ਇਨਸਾਫ ਮਿਲਣ ‘ਤੇ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ
ਕੋਟਕਪੂਰਾ, 30 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਸੰਧਵਾਂ ਵਿਖੇ ਸੂਬੇ ਭਰ ਤੋਂ ਆਏ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਵਿਧਾਨਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਰੋਸ ਜਤਾਇਆ ਅਤੇ ਉਨਾਂ ਦੇ ਖੋਏ ਜਾ ਰਹੇ ਰੁਜ਼ਗਾਰ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਹਾਈਕੋਰਟ ਦੀ ਹਦਾਇਤਾਂ ਦੇ ਮੁਤਾਬਕ ਨਵੇਂ ਭਰਤੀ ਕੀਤੇ ਗਏ 1091 ਸਹਾਇਕ ਪ੍ਰੋਫੈਸਰਾਂ ਨੂੰ ਸਰਕਾਰੀ ਕਾਲਜਾਂ ਵਿੱਚ ਖਾਲੀ ਪੋਸਟਾਂ ਅਤੇ ਗੈਸਟ ਫੈਕਲਟੀ ਦੀਆਂ ਪੋਸਟਾਂ ‘ਤੇ ਜੋਇਨ ਕਰਵਾਇਆ ਜਾ ਰਿਹਾ ਹੈ, ਜਿਸ ਦੇ ਨਾਲ ਉਹਨਾਂ ਨੂੰ ਕਾਲਜਾਂ ਤੋਂ ਬਾਹਰ ਕੀਤਾ ਜਾਵੇਗਾ, ਜਿਸ ਨੂੰ ਉਹ ਕਿਸੇ ਵੀ ਕੀਮਤ ‘ਤੇ ਸਹਿਨ ਨਹੀਂ ਕਰਨਗੇ। ਪਿਛਲੀ ਚੰਨੀ ਸਰਕਾਰ ਦੇ ਕਾਰਜਕਾਲ ਦੇ ਦੌਰਾਨ ਸੂਬਾ ਸਰਕਾਰ ਨੇ ਸਰਕਾਰੀ ਕਾਲਜਾਂ ਲਈ 1091 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸ਼ੁਰੂ ਕੀਤੀ ਸੀ, ਜਿਸ ਨੂੰ ਲੈ ਕੇ ਗੈਸਟ ਫੈਕਲਟੀਜ ਵੱਲੋਂ ਰੋਸ ਜਤਾਇਆ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਭਰਤੀ ਪ੍ਰਕਿਰਿਆ ‘ਤੇ ਰੋਕ ਲਾ ਦਿੱਤੀ ਸੀ ਅਤੇ ਕੁਝ ਦਿਨ ਪਹਿਲਾਂ ਹੀ ਹਾਈਕੋਰਟ ਨੇ ਇਸ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਨਾ ਸਹਾਇਕ ਪ੍ਰੋਫੈਸਰਾਂ ਨੂੰ ਬੜੀ ਤੇਜ਼ੀ ਦੇ ਨਾਲ ਸਰਕਾਰੀ ਕਾਲਜਾਂ ਵਿੱਚ ਡਿਊਟੀ ਜੁਆਇਨ ਕਰਵਾਈ। ਇਹਨਾਂ ਦੇ ਜੁਆਇਨਨਿੰਗ ਲੈਟਰ ਦੇ ਵਿੱਚ ਕਿਹਾ ਗਿਆ ਹੈ ਕਿ ਉਨਾਂ ਨੂੰ ਸਰਕਾਰੀ ਕਾਲਜਾਂ ਵਿੱਚ ਖਾਲੀ ਪੋਸਟਾਂ ਅਤੇ ਗੈਸਟ ਫੈਕਲਟੀ ਦੀਆਂ ਪੋਸਟਾਂ ਨੂੰ ਖਾਲੀ ਮੰਨ ਕੇ ਜੁਆਇਨ ਕਰਵਾਇਆ ਜਾਵੇ, ਜਿਸ ਨੂੰ ਲੈ ਕੇ ਸੂਬੇ ਭਰ ਦੇ ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ ਤਕਰੀਬਨ 843 ਗੈਸਟ ਫੈਕਲਟੀ ਪ੍ਰੋਫੈਸਰਾਂ ਵਿੱਚ ਰੋਸ਼ ਪਾਇਆ ਜਾ ਰਿਹਾ ਹੈ ਅਤੇ ਉਨਾਂ ਸਰਕਾਰ ਖਿਲਾਫ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਗੈਸਟ ਫੈਕਲਟੀ ਪ੍ਰੋਫੈਸਰਾਂ ਦੇ ਆਗੂਆਂ ਨੇ ਕਿਹਾ ਕਿ ਉਹ ਪਿਛਲੇ 10 ਤੋਂ 15 ਸਾਲਾਂ ਤੋਂ ਸਰਕਾਰੀ ਕਾਲਜਾਂ ਵਿੱਚ ਬਹੁਤ ਘੱਟ ਤਨਖਾਵਾਂ ‘ਤੇ ਆਪਣੀਆਂ ਸੇਵਾਵਾਂ ਦੇ ਰਹੇ ਹਨ, ਇਸ ਦੇ ਬਾਵਜੂਦ ਸਰਕਾਰ ਵੱਲੋਂ ਉਨਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੇ ਸਮੇਂ ਉਹਨਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਉਹ ਸਰਕਾਰ ਬਣਨ ਤੋਂ ਬਾਅਦ ਉਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨਗੇ ਪਰ ਉਲਟਾ ਉਨਾਂ ਤੋਂ ਹੁਣ ਰੁਜ਼ਗਾਰ ਖੋਹਣ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਉਨਾਂ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜਦੋਂ ਤੱਕ ਉਹਨਾਂ ਨੂੰ ਇਨਸਾਫ ਨਹੀਂ ਮਿਲਦਾ ਉਹ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਰਹਿਣਗੇ।