ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਦੇ ਹੱਕ ਵਿੱਚ ਕੀਤਾ ਹਫਤਾਵਾਰੀ ਮੁਜ਼ਾਹਰਾ
ਸਰੀ, 17 ਮਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼)
ਸਤਿਕਾਰ ਕਮੇਟੀ ਕਨੇਡਾ ਵੱਲੋਂ ਸਰੀ ਵਿਖੇ ਦੇ 88 ਐਵੀਨਿਊ ਅਤੇ ਕਿੰਗ ਜਾਰਜ ਸਟਰੀਟ ਦੇ ਇੰਟਰਸੈਕਸ਼ਨ ‘ਤੇ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਸੰਘਰਸ਼ ਦੀ ਹਮਾਇਤ ਹਫਤਾਵਾਰੀ ਮੁਜ਼ਾਹਰਾ ਕੀਤਾ ਗਿਆ ਅਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਮੁਨਕਰ ਹੋਈ ਭਾਰਤ ਸਰਕਾਰ ਦੀ ਨਿਖੇਧੀ ਕੀਤੀ ਗਈ। ਕਮੇਟੀ ਆਗੂਆਂ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਪਾਰਲੀਮੈਂਟ ਦੀ ਚੋਣ ਲੜ ਰਹੇ ਭਾਈ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਦਿਆਂ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਜਿੱਤ ਦੁਆ ਕੇ ਪਾਰਲੀਮੈਂਟ ਵਿਚ ਸਿੱਖਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇ।
ਸਤਿਕਾਰ ਕਮੇਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਸੇਖੋਂ ਨੇ ਇਸ ਮੌਕੇ ਸੰਬਧਨ ਕਰਦਿਆਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਚੋਣ ਮੈਦਾਨ ਵਿਚ ਆਉਣ ਨਾਲ ਖਡੂਰ ਸਾਹਿਬ ਹਲਕੇ ਵਿਚ ਸਖਤ ਮੁਕਾਬਲਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਵਿਚ ਉਨ੍ਹਾਂ ਦੀ ਹਮਾਇਤ ਲਈ ਭਾਰੀ ਉਤਸ਼ਾਹ ਹੈ। ਸ. ਸੇਖੋ ਨੇ ਭਾਰਤ ਸਰਕਾਰ ਦੋਹਰੇ ਮਾਪਦੰਡ ਅਪਨਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ 30-35 ਸਾਲ ਤੋਂ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਦੂਜੇ ਪਾਸੇ ਬਲਤਾਕਾਰੀਆਂ ਅਤੇ ਕਾਤਲਾਂ ਨੂੰ 5-5 ਵਾਰ ਪਰੋਲ ਦਿੱਤੀ ਜਾ ਰਹੀ ਹੈ।
ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਸਤਿਕਾਰ ਕਮੇਟੀ ਆਗੂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਕਿਸਾਨ ਜਥੇਬੰਦੀ ਅਤੇ ਮਜ਼ਦੂਰ ਜਥੇਬੰਦੀਆਂ ਸ਼ੰਭੂ ਘਨੌਰੀ ਬਾਰਡਰ ‘ਤੇ ਧਰਨੇ ਉਪਰ ਬੈਠੀਆਂ ਹੋਈਆਂ ਹਨ ਪਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਬਜਾਏ ਉਹਨਾਂ ਨੂੰ ਜ਼ਲੀਲ ਕਰ ਰਹੀ ਹੈ ਅਤੇ ਡਾਂਗਾਂ ਸੋਟੀਆਂ ਨਾਲ ਉਹਨਾਂ ‘ਤੇ ਤਸ਼ੱਦਦ ਕਰ ਰਹੀ ਹੈ। ਉਹਨਾਂ ਪੰਜਾਬ ਸਰਕਾਰ ਵੱਲੋਂ ਵੀ ਕਿਸਾਨਾਂ ਦੀ ਬਾਂਹ ਨਾ ਫੜਨ ਦੀ ਸਖਤ ਨਿੰਦਿਆ ਕੀਤੀ। ਉਨ੍ਹਾਂ ਕਿਹਾ ਕਿ ਸਤਿਕਾਰ ਕਮੇਟੀ ਕਨੇਡਾ ਅਤੇ ਬਾਹਰ ਬੈਠੇ ਪੰਜਾਬੀ ਕਿਸਾਨਾਂ, ਮਜ਼ਦੂਰਾਂ ਦੇ ਸੰਘਰਸ਼ ਦਾ ਪੂਰੀ ਤਰ੍ਹਾਂ ਸਮਰਥਨ ਕਰਦੇ ਹਨ ਅਤੇ 2020 ਵਿਚ ਵਿਦੇਸ਼ਾਂ ਵਿਚ ਬੈਠੇ ਪੰਜਾਬੀਆਂ ਨੇ ਤਨ, ਮਨ ਅਤੇ ਧਨ ਨਾਲ ਪੰਜਾਬ ਦੇ ਕਿਸਾਨੀ ਸੰਘਰਸ਼ ਵਿਚ ਆਪਣਾ ਯੋਗਦਾਨ ਪਾਇਆ ਸੀ ਅਤੇ ਹੁਣ ਵੀ ਬਾਹਰ ਬੈਠੇ ਪੰਜਾਬੀ ਕਿਸਾਨੀ ਸੰਘਰਸ਼ ਦੇ ਨਾਲ ਖੜ੍ਹੇ ਹਨ ਅਤੇ ਉਦੋਂ ਤੱਕ ਸਾਥ ਦਿੰਦੇ ਰਹਿਣਗੇ ਜਦੋਂ ਤੱਕ ਕਿਸਾਨਾਂ, ਮਜ਼ਦੂਰਾਂ ਨੂੰ ਭਾਰਤ ਸਰਕਾਰ ਵੱਲੋਂ ਇਨਸਾਫ ਨਹੀਂ ਮਿਲਦਾ।