ਲੋਕਾਂ ਨੂੰ ਪੰਚਾਇਤੀ ਚੋਣਾਂ ਦੌਰਾਨ ਆਪਸੀ ਭਾਈਚਾਰਾ ਤੇ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਕੋਟਕਪੂਰਾ, 29 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਸਮੂਹ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਨ ਅਤੇ ਚੋਣਾਂ ਦੌਰਾਨ ਆਪਸੀ ਭਾਈਚਾਰਾ ਤੇ ਸਾਂਝ ਨੂੰ ਪੂਰੀ ਤਰ੍ਹਾਂ ਕਾਇਮ ਰੱਖਣ। ਉਹਨਾਂ ਕਿਹਾ ਕਿ ਸਾਨੂੰ ਵੋਟਾਂ ਦੌਰਾਨ ਕਿਸੇ ਤਰ੍ਹਾਂ ਦੀ ਵੀ ਨਫਰਤ ਜਾਂ ਈਰਖਾ ਨਾਲ ਕੰਮ ਨਹੀਂ ਕਰਨਾ ਚਾਹੀਦਾ ਸਗੋਂ ਇਕੱਠੇ ਹੋ ਕੇ ਪਿੰਡਾਂ ਦੇ ਵਿਕਾਸ ਲਈ ਹਮਲਾ ਮਾਰਨਾ ਚਾਹੀਦਾ ਹੈ ਤੇ ਆਪਣੇ ਪਿੰਡ ਦੀ ਪੰਚਾਇਤ ਸਰਬਸੰਮਤੀ ਨਾਲ ਚੁਨਣੀ ਚਾਹੀਦੀ ਹੈ। ਕੁਲਤਾਰ ਸਿੰਘ ਸੰਧਵਾਂ ਨੇ ਅੱਗੇ ਕਿਹਾ ਕਿ ਉਹ ਸਮੁੱਚੇ ਕੋਟਕਪੂਰਾ ਹਲਕੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਆਪਣੀਆਂ ਪੰਚਾਇਤਾਂ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਸਰਬ ਸੰਮਤੀ ਨਾਲ ਚੁਣਨ ਅਜਿਹੀਆਂ ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਵਿਕਾਸ ਕਾਰਜਾਂ ਲਈ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਉਹ ਆਪਣੇ ਹਲਕੇ ਦੀਆਂ ਉਹਨਾਂ ਪੰਚਾਇਤਾਂ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਵਾਧੂ ਵਿਕਾਸ ਕਾਰਜਾਂ ਲਈ ਦੇਣਗੇ ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸਮੁੱਚੇ ਵਿਕਾਸ ਲਈ ਸਿਰ ਤੋੜ ਯਤਨ ਕਰ ਰਹੀ ਹੈ ਤੇ ਪੰਚਾਇਤੀ ਚੋਣਾਂ ਉਪਰੰਤ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਅਤੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਗਏ ਹਨ ।ਉਹਨਾਂ ਹਲਕੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਸਰਬ ਸੰਮਤੀ ਨਾਲ ਵੱਧ ਤੋਂ ਵੱਧ ਪੰਚਾਇਤਾਂ ਚੁਨਣ ਅਤੇ 10 ਲੱਖ ਰੁਪਏ ਵਿਕਾਸ ਕਾਰਜਾਂ ਲਈ ਪ੍ਰਾਪਤ ਕਰਨ। Lਉਨ੍ਹਾਂ ਕਿਹਾ ਕਿ ਸਮੁੱਚਾ ਕੋਟਕਪੂਰਾ ਹਲਕਾ ਉਨ੍ਹਾਂ ਦਾ ਪਰਿਵਾਰ ਹੈ ਤੇ ਹਲਕੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀ ਆਉਣ ਦਿੱਤੀ ਜਾਵੇਗੀ।

