ਮੁੱਖ ਮੰਤਰੀ ਪੰਜਾਬ ਦਾ ਲੋਕ ਵਿਰੋਧੀ ਚਿਹਰਾ ਲੋਕਾਂ ਦੀ ਕਚਹਿਰੀ ਵਿੱਚ ਹੋਇਆ ਸ਼ਰੇਆਮ ਨੰਗਾ
ਆਮ ਆਦਮੀ ਪਾਰਟੀ ਨੂੰ ਪੰਜਾਬ ਦੀਆਂ ਚਾਰ ਜਿਮਨੀ ਚੋਣਾਂ ਵਿੱਚ ਸਬਕ ਸਿਖਾਉਣ ਅਤੇ ਹਰਾਉਣ ਦਾ ਕੀਤਾ ਐਲਾਨ
ਕੋਟਕਪੂਰਾ, 23 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਪੈਨਸ਼ਨਰਜ਼ ਯੂਨੀਅਨ (ਸਬੰਧਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ) ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ਹੈ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਨਾਲ ਮੁੱਖ ਮੰਤਰੀ ਪੰਜਾਬ ਦੀ 22 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮੀਟਿੰਗ ਮੁੱਖ ਮੰਤਰੀ ਪੰਜਾਬ ਦੇ ਦਫਤਰ ਵੱਲੋਂ ਨਾ ਕੇਵਲ ਮੁਲਤਵੀ ਕੀਤੀ ਗਈ ਹੈ, ਸਗੋਂ 12 ਸਤੰਬਰ ਨੂੰ ਮੀਟਿੰਗ ਦੀ ਨਵੀਂ ਮਿਤੀ ਤੈਅ ਕਰਨ ਸਬੰਧੀ ਭੇਜੇ ਗਏ ਲਿਖਤੀ ਪੱਤਰ ਵਿੱਚ ਸਪਸ਼ਟ ਤੌਰ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਗੱਲਬਾਤ ਵਿੱਚ ਸ਼ਾਮਿਲ ਹੋਣ ਤੋਂ ਵੀ ਭਗੌੜੇ ਹੋ ਗਏ ਹਨ ਅਤੇ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਕਰਨ ਦਾ ਸੱਦਾ ਪੱਤਰ ਭੇਜ ਦਿੱਤਾ ਗਿਆ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਭਰੋਸੇ ਯੋਗਤਾ ਦਿਨੋ ਦਿਨ ਖਤਮ ਹੋ ਰਹੀ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਲਗਭਗ ਢਾਈ ਸਾਲਾਂ ਦੇ ਰਾਜਭਾਗ ਦੌਰਾਨ ਹੀ ਗਰਾਫ ਬੁਰੀ ਤਰ੍ਹਾਂ ਡਿੱਗ ਚੁੱਕਿਆ ਹੈ। ਸੰਘਰਸ਼ੀਲ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਲੋਕ ਅਕਸਰ ਹੀ ਇਹ ਨਾਅਰਾ ਬੁਲੰਦ ਕਰਦੇ ਹਨ ਕਿ ਜਿਹੜਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਖਿਹਾ, ਉਹਦਾ ਕੱਖ ਨਾ ਰਿਹਾ, ਜਿਹੜਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਖਹੂ ਉਸ ਦਾ ਕੱਖ ਨਾ ਰਹੂ’ ਹੁਕਮਰਾਨ ਪੰਜਾਬ ਸਰਕਾਰ ਤੋਂ ਦੁਖੀ ਹੋਏ ਮੁਲਾਜ਼ਮ ਅਤੇ ਪੈਨਸ਼ਨਰ ਆਉਣ ਵਾਲੇ ਸਮੇਂ ਵਿੱਚ ਇਸ ਨਾਅਰੇ ਨੂੰ ਸਾਕਾਰ ਕਰਨ ਲਈ ਆਪਣੀ ਅਹਿਮ ਭੂਮਿਕਾ ਨਿਭਾਉਣਗੇ। ਉਹਨਾਂ ਕਿਹਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਇਸ ਵਾਅਦਾ ਖਿਲਾਫੀ ਦੇ ਰੋਸ ਵਜੋਂ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ 22-23 ਅਤੇ 24 ਅਗਸਤ ਨੂੰ ਝੂਠਾਂ ਤੇ ਲਾਰਿਆਂ ਦੀ ਪੰਡ ਫੂਕਣ ਦੇ ਐਕਸ਼ਨ ਪ੍ਰੋਗਰਾਮ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਨਾਲ ਜੁੜੇ ਹੋਏ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਉਨਾ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ 1 ਜੁਲਾਈ ਨੂੰ ਫਗਵਾੜਾ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਮੁਲਾਜ਼ਮ ਅਤੇ ਸਾਂਝਾ ਫਰੰਟ ਦੀ ਸੂਬਾਈ ਲੀਡਰਸ਼ਿਪ ਦੇ ਅੱਖਾਂ ਵਿੱਚ ਘੱਟਾ ਪਾ ਕੇ ਜਲੰਧਰ ਪੱਛਮੀ ਜਿਮਨੀ ਚੋਣ ਜਿੱਤ ਲਈ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਪੰਜਾਬ ਵਿੱਚ ਬਰਨਾਲਾ, ਚੱਬੇਵਾਲ, ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਦੀਆਂ ਆ ਰਹੀਆਂ ਚਾਰ ਜਿਮਨੀ ਚੋਣਾਂ ਵਿੱਚ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰਜ਼ ਘਰਾਂ ਵਿੱਚ ਟਿਕ ਕੇ ਨਹੀਂ ਬੈਠਣਗੇ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਲੋਕ ਸਭਾ ਚੋਣ ਨਤੀਜਿਆਂ ਵਾਂਗ ਚੰਗਾ ਸਬਕ ਸਿਖਾਉਣਗੇ ਤੇ ਹਰਾਉਣਗੇ। ਆਗੂਆਂ ਨੇ ਅੱਗੇ ਦੱਸਿਆ ਕਿ ਸੰਘਰਸ਼ ਦੇ ਅਗਲੇ ਪ੍ਰੋਗਰਾਮ ਦੀ ਰੂਪ ਰੇਖਾ ਉਲੀਕਣ ਲਈ ਪੰਜਾਬ ਪੈਨਸ਼ਨਰਜ ਯੂਨੀਅਨ ਦੀ ਸੂਬਾ ਕਾਰਜਕਾਰਨੀ ਕਮੇਟੀ, ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦੀ ਸਾਂਝੀ ਮੀਟਿੰਗ 23 ਅਗਸਤ ਨੂੰ ਸਵੇਰੇ 11:00 ਵਜੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਨੇੜੇ ਬੱਸ ਸਟੈਂਡ ਜਲੰਧਰ ਵਿਖੇ ਹੋਵੇਗੀ।