ ਲੋਕ-ਹਿੱਤਕਾਰੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਪਾਰੀ ਕਮਿਸ਼ਨ ਵਪਾਰੀਆਂ ਅਤੇ ਸਰਕਾਰ ਦਰਮਿਆਨ ਇੱਕ ਮਜ਼ਬੂਤ ਪੁਲ ਵਜੋਂ ਕੰਮ ਕਰੇਗਾ। ਉਨ੍ਹਾਂ ਖ਼ਾਸ ਤੌਰ ’ਤੇ ਕੋਟਕਪੂਰਾ ਤੋਂ ਟਕਸਾਲੀ ਆਗੂ ਸ਼੍ਰੀ ਨਰੇਸ਼ ਸਿੰਗਲਾ ਨੂੰ ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਫਰੀਦਕੋਟ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਸਿੱਧੂ (ਗੋਪਾਲ ਕਿਸ਼ਨ) ਤੇ ਰਵਿੰਦਰ ਗੋਇਲ ਨੂੰ ਮੈਂਬਰ ਟਰੇਡ ਕਮਿਸ਼ਨ ਨਿਯੁਕਤ ਹੋਣ ’ਤੇ ਦਿਲੋਂ ਵਧਾਈ ਦਿੱਤੀ। ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਨਿਯੁਕਤੀਆਂ ਵਪਾਰੀ ਭਾਈਚਾਰੇ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਨਗੀਆਂ। ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਚੇਅਰਪਰਸਨ ਅਤੇ ਮੈਂਬਰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਭਾਵ ਨਾਲ ਨਿਭਾਉਣਗੇ ਅਤੇ ਵਪਾਰੀ ਵਰਗ ਦੇ ਹੱਕਾਂ ਦੀ ਰਾਖੀ ਦੇ ਨਾਲ-ਨਾਲ ਵਪਾਰਕ ਸਰਲਤਾ, ਨਵੀਂ ਨੀਤੀਆਂ ਅਤੇ ਵਿਕਾਸੀ ਪਹਲਕਦਮੀਆਂ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਵਪਾਰੀਆਂ ਨੂੰ ਪਾਰਦਰਸ਼ੀ ਪ੍ਰਣਾਲੀ, ਸਹੂਲਤਾਂ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਹੈ ਤਾਂ ਜੋ ਪੰਜਾਬ ਨੂੰ ਵਪਾਰ ਅਤੇ ਉਦਯੋਗ ਦਾ ਅਗੇਤਰ ਸੂਬਾ ਬਣਾਇਆ ਜਾ ਸਕੇ। ਇਸ ਮੌਕੇ ਹੋਰਨਾ ਤੋਂ ਇਲਾਵਾ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ, ਗੁਰਪ੍ਰੀਤ ਸਿੰਘ ਗੈਰੀ ਵੜਿੰਗ ਹਲਕਾ ਸੰਗਠਨ ਇੰਚਾਰਜ ਕੋਟਕਪੂਰਾ, ਸਾਧੂ ਰਾਮ ਕੁਸਲਾ ਓ.ਐਸ.ਡੀ. ਸਪੀਕਰ ਸੰਧਵਾਂ, ਪਿ੍ਰੰਸ ਅਰੋੜਾ (ਬਿੱਲਾ) ਵੀ ਹਾਜ਼ਰ ਸਨ।

