ਕੋਟਕਪੂਰਾ, 7 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ ਦੇ ਬਲਾਕ ਪ੍ਰਧਾਨ ਸੰਜੀਵ ਕੁਮਾਰ ਕਾਲੜਾ ਨੇ ਕਿਹਾ ਹੈ ਕਿ ਲੋਕਾਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਵੱਡਾ ਕਦਮ ਪੁੱਟਦਿਆਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024 ਵਿਧਾਨ ਸਭਾ ਵਿੱਚ ਪਾਸ ਕੀਤੇ ਜਾਣ ਨਾਲ 500 ਗਜ ਤੱਕ ਦੇ ਪਲਾਟਾਂ ਲਈ ਰਜਿਸਟਰੀ ਵਾਸਤੇ ਐਨ.ਓ.ਸੀ. ਦੀ ਸ਼ਰਤ ਖਤਮ ਕੀਤੀ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਸਮੁੱਚੀ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਇਸ ਫੈਸਲੇ ਨਾਲ ਹੁਣ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਖੱਜਲ ਨਹੀਂ ਹੋਣਾ ਪਵੇਗਾ।
