ਫਰੀਦਕੋਟ, 24 ਅਪੈ੍ਰਲ (ਵਰਲਡ ਪੰਜਾਬੀ ਟਾਈਮਜ਼)
ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਸਿਬੀਆਂ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕਿਸਾਨੀ ਮਸਲਿਆਂ ਤੋਂ ਇਲਾਵਾ ਪਾਰਲੀਮੈਂਟ ਚੋਣਾਂ ਵਿੱਚ ਕਿਸਾਨ ਜਥੇਬੰਦੀਆਂ ਦੀ ਰੋਲ ਸਬੰਧੀ ਕਿਸਾਨ ਸੰਯੁਕਤ ਮੋਰਚੇ ਵੱਲੋਂ ਭਾਜਪਾ ਉਮੀਦਵਾਰਾਂ ਦਾ ਮੁਕੰਮਲ ਬਾਈਕਾਟ ਕਰਨ ਦੇ ਸੱਦੇ ’ਤੇ ਸਹਿਮਤੀ ਪ੍ਰਗਟ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਪਿੰਡਾਂ ਵਿੱਚ ਮੁਕੰਮਲ ਬਾਈਕਾਟ ਕੀਤਾ ਜਾਵੇਗਾ। ਇਸ ਸਬੰਧੀ ਪਿੰਡਾਂ ਦੇ ਮੇਨ ਰਸਤਿਆਂ ’ਤੇ ਭਾਜਪਾ ਉਮੀਦਵਾਰ ਦੇ ਦਾਖਲੇ ਦੀ ਮਨਾਹੀ ਨੂੰ ਦਰਸਾਉਂਦੇ ਫਲੈਕਸ ਬੋਰਡ ਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਦੀ ਅਗਵਾਈ ਵਿੱਚ ਭਾਜਪਾ ਉਮੀਦਵਾਰ ਦੇ ਪਿੰਡ ਸਿਬੀਆਂ ਵਿੱਚ ਐਂਟਰੀ ਦੀ ਮਨਾਹੀ ਨੂੰ ਦਰਸਾਉਂਦੇ ਫੈਲਕਸ ਬੋਰਡ ਲਾਏ ਜਾ ਚੁੱਕੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਜੇਕਰ ਇਸ ਦੇ ਬਾਵਜੂਦ ਉਮੀਦਵਾਰ ਇਸ ਦੀ ਉਲੰਘਣਾ ਕਰਦਾ ਹੈ ਤਾਂ ਪਿੰਡਾਂ ਦੇ ਕਿਸਾਨਾਂ ਵੱਲੋ ਕਿਸਾਨ ਯੂਨੀਅਨਾਂ ਦੀ ਅਗਵਾਈ ‘ਚ ਉਨ੍ਹਾਂ ਦਾ ਸਖਤ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਇਕਾਈ ਪ੍ਰਧਾਨ ਗੁਰਦਰਸ਼ਨ ਸਿੰਘ ਬਰਾੜ ਸਮੇਤ ਉਕਤ ਇਕਾਈ ਦੇ ਸਮੂਹ ਅਹੁਦੇਦਾਰ ਤੇ ਮੈਂਬਰ ਵੀ ਹਾਜ਼ਰ ਸਨ।