ਮੁੱਖ ਮੰਤਰੀ ਪੰਜਾਬ ਦੀ ਵਾਅਦਾ ਖਿਲਾਫੀ ਦੇ ਰੋਸ ਵਜੋਂ 18 ਅਗਸਤ ਨੂੰ ਬਰਨਾਲਾ ਰੈਲੀ ਤੇ ਮੁਜਾਹਰੇ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਕੀਤਾ ਫੈਸਲਾ
ਫਰੀਦਕੋਟ ,14 ਅਗਸਤ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ ਚੰਡੀਗੜ੍ਹ ਜ਼ਿਲ੍ਹਾ ਇਕਾਈ ਫਰੀਦਕੋਟ ਦੀ ਮਹੀਨਾਵਾਰ ਮੀਟਿੰਗ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਪੁਰਾਣਾ ਕਿਲਾ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਪੈਨਸ਼ਨਰ ਆਗੂ ਅਸ਼ੋਕ ਕੌਸ਼ਲ, ਜਨਰਲ ਸਕੱਤਰ ਇਕਬਾਲ ਸਿੰਘ ਮੰਘੇੜਾ, ਵਿੱਤ ਸਕੱਤਰ ਸੋਮ ਨਾਥ ਅਰੋੜਾ,ਜਸਵਿੰਦਰ ਸਿੰਘ ਬਰਾੜ, ਮਦਨ ਲਾਲ ਸ਼ਰਮਾ ਤੇ ਤਰਸੇਮ ਨਰੂਲਾ ਨੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ‘ਤੇ ਦੋਸ਼ ਲਾਇਆ ਹੈ ਕਿ ਮੁਲਾਜ਼ਮਾ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਨਜ਼ਰਅੰਦਾਜ਼ ਕਰਨ ਦੇ ਮਨੋਰਥ ਨਾਲ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਨਾਲ ਮੀਟਿੰਗਾਂ ਤੈਅ ਕਰਕੇ ਵਾਰ ਵਾਰ ਮੁਲਤਵੀ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁੰਨਾਂਕ ਲਾਗੂ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ 12 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਤਿੰਨ ਕਿਸਤਾਂ ਤੁਰੰਤ ਦਿੱਤੀਆਂ ਜਾਣ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਬਹਾਲ ਕੀਤੀ ਜਾਵੇ, ਸਮੂਹ ਕੱਚੇ, ਠੇਕਾ ਆਧਾਰ ਅਤੇ ਆਊਟ ਸੋਰਸਾ ਮੁਲਾਜ਼ਮਾਂ ਅਤੇ ਪਿਕਟਸ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਮਾਨਯੋਗ ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਫੈਸਲੇ ਲਾਗੂ ਕੀਤੇ ਜਾਣ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ 18 ਅਗਸਤ ਦਿਨ ਐਤਵਾਰ ਨੂੰ ਮਾਲਵਾ ਦੇ ਜਿਲਿਆਂ ਵੱਲੋਂ ਬਰਨਾਲਾ ਵਿਖੇ ਕੀਤੀ ਜਾ ਰਹੀ ਰੈਲੀ ਤੇ ਮੁਜਾਹਰੇ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਪੰਜਾਬ ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਨਾਲ 22 ਅਗਸਤ ਨੂੰ ਚੰਡੀਗੜ੍ਹ ਵਿਖੇ ਤੈਅ ਕੀਤੀ ਗਈ ਮੀਟਿੰਗ ਵਿੱਚ ਸਾਰੇ ਮਸਲੇ ਹੱਲ ਕੀਤੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਗੁਰਚਰਨ ਸਿੰਘ ਮਾਨ, ਗੇਜ ਰਾਮ ਭੌਰਾ, ਸੁਖਮੰਦਰ ਸਿੰਘ ਰਾਮਸਰ, ਗੁਲਵੰਤ ਸਿੰਘ ਔਲਖ, ਰਮੇਸ਼ਵਰ ਸਿੰਘ ਸੁਪਰਡੈਂਟ, ਹਰਦੇਵ ਸਿੰਘ ਗਿੱਲ, ਜਸਪਾਲ ਸਿੰਘ, ਸੁਸ਼ੀਲ ਕੌਸ਼ਲ, ਨਛੱਤਰ ਸਿੰਘ ਮੱਤਾ, ਮਲਕੀਤ ਸਿੰਘ ਢਿੱਲਵਾਂ ਕਲਾਂ, ਮੇਜਰ ਸਿੰਘ, ਹਰਦੀਪ ਸਿੰਘ ਤੇ ਵਿਨੋਦ ਕੁਮਾਰ ਲੈਕਚਰਾਰ ਆਦਿ ਸ਼ਾਮਲ ਸਨ।