ਲੁਧਿਆਣਾ 13 ਅਗਸਤ (ਅੰਜੂ ਅਮਨਦੀਪ ਗਰੋਵਰ/ਵਰਲਡ ਪੰਜਾਬੀ ਟਾਈਮਜ਼)
ਪਰਵਾਸੀ ਸਾਹਿਤ ਅਧਿਐਨ ਕੇਂਦਰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਤ੍ਰੈ ਮਾਸਿਕ ਪੱਤ੍ਰਿਕਾ ਪਰਵਾਸ ਦਾ ਵਿਸ਼ਵ ਪੰਜਾਬੀ ਭਵਨ ਬਰੈਂਪਟਨ ਅੰਕ ਲੋਕ ਅਰਪਨ ਕੀਤਾ ਗਿਆ। ਇਸ ਲੋਕ ਅਰਪਨ ਪ੍ਰੋਗਰਾਮ ਵਿਚ ਇਟਲੀ ਵੱਸਦੇ ਲੇਖਕ ਦਲਜਿੰਦਰ ਰਹਿਲ, ਸੰਚਾਲਕ, ਸਾਹਿਤ ਸੁਰ ਸੰਗਮ ਸਭਾ ਇਟਲੀ ਅਤੇ ਉਨ੍ਹਾਂ ਦੀ ਜੀਵਨ ਸਾਥਣ ਸੁਨੀਤਾ ਰਹਿਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਸ. ਪ. ਸਿੰਘ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਤੇ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਇਸ ਮੌਕੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਅਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੀ ਵਿਸ਼ਵ ਪੰਜਾਬੀ ਭਵਨ ਨਾਲ ਅਤੇ ਵੱਖ ਵੱਖ ਮੁਲਕਾਂ ਦੀਆਂ ਹੋਰ ਸਾਹਿਤ ਸਭਾਵਾਂ ਨਾਲ ਆਪਸੀ ਸਾਂਝ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਭਾਸ਼ਾ ਤੇ ਸਾਹਿਤ ਨਾਲ ਪਿਆਰ ਕਰਨ ਵਾਲੇ ਹਰ ਪੰਜਾਬੀ ਨੂੰ ਇਸ ਗੱਲ ਦੀ ਖ਼ੁਸ਼ੀ ਹੈ ਕਿ ਵਿਦੇਸ਼ਾਂ ਵਿਚ ਪੰਜਾਬੀ ਭਾਈਚਾਰੇ ਦੇ ਲੋਕ ਆਪਣੀ ਬੋਲੀ ਅਤੇ ਸਾਹਿਤ ਪ੍ਰਤੀ ਸੁਹਿਰਦਤਾ ਨਾਲ ਯਤਨਸ਼ੀਲ ਹਨ। ਉਨ੍ਹਾਂ ਨੇ ਵਿਸ਼ਵ ਪੰਜਾਬੀ ਭਵਨ ਬਰੈਂਪਟਨ ਦੀ ਸਥਾਪਤੀ ਤੋਂ ਲੈ ਕੇ ਹੁਣ ਤੱਕ ਦੀਆਂ ਸਰਗਰਮੀਆਂ ਵੀ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ। ਦਲਜਿੰਦਰ ਰਹਿਲ ਨੇ ਇਸ ਮੌਕੇ ਯੂਰਪ ਦੀਆਂ ਸਾਹਿਤਕ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੇ ਤਹਿ ਦਿਲ ਤੋਂ ਧੰਨਵਾਦੀ ਹਾਂ ਜਿਨ੍ਹਾਂ ਨੇ ਵਿਸ਼ਵ ਭਰ ਵਿਚ ਵੱਸਦੇ ਪੰਜਾਬੀ ਲੇਖਕਾਂ ਤੇ ਉਨ੍ਹਾਂ ਦੀਆਂ ਰਚਨਾਵਾਂ ਦਾ ਗੰਭੀਰਤਾ ਨਾਲ ਨੋਟਿਸ ਲਿਆ ਹੈ। ਉਨ੍ਹਾਂ ਨੇ ਪਿਛਲੇ ਦਿਨੀਂ ਲੈਸਟਰ ਯੂ.ਕੇ. ਵਿਚ ਸਿੱਖ ਕੌਂਸਲ ਵਲੋਂ ਕਰਵਾਈ ਗਈ ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਕੀਤੀ ਆਪਣੀ ਸ਼ਿਰਕਤ ਬਾਰੇ ਵੀ ਅਨੁਭਵ ਸਾਂਝੇ ਕੀਤੇ।
ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਸ਼ਰਨਜੀਤ ਕੌਰ ਨੇ ਦੱਸਿਆ ਕਿ ਇਹ ਅੰਕ 16-17-18 ਅਗਸਤ 2024 ਨੂੰ ਡਾ. ਦਲਬੀਰ ਸਿੰਘ ਕਥੂਰੀਆ ਅਤੇ ਉਨ੍ਹਾਂ ਦੀ ਪ੍ਰਬੰਧਕੀ ਟੀਮ ਵਲੋਂ ਬਰੈਂਪਟਨ ਵਿਚ ਲੋਕ ਅਰਪਨ ਕੀਤਾ ਜਾਵੇਗਾ।
ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਨੇ ਰਸਮੀ ਤੌਰ ’ਤੇ ਸਭ ਦਾ ਧੰਨਵਾਦ ਕਰਦੇ ਹੋਏ ਪੰਜਾਬੀ ਵਿਭਾਗ ਅਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਨੂੰ ਇਸ ਅੰਕ ਦੇ ਲੋਕ ਅਰਪਨ ਦੀ ਵਧਾਈ ਦਿੱਤੀ ਅਤੇ ਡਾ. ਦਲਬੀਰ ਸਿੰਘ ਕਥੂਰੀਆ ਦਾ ਸਹਿਯੋਗ ਕਰਨ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਹੋਏ ਸੰਵਾਦ ਵਿਚ ਸ. ਹਰਸ਼ਰਨ ਸਿੰਘ ਨਰੂਲਾ ਆਨਰੇਰੀ ਜਨਰਲ ਸਕੱਤਰ, ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਤੇ ਕੌਂਸਲ ਦੇ ਮੈਂਬਰ ਸ. ਸੰਦੀਪ ਸਿੰਘ ਨਰੂਲਾ, ਪ੍ਰੋ. ਮਨਜੀਤ ਸਿੰਘ ਛਾਬੜਾ, ਡਾਇਰੈਕਟਰ ਜੀ. ਜੀ. ਜੀ. ਐਨ. ਆਈ. ਐਮ. ਟੀ., ਪੰਜਾਬੀ ਵਿਭਾਗ ਦੇ ਡਾ. ਗੁਰਪ੍ਰੀਤ ਸਿੰਘ, ਅੰਗਰੇਜ਼ੀ ਵਿਭਾਗ ਦੇ ਡਾ. ਹਰਗੁਣਜੋਤ ਕੌਰ, ਡਾ. ਮਨਦੀਪ ਕੌਰ, ਅਤੇ ਪਰਵਾਸ ਮੈਗਜ਼ੀਨ ਦੇ ਤਕਨੀਕੀ ਸਹਿ ਸੰਪਾਦਕ ਰਾਜਿੰਦਰ ਸਿੰਘ ਸੰਧੂ ਵੀ ਹਾਜ਼ਰ ਰਹੇ। ਪ੍ਰੋਗਰਾਮ ਦਾ ਸੰਚਾਲਨ ਡਾ. ਤੇਜਿੰਦਰ ਕੌਰ ਕੋਆਰਡੀਨੇਟਰ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ ਕੀਤਾ ਗਿਆ।